JALANDHAR WEATHER

ਪੁਲੀਸ ਮੁਲਾਜ਼ਮ ਦੇ ਘਰ 15 ਤੋਲੇ ਸੋਨਾ ਅਤੇ 25 ਹਜ਼ਾਰ ਦੀ ਹੋਈ ਨਕਦੀ ਚੋਰੀ

ਘੋਗਰਾ (ਹੁਸ਼ਿਆਰਪੁਰ), 17 ਮਈ (ਆਰ. ਐੱਸ. ਸਲਾਰੀਆ)- ਥਾਣਾ ਦਸੂਹਾ ਦੇ ਅਧੀਨ ਪੈਂਦੇ ਪਿੰਡ ਦੋਲੋਵਾਲ ਵਿਖੇ ਬੀਤੀ ਰਾਤ ਚੋਰਾਂ ਨੇ ਇਕ ਪੁਲੀਸ ਮੁਲਾਜ਼ਮ ਦੇ ਘਰ ਚੋਰੀ ਦੀ ਵੱਡੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਹੈ। ਜਾਣਕਾਰੀ ਅਨੁਸਾਰ, ਚੋਰ ਖਿੜਕੀ ਦੀ ਗਰਿੱਲ ਤੋੜ ਕੇ ਘਰ ਅੰਦਰ ਦਾਖ਼ਲ ਹੋਏ ਅਤੇ ਬੜੀ ਆਸਾਨੀ ਨਾਲ 15 ਤੋਲੇ ਸੋਨਾ ਅਤੇ 25 ਹਜ਼ਾਰ ਦੀ ਨਕਦੀ ਚੋਰੀ ਕਰ ਕੇ ਲੈ ਗਏ। ਪਰਿਵਾਰ ਦੇ ਸਾਰੇ ਮੈਂਬਰ ਆਪਣੇ-ਆਪਣੇ ਕਮਰਿਆਂ 'ਚ ਸੁੱਤੇ ਹੋਏ ਸਨ। ਜਾਣਕਾਰੀ ਦਿੰਦੇ ਹੋਏ ਘਰ ਦੇ ਮਾਲਕ ਏ. ਐੱਸ. ਆਈ. ਵਿਜੇ ਕੁਮਾਰ ਨੇ ਦੱਸਿਆ ਕਿ ਮੈਂ ਪੰਜਾਬ ਪੁਲਿਸ ਵਿਚ ਨੌਕਰੀ ਕਰਦਾ ਹਾਂ ਘਰ ਵਿਚ ਮੈਂ, ਮੇਰੀ ਪਤਨੀ ਅਤੇ ਮੇਰੀ ਬੇਟੀ ਮੌਜੂਦ ਸਨ।

ਰਾਤ ਕਰੀਬ 9 ਵਜੇ ਅਸੀਂ ਆਪਣੇ ਕਮਰੇ ਵਿਚ ਸੌਣ ਲਈ ਚਲੇ ਗਏ। ਸਵੇਰੇ ਜਦੋਂ ਮੈਂ ਉੱਠਿਆ ਤਾਂ ਦੇਖਿਆ ਕਿ ਖਿੜਕੀ ਦੀ ਗਰਿੱਲ ਟੁੱਟੀ ਹੋਈ ਸੀ ਅਤੇ ਦੁਕਾਨ ਦਾ ਦਰਵਾਜ਼ਾ ਖੁੱਲ੍ਹਾ ਸੀ। ਅੰਦਰ ਜਾ ਕੇ ਦੇਖਿਆ ਤਾਂ ਸਾਰਾ ਸਾਮਾਨ ਖਿਲਰਿਆ ਪਿਆ ਸੀ। ਚੋਰ ਕਰੀਬ 15 ਤੋਲੇ ਸੋਨਾ ਅਤੇ 25 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰਕੇ ਲੈ ਗਏ। ਉਨ੍ਹਾਂ ਦੱਸਿਆ ਕਿ ਬੇਟੀ ਦੇ ਵਿਆਹ ਲਈ ਗਹਿਣੇ ਬਣਾ ਕਿ ਰੱਖੇ ਹੋਏ ਸਨ ਉਹ ਵੀ ਚੋਰਾਂ ਨੇ ਚੋਰੀ ਕਰ ਲਏ। ਵਿਜੇ ਕੁਮਾਰ ਦਾ ਕਹਿਣਾ ਹੈ ਕਿ ਚੋਰਾਂ ਦੇ ਹੌਂਸਲੇ ਇੰਨੇ ਵੱਧ ਗਏ ਹਨ ਕਿ ਹੁਣ ਉਹ ਪੁਲਿਸ ਅਧਿਕਾਰੀਆਂ ਦੇ ਘਰਾਂ ਨੂੰ ਵੀ ਨਿਸ਼ਾਨਾ ਬਣਾਉਣ ਤੋਂ ਗੁਰੇਜ ਨਹੀਂ ਕਰਦੇ। ਵਿਜੇ ਕੁਮਾਰ ਅਤੇ ਉਸਦੇ ਪਰਿਵਾਰ ਨੇ ਦਸੂਹਾ ਪੁਲਿਸ ਤੋਂ ਮੰਗ ਕੀਤੀ ਹੈ ਕਿ ਚੋਰਾਂ ਨੂੰ ਜਲਦ ਤੋਂ ਜਲਦ ਫੜਿਆ ਜਾਵੇ। ਉਨ੍ਹਾਂ ਦਾ ਚੋਰੀ ਹੋਇਆ ਸਮਾਨ ਵਾਪਿਸ ਮਿਲ ਸਕੇ। ਘਟਨਾ ਦੀ ਸੂਚਨਾ ਦਸੂਹਾ ਪੁਲਿਸ ਨੂੰ ਦਿੱਤੀ ਗਈ।

ਐੱਸ.ਆਈ ਸਤਿਨਾਮ ਸਿੰਘ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਅਧਿਕਾਰੀ ਸਤਨਾਮ ਸਿੰਘ ਨੇ ਦੱਸਿਆ ਕਿ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਆਸ ਪਾਸ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਚੋਰਾਂ ਦਾ ਪਤਾ ਲਗਾ ਕੇ ਕਾਬੂ ਕਰ ਲਿਆ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ