ਸਵਾਤੀ ਮਾਲੀਵਾਲ ਖ਼ਿਲਾਫ਼ ਮਾਣਹਾਨੀ ਮਾਮਲੇ ਵਿਚ ਮੋਗਾ ਕੋਰਟ ’ਚ ਪੇਸ਼ ਹੋਏ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ
ਮੋਗਾ,19 ਮਈ - ਮੋਗਾ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਵਲੋਂ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਖ਼ਿਲਾਫ਼ ਦਰਜ ਕਰਵਾਏ ਮਾਣਹਾਨੀ ਮਾਮਲੇ ਦੀ ਅੱਜ ਮੋਗਾ ਅਦਾਲਤ ਵਿਚ ਸੁਣਵਾਈ ਹੋਈ। ਇਸ ਦੌਰਾਨ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਜੇ.ਐਮ.ਆਈ.ਸੀ. ਆਸ਼ੀਮਾ ਸ਼ਰਮਾ ਦੀ ਅਦਾਲਤ ਵਿਚ ਪੇਸ਼ ਹੋਏ ਅਤੇ ਤੱਥ ਅਦਾਲਤ ਸਾਹਮਣੇ ਰੱਖੇ।
ਦੱਸਿਆ ਜਾ ਰਿਹਾ ਹੈ ਕਿ ਹਾਲ ਹੀ ਵਿਚ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿਚ ਸ਼ਾਮਿਲ ਹੋਏ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਵਲੋਂ ਪੰਜਾਬ ਦੇ ਆਪ ਵਿਧਾਇਕਾਂ ਬਾਰੇ ‘ਭੇਡ-ਬੱਕਰੀ’ ਵਰਗੀ ਟਿੱਪਣੀ ਕੀਤੀ ਗਈ ਸੀ। ਇਸ ਬਿਆਨ ਤੋਂ ਬਾਅਦ ਸਿਆਸੀ ਮਾਹੌਲ ਗਰਮਾ ਗਿਆ ਅਤੇ ਮੋਗਾ ਤੋਂ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਇਸ ਨੂੰ ਲੋਕਾਂ ਵਲੋਂ ਚੁਣੇ ਨੁਮਾਇੰਦਿਆਂ ਦੀ ਤੌਹੀਨ ਕਰਾਰ ਦਿੰਦਿਆਂ ਮਾਣਹਾਨੀ ਦਾ ਕੇਸ ਦਰਜ ਕਰਵਾ ਦਿੱਤਾ।
ਅਦਾਲਤ ਵਿਚ ਪੇਸ਼ੀ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਜਨਤਾ ਵਲੋਂ ਚੁਣੇ ਵਿਧਾਇਕਾਂ ਬਾਰੇ ਇਸ ਤਰ੍ਹਾਂ ਦੀ ਅਪਮਾਨਜਨਕ ਭਾਸ਼ਾ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਵਿਧਾਇਕਾਂ ਦੀ ਨਹੀਂ, ਸਗੋਂ ਉਨ੍ਹਾਂ ਲੋਕਾਂ ਦੀ ਵੀ ਤੌਹੀਨ ਹੈ, ਜਿਨ੍ਹਾਂ ਨੇ ਲੋਕਤੰਤਰਕ ਢੰਗ ਨਾਲ ਆਪਣੇ ਨੁਮਾਇੰਦੇ ਚੁਣੇ ਹਨ।
ਉਨ੍ਹਾਂ ਅੱਗੇ ਕਿਹਾ ਕਿ ਸਮਾਜ ਵਿਚ ਇਸ ਤਰ੍ਹਾਂ ਦੀ ਸ਼ਬਦਾਵਲੀ ਨੂੰ ਹੌਸਲਾ ਨਹੀਂ ਮਿਲਣਾ ਚਾਹੀਦਾ, ਇਸੇ ਲਈ ਉਨ੍ਹਾਂ ਕਾਨੂੰਨੀ ਰਾਹ ਅਪਣਾਇਆ ਹੈ। ਵਿਧਾਇਕਾ ਨੇ ਦੱਸਿਆ ਕਿ ਅਦਾਲਤ ਵਲੋਂ ਸਵਾਤੀ ਮਾਲੀਵਾਲ ਨੂੰ ਨੋਟਿਸ ਜਾਰੀ ਕਰਨ ਦੀ ਕਾਰਵਾਈ ਅੱਗੇ ਵਧਾਈ ਜਾਵੇਗੀ।
;
;
;
;
;
;
;
;
;