ਮਾਨਸਿਕ ਤੌਰ 'ਤੇ ਪ੍ਰੇਸ਼ਾਨ ਵਿਅਕਤੀ ਨੇ ਘਰ ਨੂੰ ਲਾਈ ਅੱਗ
ਜਗਰਾਉ (ਲੁਧਿਆਣਾ), 18 ਮਈ (ਕੁਲਦੀਪ ਸਿੰਘ ਲੋਹਟ) - ਜਗਰਾਉ ਦੇ ਮੁਹੱਲਾ ਆਤਮ ਨਗਰ ਵਿਚ ਅੱਜ ਦੇਰ ਸ਼ਾਮ ਇਲਾਕੇ ਵਿਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਦੱਸੇ ਜਾ ਰਹੇ ਸਰਬਜੀਤ ਸਿੰਘ ਪੁੱਤਰ ਜਸਵੰਤ ਸਿੰਘ ਨੇ ਕਥਿਤ ਤੌਰ 'ਤੇ ਆਪਣੇ ਹੀ ਘਰ ਨੂੰ ਅੱਗ ਲਾ ਦਿੱਤੀ। ਇਸ ਘਟਨਾ ਦੌਰਾਨ ਘਰ ਵਿਚ ਪਿਆ ਕੀਮਤੀ ਸਮਾਨ, ਫਰਨੀਚਰ ਅਤੇ ਹੋਰ ਘਰੇਲੂ ਸਮਾਨ ਸੜ ਕੇ ਸੁਆਹ ਹੋ ਗਿਆ, ਜਿਸ ਕਾਰਨ ਪਰਿਵਾਰ ਨੂੰ ਲੱਖਾਂ ਰੁਪਏ ਦਾ ਨੁਕਸਾਨ ਹੋਣ ਦੀ ਗੱਲ ਸਾਹਮਣੇ ਆ ਰਹੀ ਹੈ। ਸਰਬਜੀਤ ਸਿੰਘ ਦੇ ਭਰਾ ਹਰਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਬਜੀਤ ਸਿੰਘ ਪਿਛਲੇ ਕੁਝ ਸਮੇਂ ਤੋਂ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿ ਰਿਹਾ ਸੀ। ਉਨ੍ਹਾਂ ਦੱਸਿਆ ਕਿ ਘਟਨਾ ਵੇਲੇ ਘਰ ਵਿਚ ਅਚਾਨਕ ਅੱਗ ਲੱਗਣ ਕਾਰਨ ਪਰਿਵਾਰਿਕ ਮੈਂਬਰਾਂ ਵਿਚ ਹਫੜਾ-ਦਫੜੀ ਮਚ ਗਈ। ਆਸ-ਪਾਸ ਦੇ ਲੋਕ ਵੀ ਮੌਕੇ 'ਤੇ ਇਕੱਠੇ ਹੋ ਗਏ ਅਤੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਦੱਸਿਆ ਕਿ ਅੱਗ ਕਾਰਨ ਘਰ ਵਿਚ ਪਿਆ ਸਮਾਨ ਅਤੇ ਹੋਰ ਕੀਮਤੀ ਵਸਤਾਂ ਸੜ ਕੇ ਤਬਾਹ ਹੋ ਗਈਆਂ, ਜਿਸ ਨਾਲ ਪਰਿਵਾਰ ਨੂੰ ਭਾਰੀ ਆਰਥਿਕ ਨੁਕਸਾਨ ਝੱਲਣਾ ਪਿਆ। ਘਟਨਾ ਤੋਂ ਬਾਅਦ ਦੋਵਾਂ ਭਰਾਵਾਂ ਵਿਚ ਤਿੱਖੀ ਝਪਟ ਲੱਗੀ ਤੇ ਗੱਲ ਹੱਥੋਪਾਈ ਤੀਕਰ ਪਹੁੰਚ ਗਈ। ਮੌਕੇ 'ਤੇ ਮੌਜੂਦ ਲੋਕਾਂ ਨੇ ਦੋਹਾਂ ਭਰਾਵਾਂ ਨੂੰ ਛੁਡਵਾਇਆ। ਘਟਨਾ ਤੋਂ ਬਾਅਦ ਪੁਲਿਸ ਨੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਵਿਅਕਤੀ ਨੂੰ ਹਿਰਾਸਤ ਵਿਚ ਲੈ ਲਿਆ । ਘਟਨਾ ਸਬੰਧੀ ਜਾਣਕਾਰੀ ਦਿੰਦਿਆ ਏ.ਐਸ.ਆਈ. ਬਲਰਾਜ ਸਿੰਘ ਨੇ ਦੱਸਿਆ ਕਿ ਸਰਬਜੀਤ ਸਿੰਘ ਨੂੰ ਹਿਰਾਸਤ ਵਿਚ ਲੈ ਲਿਆ ਤੇ ਉਸ ਨੂੰ ਡਾਕਟਰੀ ਇਲਾਜ ਬਾਅਦ ਪਰਿਵਾਰ ਵਲੋ ਜੋ ਬਿਆਨ ਦਿੱਤਾ ਜਾਵੇਗਾ, ਉਸ ਹਿਸਾਬ ਨਾਲ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
;
;
;
;
;
;
;