ਹੜ੍ਹ ਪੀੜਤਾਂ ਨੂੰ ਮੁਆਵਜ਼ਾ ਨਾ ਮਿਲਣ ਦੇ ਰੋਸ ਵਜੋਂ ਕਿਰਤੀ ਕਿਸਾਨ ਯੂਨੀਅਨ ਵਲੋਂ ਲਗਾਇਆ ਧਰਨਾ
ਅਜਨਾਲਾ, 22 ਮਈ (ਗੁਰਪ੍ਰੀਤ ਸਿੰਘ ਢਿੱਲੋਂ)- ਹੜ੍ਹ ਪੀੜਤ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਪੂਰਾ ਮੁਆਵਜ਼ਾ ਨਾ ਮਿਲਣ ਦੇ ਰੋਸ ਵਜੋਂ ਅੱਜ ਕਿਰਤੀ ਕਿਸਾਨ ਯੂਨੀਅਨ ਵਲੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੇ ਅਜਨਾਲਾ ਸਥਿਤ ਦਫ਼ਤਰ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਗਿਆ। ਧਰਨੇ ਦੌਰਾਨ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਜਤਿੰਦਰ ਸਿੰਘ ਛੀਨਾ ਸਮੇਤ ਯੂਨੀਅਨ ਆਗੂਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਦੋਸ਼ ਲਗਾਇਆ ਕਿ ਹੜ੍ਹਾਂ ਕਾਰਨ ਹੋਏ ਨੁਕਸਾਨ ਦੇ ਬਾਵਜੂਦ ਅਜਨਾਲਾ ਇਲਾਕੇ ਦੇ ਕਈ ਪੀੜਤ ਪਰਿਵਾਰਾਂ ਨੂੰ ਅਜੇ ਤੱਕ ਪੂਰਾ ਮੁਆਵਜ਼ਾ ਨਹੀਂ ਮਿਲਿਆ।
ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਆਗੂ ਜਤਿੰਦਰ ਸਿੰਘ ਛੀਨਾ ਨੇ ਕਿਹਾ ਕਿ ਹੜ੍ਹਾਂ ਦੌਰਾਨ ਕਿਸਾਨਾਂ ਦੀਆਂ ਫਸਲਾਂ, ਘਰਾਂ ਅਤੇ ਪਸ਼ੂਆਂ ਦਾ ਭਾਰੀ ਨੁਕਸਾਨ ਹੋਇਆ ਸੀ ਪਰ ਸਰਕਾਰ ਵਲੋਂ ਦਿੱਤਾ ਗਿਆ ਮੁਆਵਜ਼ਾ ਨਾ ਕੇ ਬਰਾਬਰ ਹੈ।
ਉਨ੍ਹਾਂ ਕਿਹਾ ਕਿ ਕਈ ਪੀੜਤ ਪਰਿਵਾਰ ਅਜੇ ਵੀ ਸਰਕਾਰੀ ਮਦਦ ਦੀ ਉਡੀਕ ਕਰ ਰਹੇ ਹਨ ਪਰ ਪ੍ਰਸ਼ਾਸਨ ਅਤੇ ਸਰਕਾਰ ਵਲੋਂ ਕੋਈ ਸੰਤੋਸ਼ਜਨਕ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਹੜ੍ਹ ਪੀੜਤਾਂ ਨੂੰ ਜਲਦ ਪੂਰਾ ਮੁਆਵਜ਼ਾ ਨਾ ਦਿੱਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਯੂਨੀਅਨ ਆਗੂਆਂ ਵੱਲੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨਾਲ ਆਪਣੀਆਂ ਮੰਗਾਂ ਸਬੰਧੀ ਉਨ੍ਹਾਂ ਦੇ ਦਫ਼ਤਰ ਵਿਖੇ ਮੀਟਿੰਗ ਕੀਤੀ ਜਾ ਰਹੀ ਹੈ I
;
;
;
;
;
;
;
;
;