JALANDHAR WEATHER

ਮੋਗਾ-ਕੋਟਕਪੂਰਾ ਰੋਡ ’ਤੇ ਵਾਪਰਿਆ ਭਿਆਨਕ ਸੜਕ ਹਾਦਸਾ, ਇਕ ਦੀ ਮੌਤ

ਮੋਗਾ, 21 ਮਈ- ਮੋਗਾ ਜ਼ਿਲ੍ਹੇ ਦੇ ਕਸਬਾ ਬਾਘਾ ਪੁਰਾਣਾ ਵਿਚ ਅੱਜ ਸਵੇਰੇ ਤੜਕੇ ਇਕ ਬਹੁਤ ਹੀ ਦਰਦਨਾਕ ਸੜਕ ਹਾਦਸਾ ਵਾਪਰ ਗਿਆ, ਜਿਸ ਨੇ ਇਲਾਕੇ ਵਿਚ ਸੋਗ ਦੀ ਲਹਿਰ ਪੈਦਾ ਕਰ ਦਿੱਤੀ। ਜਾਣਕਾਰੀ ਮੁਤਾਬਕ ਮੋਗਾ-ਕੋਟਕਪੂਰਾ ਰੋਡ ’ਤੇ ਬਾਘਾਪੁਰਾਣਾ ਮੰਡੀ ਦੇ ਬਾਹਰ ਇਕ ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਪਲਟ ਗਈ। ਇਸ ਹਾਦਸੇ ਦੌਰਾਨ ਕਾਰ ਵਿਚ ਸਵਾਰ ਇਕ ਹੀ ਪਰਿਵਾਰ ਦੇ ਤਿੰਨ ਲੋਕ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿਚੋਂ ਇਕ ਮਹਿਲਾ ਦੀ ਮੌਤ ਹੋ ਗਈ।

ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਅੱਜ ਸਵੇਰੇ ਕਰੀਬ 4:30 ਵਜੇ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਕਾਰ ਜਲੰਧਰ ਤੋਂ ਰਾਜਸਥਾਨ ਵੱਲ ਜਾ ਰਹੀ ਸੀ। ਜਦੋਂ ਗੱਡੀ ਬਾਘਾਪੁਰਾਣਾ ਦੀ ਮੰਡੀ ਨੇੜੇ ਪਹੁੰਚੀ ਤਾਂ ਅਚਾਨਕ ਕਾਰ ਦਾ ਸੰਤੁਲਨ ਵਿਗੜ ਗਿਆ ਅਤੇ ਗੱਡੀ ਸੜਕ ’ਤੇ ਪਲਟ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ ਅਤੇ ਅੰਦਰ ਸਵਾਰ ਲੋਕ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ।

ਘਟਨਾ ਦੀ ਸੂਚਨਾ ਮਿਲਦੇ ਹੀ ਸਮਾਜ ਸੇਵਾ ਸੁਸਾਇਟੀ (ਰਜਿ.) ਮੋਗਾ ਦੀ ਐਮਰਜੈਂਸੀ ਟੀਮ ਤੁਰੰਤ ਮੌਕੇ ’ਤੇ ਪਹੁੰਚੀ। ਸੁਸਾਇਟੀ ਦੇ ਮੈਂਬਰਾਂ ਵਲੋਂ ਜ਼ਖ਼ਮੀਆਂ ਨੂੰ ਤੁਰੰਤ ਆਪਣੀ ਐਮਰਜੈਂਸੀ ਗੱਡੀ ਰਾਹੀਂ ਮੋਗਾ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿਥੇ ਡਾਕਟਰਾਂ ਨੇ ਜਾਂਚ ਦੌਰਾਨ ਇਕ ਮਹਿਲਾ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।

ਮ੍ਰਿਤਕ ਮਹਿਲਾ ਦੀ ਪਛਾਣ ਦੇਵੀਆ ਦੇਵੀ ਪਤਨੀ ਨਾਰਾਇਣ, ਉਮਰ ਕਰੀਬ 35 ਸਾਲ, ਵਾਸੀ ਜਲੰਧਰ ਵਜੋਂ ਹੋਈ ਹੈ। ਜਦਕਿ ਬਾਕੀ ਦੋ ਦਾ ਇਲਾਜ ਹਸਪਤਾਲ ਵਿਚ ਚੱਲ ਰਿਹਾ ਹੈ ਅਤੇ ਉਨ੍ਹਾਂ ਦੀ ਹਾਲਤ ਵੀ ਗੰਭੀਰ ਦੱਸੀ ਜਾ ਰਹੀ ਹੈ।
ਇਸ ਦਰਦਨਾਕ ਹਾਦਸੇ ਤੋਂ ਬਾਅਦ ਇਲਾਕੇ ਵਿਚ ਸੋਗ ਦਾ ਮਾਹੌਲ ਬਣਿਆ ਹੋਇਆ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ