'ਸਤਿਕਾਰ ਸੋਧ ਐਕਟ' ਨੂੰ ਲੈ ਕੇ ਸ੍ਰੀ ਹਰਿਮੰਦਰ ਸਾਹਿਬ ਤੇ ਅਕਾਲ ਤਖਤ ਸਾਹਿਬ ਦੇ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ
ਅੰਮ੍ਰਿਤਸਰ, 12 ਮਈ (ਜਸਵੰਤ ਸਿੰਘ ਜੱਸ)- ਪੰਜਾਬ ਸਰਕਾਰ ਵਲੋਂ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026' ਦੇ ਸਬੰਧ ਵਿਚ ਸਿੱਖ ਕੌਮ ਵਲੋਂ ਕੀਤੇ ਜਾ ਰਹੇ ਇਤਰਾਜ਼ਾਂ ਨੂੰ ਲੈ ਕੇ ਅੱਜ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਤੇ ਸਮੂਹ ਸਿੰਘ ਸਾਹਿਬਾਨ, ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਤੇ ਵਧੀਕ ਮੁੱਖ ਗ੍ਰੰਥੀ ਸਾਹਿਬਾਨ ਨੇ ਵਿਸ਼ੇਸ਼ ਇਕੱਤਰਤਾ ਕਰਕੇ ਇਸ 'ਤੇ ਗੰਭੀਰ ਵਿਚਾਰ ਵਟਾਂਦਰਾ ਕੀਤਾ।
ਇਸ ਮਗਰੋਂ ਮੀਡੀਆ ਨੂੰ ਜਾਰੀ ਕੀਤੇ ਗਏ ਬਿਆਨ ਰਾਹੀਂ ਸਮੂਹ ਸਿੰਘ ਸਾਹਿਬਾਨ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਸੁਝਾਅ ਦਿੱਤਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਹਰ ਦੋਸ਼ੀ, ਪਾਪੀ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦੇਣ ਦਾ ਕਾਨੂੰਨ ਬਿਨਾਂ ਸ਼ੱਕ ਕੌਮ ਦੇ ਹੱਕ ਵਿਚ ਹੈ, ਪਰੰਤੂ ਇਸ ਦੇ ਨਾਲ ਹੀ ਸਿੱਖ ਕੌਮ ਦੀਆਂ ਮਹਾਨ ਸੰਸਥਾਵਾਂ ਅਤੇ ਗ੍ਰੰਥੀ ਸਿੰਘਾਂ, ਗੁਰਦੁਆਰਾ ਕਮੇਟੀਆਂ ਅਤੇ ਸੰਗਤਾਂ ਨੂੰ ਬੇਅਦਬੀ ਦੇ ਅਪਰਾਧ ਤੋਂ ਇਲਾਵਾ ਮਰਯਾਦਾ ਸਬੰਧੀ ਮਾਮਲਿਆਂ 'ਚ ਕਾਨੂੰਨੀ ਦਾਇਰੇ ਵਿਚ ਲਿਆਉਣਾ ਅਤੀ ਇਤਰਾਜ਼ਯੋਗ ਹੈ।
ਸਿੰਘ ਸਾਹਿਬਾਨ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਨੂੰ ਇਸ ਸੰਜੀਦਾ ਮਸਲੇ 'ਤੇ ਵਿਚਾਰ-ਮੰਥਨ ਦਾ ਸੁਝਾਅ ਦਿੰਦਿਆਂ ਕਿਹਾ ਕਿ ਸਿੱਖ ਭਾਵਨਾਵਾਂ ਅਨੁਸਾਰ ਕਾਨੂੰਨ ਵਿਚ ਸੋਧਾਂ ਕਰਨੀਆਂ ਕੌਮ ਦੇ ਭਲੇ ਵਿਚ ਹੈ, ਜਿਸ 'ਤੇ ਸਰਕਾਰ ਨੂੰ ਅੜੀ ਨਹੀਂ ਕਰਨੀ ਚਾਹੀਦੀ। ਸਿੰਘ ਸਾਹਿਬਾਨ ਨੇ ਪੂਰੀ ਕੌਮ ਦੇ ਗ੍ਰੰਥੀ ਸਿੰਘਾਂ ਵੱਲੋਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾਦਾਰ ਧਿਰ ਗ੍ਰੰਥੀ ਸਿੰਘ ਕੌਮ ਦੀ ਰੀੜ੍ਹ ਦੀ ਹੱਡੀ ਵਾਂਗ ਹਨ, ਜਿਨ੍ਹਾਂ ਨੂੰ ਕਿਸੇ ਵੀ ਕਾਨੂੰਨ ਨਾਲ ਭੈਅ-ਭੀਤ ਨਹੀਂ ਕਰਨਾ ਚਾਹੀਦਾ, ਸਗੋਂ ਅਜਿਹਾ ਕਾਨੂੰਨ ਹੋਣਾ ਚਾਹੀਦਾ ਹੈ ਜਿਸ ਨੂੰ ਪ੍ਰਚਾਰਨ ਅਤੇ ਪਾਲਣਾ ਲਈ ਗ੍ਰੰਥੀ ਸਿੰਘ ਸਾਹਿਬਾਨ ਇਸ ਦੀ ਪ੍ਰੋੜ੍ਹਤਾ ਕਰਨ। ਇਸ ਲਈ ਮੁੱਖ ਮੰਤਰੀ ਤੁਰੰਤ ਇਸ ਕਾਨੂੰਨ ਵਿਚੋਂ ਗ੍ਰੰਥੀ ਸ਼੍ਰੇਣੀ, ਸਿੱਖ ਸੰਸਥਾਵਾਂ, ਗੁਰਦੁਆਰਾ ਕਮੇਟੀਆਂ ਅਤੇ ਸੰਗਤਾਂ ਦੇ ਵਿਰੁੱਧ ਜਾਂਦੀਆਂ ਮੱਦਾਂ ਖ਼ਤਮ ਕਰਨ ਦੀ ਪਹਿਲਕਦਮੀ ਕਰਨ।
ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ, ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ, ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ, ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ, ਸਿੰਘ ਸਾਹਿਬ ਗਿਆਨੀ ਕੇਵਲ ਸਿੰਘ, ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮੁਖ ਸਿੰਘ, ਐਡੀਸ਼ਨਲ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਮੌਜੂਦ ਸਨ।
;
;
;
;
;
;
;
;
;