ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂਅ 'ਤੇ ਰੱਖਿਆ ਜਾਵੇ ਹਲਵਾਰਾ ਏਅਰਪੋਰਟ ਦਾ ਨਾਂ - ਭਗਵੰਤ ਮਾਨ
ਜਗਰਾਉਂ ( ਲੁਧਿਆਣਾ) 20 ਮਈ (ਕੁਲਦੀਪ ਸਿੰਘ ਲੋਹਟ) - ਪੰਜਾਬ ਦੌਰੇ 'ਤੇ ਪੁੱਜੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਲਵਾਰਾ ਏਅਰਪੋਰਟ ਵਿਖੇ ਸ਼ਾਨਦਾਰ ਸਵਾਗਤ ਕੀਤਾ ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਜਿੱਥੇ ਇਸ ਪ੍ਰੋਜੈਕਟ ਨੂੰ ਪੰਜਾਬ ਲਈ ਵਿਕਾਸ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਾਰ ਦਿੱਤਾ, ਉੱਥੇ ਹੀ ਹਲਵਾਰਾ ਏਅਰਪੋਰਟ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ 'ਤੇ ਰੱਖਣ ਲਈ ਜ਼ੋਰਦਾਰ ਮੰਗ ਵੀ ਕੀਤੀ ।ਉਨ੍ਹਾਂ ਆਖਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪਹਿਲੇ ਦਿਨ ਤੋਂ ਹੀ ਕੇਂਦਰ ਨੂੰ ਇਹ ਪ੍ਰਸਤਾਵ ਲਿਖ ਕੇ ਭੇਜਿਆ ਗਿਆ ਹੈ, ਕਿਉਂਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਨੇ ਦੇਸ਼ ਦੀ ਆਜ਼ਾਦੀ ਲਈ ਛੋਟੀ ਉਮਰ ਵਿਚ ਵੱਡੀ ਕੁਰਬਾਨੀ ਦਿੱਤੀ ਸੀ ਅਤੇ ਉਨ੍ਹਾਂ ਦੀ ਯਾਦ ਨੂੰ ਸਨਮਾਨ ਦੇਣਾ ਪੰਜਾਬ ਲਈ ਮਾਣ ਦੀ ਗੱਲ ਹੋਵੇਗੀ।
ਮੁੱਖ ਮੰਤਰੀ ਨੇ ਆਪਣੇ ਸੰਬੋਧਨ ਦੌਰਾਨ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਇਸ ਪ੍ਰੋਜੈਕਟ ਲਈ 65 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਰਕਮ ਦੀ ਵਰਤੋਂ ਏਅਰਪੋਰਟ ਦੇ ਟਰਮੀਨਲ ਦੇ ਨਿਰਮਾਣ ਅਤੇ ਕਿਸਾਨਾਂ ਦੀ ਜ਼ਮੀਨ ਅਕੁਆਇਰ ਕਰਨ ਲਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਇਸ ਪ੍ਰੋਜੈਕਟ ਨੂੰ ਪੂਰਾ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਹੈ, ਤਾਂ ਜੋ ਲੋਕਾਂ ਨੂੰ ਬਿਹਤਰ ਹਵਾਈ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।
ਮੁੱਖ ਮੰਤਰੀ ਨੇ ਲੁਧਿਆਣਾ ਜ਼ਿਲ੍ਹੇ ਅਤੇ ਸਮੂਹ ਪੰਜਾਬ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਹਲਵਾਰਾ ਏਅਰਪੋਰਟ ਲੰਮੇ ਸਮੇਂ ਤੋਂ ਲੋਕਾਂ ਦੀ ਮੰਗ ਰਿਹਾ ਹੈ ਅਤੇ ਹੁਣ ਇਸ ਸੁਪਨੇ ਦਾ ਸਾਕਾਰ ਹੋਣਾ ਖੇਤਰ ਲਈ ਵੱਡੀ ਪ੍ਰਾਪਤੀ ਹੈ। ਉਨ੍ਹਾਂ ਕਿਹਾ ਕਿ ਇਸ ਏਅਰਪੋਰਟ ਦੇ ਸ਼ੁਰੂ ਹੋਣ ਨਾਲ ਮਾਲਵਾ ਖੇਤਰ ਨੂੰ ਸਭ ਤੋਂ ਵੱਧ ਫਾਇਦਾ ਮਿਲੇਗਾ, ਕਿਉਂਕਿ ਇਹ ਇਲਾਕਾ ਖੇਤੀਬਾੜੀ ਅਤੇ ਉਦਯੋਗਿਕ ਪੱਖੋਂ ਬਹੁਤ ਮਹੱਤਵਪੂਰਨ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਏਅਰਪੋਰਟ ਦੇ ਚਾਲੂ ਹੋਣ ਨਾਲ ਉਦਯੋਗਾਂ ਨੂੰ ਨਵੀਂ ਰਫ਼ਤਾਰ ਮਿਲੇਗੀ, ਕਾਰੋਬਾਰ ਵਿਚ ਵਾਧਾ ਹੋਵੇਗਾ ਅਤੇ ਨਿਵੇਸ਼ ਦੇ ਮੌਕੇ ਵੀ ਪੈਦਾ ਹੋਣਗੇ। ਇਸ ਤੋਂ ਇਲਾਵਾ ਖੇਤਰ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਦਰਵਾਜ਼ੇ ਖੁਲ੍ਹਣਗੇ। ਉਨ੍ਹਾਂ ਕਿਹਾ ਕਿ ਹੁਣ ਲੋਕਾਂ ਨੂੰ ਹਵਾਈ ਯਾਤਰਾ ਲਈ ਦੂਰ-ਦੂਰ ਦੇ ਸ਼ਹਿਰਾਂ ਦਾ ਰੁਖ ਨਹੀਂ ਕਰਨਾ ਪਵੇਗਾ, ਸਗੋਂ ਮਾਲਵਾ ਖੇਤਰ ਦੇ ਲੋਕਾਂ ਨੂੰ ਆਪਣੇ ਇਲਾਕੇ ਵਿੱਚ ਹੀ ਹਵਾਈ ਸਹੂਲਤਾਂ ਮਿਲਣਗੀਆਂ।
ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਹੋਰ ਵਿਕਾਸ ਪ੍ਰੋਜੈਕਟਾਂ ਨੂੰ ਵੀ ਤਰਜੀਹ ਦਿੱਤੀ ਜਾਵੇਗੀ। ਸਮਾਗਮ ਦੌਰਾਨ ਮੌਜੂਦ ਲੋਕਾਂ ਵਿਚ ਵੀ ਏਅਰਪੋਰਟ ਦੇ ਸ਼ੁਰੂ ਹੋਣ ਨੂੰ ਲੈ ਕੇ ਕਾਫੀ ਉਤਸ਼ਾਹ ਵੇਖਣ ਨੂੰ ਮਿਲਿਆ। ਇਸ ਦੇ ਨਾਲ ਹੀ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਵਲੋਂ ਔਰਤਾਂ ਲਈ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਨ ਦੀ ਦਿਸ਼ਾ ਵਿਚ ਕੰਮ ਜਾਰੀ ਹੈ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਦੇਣ ਵਾਲੀ ਯੋਜਨਾ ਨੂੰ ਜਲਦ ਲਾਗੂ ਕੀਤਾ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਇਸ ਸਕੀਮ ਸਬੰਧੀ ਲੋੜੀਂਦੀਆਂ ਪ੍ਰਕਿਰਿਆਵਾਂ ਨੂੰ ਪੂਰਾ ਕਰਨ ਵਿਚ ਲੱਗੀ ਹੋਈ ਹੈ ਅਤੇ ਆਉਣ ਵਾਲੇ ਸਮੇਂ ਵਿਚ ਇਸ ਬਾਰੇ ਲੋਕਾਂ ਨੂੰ ਚੰਗੀ ਖ਼ਬਰ ਮਿਲੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਔਰਤਾਂ ਨੂੰ ਆਰਥਿਕ ਤੌਰ 'ਤੇ ਹੋਰ ਮਜ਼ਬੂਤ ਬਣਾਉਣਾ ਅਤੇ ਪਰਿਵਾਰਾਂ ਨੂੰ ਸਹਾਰਾ ਦੇਣਾ ਹੈ।ਇਸ ਮੌਕੇ ਵਿਧਾਇਕ ਅਸ਼ੋਕ ਪੱਪੀ ਪਰਾਸ਼ਰ ਅਤੇ ਸਰਬਜੀਤ ਕੌਰ ਮਾਣੂੰਕੇ ਵੀ ਮੌਜੂਦ ਸਨ।
;
;
;
;
;
;
;