ਕੇਜਰੀਵਾਲ ਸੰਬੰਧੀ ਕਥਿਤ ਆਬਕਾਰੀ ਕੇਸ ਤੋਂ ਹਟੇ ਜੱਜ ਸਵਰਨ ਕਾਂਤਾ ਸ਼ਰਮਾ
ਨਵੀਂ ਦਿੱਲੀ, 14 ਮਈ - ਕਥਿਤ ਆਬਕਾਰੀ ਕੇਸ ਤੋਂ ਆਖ਼ਰਕਾਰ ਜੱਜ ਸਵਰਨ ਕਾਂਤਾ ਸ਼ਰਮਾ ਨੇ ਖ਼ੁਦ ਨੂੰ ਵੱਖ ਕਰ ਲਿਆ ਹੈ। ਆਮ ਆਦਮੀ ਪਾਰਟੀ ਨੇ ਜੱਜ ਸਵਰਨ ਕਾਂਤਾ ਸ਼ਰਮਾ ਦੇ ਆਬਕਾਰੀ ਕੇਸ ਤੋਂ ਵੱਖ ਹੋਣ ਦੇ ਫੈਸਲੇ ਨੂੰ ਅਰਵਿੰਦ ਕੇਜਰੀਵਾਲ ਦੀ ਵੱਡੀ ਜਿੱਤ ਦੱਸਿਆ ਹੈ। "ਆਪ" ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਜੱਜ ਸਵਰਨ ਕਾਂਤਾ ਸ਼ਰਮਾ ਦੇ ਆਬਕਾਰੀ ਕੇਸ ਤੋਂ ਹਟਣ ਦੇ ਫੈਸਲੇ 'ਤੇ ਕਿਹਾ ਕਿ ਸੱਚ ਦੀ ਜਿੱਤ ਹੋਈ ਹੈ। ਗਾਂਧੀ ਜੀ ਦੇ ਸੱਤਿਆਗ੍ਰਹਿ ਦੀ ਇਕ ਵਾਰ ਫਿਰ ਜਿੱਤ ਹੋਈ ਹੈ।
"ਆਪ" ਦਾ ਕਹਿਣਾ ਹੈ ਕਿ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਸਮੇਤ ਹੋਰਾਂ ਨੇ ਹਿਤਾਂ ਦੇ ਟਕਰਾਅ ਦਾ ਹਵਾਲਾ ਦਿੰਦੇ ਹੋਏ ਜੱਜ ਸਵਰਨ ਕਾਂਤਾ ਸ਼ਰਮਾ ਨੂੰ ਆਬਕਾਰੀ ਕੇਸ ਤੋਂ ਖ਼ੁਦ ਨੂੰ ਵੱਖ ਕਰਨ ਦੀ ਬੇਨਤੀ ਕੀਤੀ ਸੀ। ਇਸ ਸੰਬੰਧੀ ਅਰਵਿੰਦ ਕੇਜਰੀਵਾਲ ਨੇ ਇਕ ਪੱਤਰ ਲਿਖ ਕੇ 10 ਵਾਜਬ ਕਾਰਨ ਦੱਸੇ ਸਨ ਅਤੇ ਉਮੀਦ ਜਤਾਈ ਸੀ ਕਿ ਜੱਜ ਖ਼ੁਦ ਨੂੰ ਇਸ ਕੇਸ ਤੋਂ ਵੱਖ ਕਰ ਲੈਣਗੇ। ਪਰ ਜੱਜ ਸਵਰਨ ਕਾਂਤਾ ਸ਼ਰਮਾ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਇਸ ਕੇਸ ਤੋਂ ਵੱਖ ਨਾ ਹੋਣ ਦਾ ਫੈਸਲਾ ਸੁਣਾਇਆ ਸੀ। ਇਸ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਰਾਜਘਾਟ ਜਾ ਕੇ ਗਾਂਧੀ ਸਮਾਧੀ 'ਤੇ ਮੱਥਾ ਟੇਕਿਆ ਅਤੇ ਉਨ੍ਹਾਂ ਦੇ ਸੱਤਿਆਗ੍ਰਹਿ ਦੇ ਮਾਰਗ 'ਤੇ ਚੱਲਦਿਆਂ ਇਸ ਕੇਸ ਵਿਚ ਉਨ੍ਹਾਂ ਦੀ ਅਦਾਲਤ ਵਿਚ ਪੇਸ਼ ਨਾ ਹੋਣ ਦਾ ਫੈਸਲਾ ਲਿਆ ਸੀ।
ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਅਰਵਿੰਦ ਕੇਜਰੀਵਾਲ ਨੇ ਕਿਹਾ ਸੀ ਕਿ ਉਨ੍ਹਾਂ ਦੀ ਅਦਾਲਤ ਦਾ ਜੋ ਵੀ ਫ਼ੈਸਲਾ ਹੋਵੇਗਾ, ਉਹ ਪ੍ਰਵਾਨ ਹੋਵੇਗਾ ਅਤੇ ਉਸ 'ਤੇ ਉਹ ਆਪਣੇ ਕਾਨੂੰਨੀ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਉਣਗੇ।
;
;
;
;
;
;