JALANDHAR WEATHER

ਸੋਹਾਣਾ ਵਿਖੇ ਸ੍ਰੀ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਆਇਆ ਸਾਹਮਣੇ

ਐੱਸ. ਏ. ਐੱਸ. ਨਗਰ, 6 ਮਈ (ਕਪਿਲ ਵਧਵਾ)- ਮੁਹਾਲੀ ਦੇ ਸੋਹਾਣਾ ਇਲਾਕੇ ਵਿਚ ਸ੍ਰੀ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਇਲਾਕੇ ਵਿਚ ਤਣਾਅ ਅਤੇ ਸਿੱਖ ਸੰਗਤ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਮਾਤਾ ਸੁੰਦਰ ਕੌਰ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਵਲੋਂ ਸ੍ਰੀ ਗੁਟਕਾ ਸਾਹਿਬ ਦੇ ਅੰਗ ਬਿਖਰੇ ਹੋਏ ਦੇਖੇ ਗਏ, ਜਿਸ ਤੋਂ ਬਾਅਦ ਇਹ ਜਾਣਕਾਰੀ ਤੁਰੰਤ ਸਥਾਨਕ ਸੰਗਤ ਅਤੇ ਪੁਲਿਸ ਨੂੰ ਦਿੱਤੀ ਗਈ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਵੱਡੀ ਗਿਣਤੀ ਵਿਚ ਸਿੱਖ ਸੰਗਤ ਮੌਕੇ ’ਤੇ ਇਕੱਠੀ ਹੋਣੀ ਸ਼ੁਰੂ ਹੋ ਗਈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਇਹ ਘਟਨਾ ਕਿਸੇ ਸ਼ਰਾਰਤੀ ਅਨਸਰ ਵਲੋਂ ਮਾਹੌਲ ਖਰਾਬ ਕਰਨ ਦੀ ਸਾਜ਼ਿਸ਼ ਤਹਿਤ ਕੀਤੀ ਗਈ ਹੋ ਸਕਦੀ ਹੈ। ਲੋਕਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਕੇ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ।

ਉਧਰ ਮੌਕੇ ’ਤੇ ਪੁੱਜੇ ਡੀ. ਐਸ. ਪੀ. ਸਿਟੀ-2 ਵਲੋਂ ਸੰਗਤ ਨੂੰ ਭਰੋਸਾ ਦਿਵਾਇਆ ਗਿਆ ਕਿ ਪੁਲਿਸ ਵਲੋਂ ਮਾਮਲੇ ਦੀ ਹਰ ਪੱਖੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਵੀ ਵਿਅਕਤੀ ਇਸ ਘਟਨਾ ਲਈ ਜ਼ਿੰਮੇਵਾਰ ਹੋਵੇਗਾ, ਉਸ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਵਲੋਂ ਆਸ-ਪਾਸ ਦੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਖੰਗਾਲਣ ਦੀ ਵੀ ਕਾਰਵਾਈ ਸ਼ੁਰੂ ਕੀਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ