ਐਡੀਲੇਡ ਵਿਖੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਦਾ ਨਿੱਘਾ ਸਵਾਗਤ
ਐਡੀਲੇਡ, 16 ਮਈ (ਗੁਰਮੀਤ ਸਿੰਘ ਵਾਲੀਆ)- ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਆਪਣੇ ਆਸਟ੍ਰੇਲੀਆ-ਨਿਊਜ਼ੀਲੈਂਡ ਦੌਰੇ ਤਹਿਤ ਐਡੀਲੇਡ ਪਹੁੰਚੇ, ਜਿੱਥੇ ਭਾਈਚਾਰੇ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਅੱਜ ਉਨ੍ਹਾਂ ਦੇ ਸਨਮਾਨ ਵਿਚ ਦੋ ਵੱਖ-ਵੱਖ ਥਾਵਾਂ ’ਤੇ ਮਿਲਣੀ ਅਤੇ ਮੀਟ ਐਂਡ ਗ੍ਰੀਟ ਸਮਾਗਮ ਕਰਵਾਏ ਗਏ।
ਪਹਿਲਾ ਸਮਾਗਮ ਮਾਉਸਨ ਲੇਕਸ ਵਿਖੇ ਹੋਇਆ, ਜਿਸ ਦੀ ਅਗਵਾਈ ਬਲਵਿੰਦਰ ਸਿੰਘ ਪੱਪੂ ਜਨਰਲ ਸਕੱਤਰ ਵਲੋਂ ਕੀਤੀ ਗਈ। ਇਸ ਤੋਂ ਇਲਾਵਾ ਦੂਜਾ ਵਿਸ਼ੇਸ਼ ਸਮਾਗਮ ਸਨਮ ਕਾਹਲੋਂ ਡਾਇਰੈਕਟਰ ਹਾਰਕੋਰਟ ਪ੍ਰੀਮੀਅਮ ਗਰੁੱਪ-ਚੋਇਸ ਐਂਡ ਕੰਟਰੋਲ ਅਤੇ ਐਂਬੈਸਡਰ ਵਰਲਡ ਕੈਂਸਰ ਕੇਅਰ ਆਸਟ੍ਰੇਲੀਆ ਵਲੋਂ ਮੇਨ ਨਾਰਥ ਰੋਡ ਸਥਿਤ ਦਫ਼ਤਰ ਵਿਖੇ ਕਰਵਾਇਆ ਗਿਆ, ਜਿੱਥੇ ਵੱਡੀ ਗਿਣਤੀ ਵਿਚ ਭਾਈਚਾਰੇ ਦੀਆਂ ਪ੍ਰਮੁੱਖ ਸ਼ਖਸੀਅਤਾਂ ਨੇ ਹਾਜ਼ਰੀ ਭਰੀ। ਇਸ ਮੌਕੇ ਬੋਲਦਿਆਂ ਵੱਖ-ਵੱਖ ਬੁਲਾਰਿਆਂ ਨੇ ਗੁਰਜੀਤ ਸਿੰਘ ਔਜਲਾ ਵਲੋਂ ਅੰਮ੍ਰਿਤਸਰ ਹਲਕੇ ਵਿਚ ਕਰਵਾਏ ਗਏ ਵਿਕਾਸ ਕਾਰਜਾਂ ਅਤੇ ਲੋਕ ਸੇਵਾ ਦੀ ਪ੍ਰਸ਼ੰਸਾ ਕੀਤੀ।
ਉਨ੍ਹਾਂ ਕਿਹਾ ਕਿ ਗੁਰਜੀਤ ਸਿੰਘ ਔਜਲਾ ਪੰਜਾਬ ਦੇ ਉਨ੍ਹਾਂ ਆਗੂਆਂ ਵਿਚੋਂ ਹਨ ਜੋ ਲੋਕਾਂ ਨਾਲ ਜੁੜ ਕੇ ਸੇਵਾ ਦੀ ਰਾਜਨੀਤੀ ਕਰ ਰਹੇ ਹਨ। ਗੁਰਜੀਤ ਸਿੰਘ ਔਜਲਾ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਉਹ ਹਮੇਸ਼ਾ ਪੰਜਾਬ ਅਤੇ ਖਾਸ ਕਰਕੇ ਅੰਮ੍ਰਿਤਸਰ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੰਸਦ ਵਿਚ ਉਠਾਉਂਦੇ ਰਹੇ ਹਨ। ਉਨ੍ਹਾਂ ਨੇ ਆਪਣੇ ਰਾਜਨੀਤਿਕ ਜੀਵਨ, ਸੰਸਦੀ ਕਾਰਜਕਾਲ ਅਤੇ ਹਲਕੇ ਵਿਚ ਕਰਵਾਏ ਵਿਕਾਸ ਕੰਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਸਰਹੱਦੀ ਇਲਾਕਿਆਂ ਦੇ ਵਿਕਾਸ, ਕਿਸਾਨੀ ਮਸਲਿਆਂ, ਵਪਾਰ, ਨੌਜਵਾਨਾਂ ਲਈ ਰੁਜ਼ਗਾਰ, ਨਸ਼ਿਆਂ ਖ਼ਿਲਾਫ਼ ਮੁਹਿੰਮ ਅਤੇ ਸਿੱਖਿਆ ਤੇ ਸਿਹਤ ਸਹੂਲਤਾਂ ਲਈ ਕੀਤੇ ਉਪਰਾਲਿਆਂ ਬਾਰੇ ਵੀ ਚਰਚਾ ਕੀਤੀ।
ਉਨ੍ਹਾਂ ਕਿਹਾ ਕਿ ਲੋਕਾਂ ਨਾਲ ਨੇੜਲਾ ਸੰਪਰਕ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਉਹ ਭਵਿੱਖ ਵਿਚ ਵੀ ਪੰਜਾਬ ਦੇ ਹੱਕਾਂ ਅਤੇ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਂਦੇ ਰਹਿਣਗੇ। ਸਮਾਗਮ ਦੌਰਾਨ ਹਾਜ਼ਰ ਪ੍ਰਮੁੱਖ ਸ਼ਖਸੀਅਤਾਂ ਨੇ ਵੀ ਉਨ੍ਹਾਂ ਨਾਲ ਵਿਚਾਰ ਸਾਂਝੇ ਕੀਤੇ ਅਤੇ ਉਨ੍ਹਾਂ ਦੇ ਕੰਮਾਂ ਦੀ ਭਰਪੂਰ ਸ਼ਲਾਘਾ ਕੀਤੀ।
;
;
;
;
;
;
;
;