ਪੰਜਾਬ ਦਾ ਮਾਹੌਲ ਖ਼ਰਾਬ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ- ਕੁਲਦੀਪ ਧਾਲੀਵਾਲ
ਅੰਮ੍ਰਿਤਸਰ, 22 ਮਈ- ਅੰਮ੍ਰਿਤਸਰ ਵਿਚ ਆਮ ਆਦਮੀ ਪਾਰਟੀ ਦੇ ਪੰਜਾਬ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਮਾਹੌਲ ਖ਼ਰਾਬ ਕਰਨ, ਦਹਿਸ਼ਤ ਫੈਲਾਉਣ ਜਾਂ ਸਾਈਬਰ ਅਪਰਾਧਾਂ ਰਾਹੀਂ ਲੋਕਾਂ ਵਿਚ ਡਰ ਪੈਦਾ ਕਰਨ ਵਾਲੇ ਕਿਸੇ ਵੀ ਤੱਤ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਧਾਲੀਵਾਲ ਨੇ ਅੰਮ੍ਰਿਤਸਰ ਪੁਲਿਸ ਅਤੇ ਪੰਜਾਬ ਪੁਲਿਸ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਹਾਲ ਹੀ ਵਿਚ ਸਾਈਬਰ ਅੱਤਵਾਦ ਨਾਲ ਜੁੜੇ ਇਕ ਵੱਡੇ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ ਹੈ।
ਪੁਲਿਸ ਨੇ ਪੱਛਮੀ ਬੰਗਾਲ ਤੋਂ ਗਿਰੋਹ ਦੇ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ, ਜੋ ਵੱਖ-ਵੱਖ ਸੂਬਿਆਂ ਅਤੇ ਕੁਝ ਵਿਦੇਸ਼ੀ ਸੰਪਰਕਾਂ ਰਾਹੀਂ ਈਮੇਲਾਂ ਅਤੇ ਸੋਸ਼ਲ ਮੀਡੀਆ ਮਾਧਿਅਮਾਂ ਦੁਆਰਾ ਧਮਕੀਆਂ ਦੇ ਕੇ ਦਹਿਸ਼ਤ ਫੈਲਾਉਣ ਦਾ ਕੰਮ ਕਰਦਾ ਸੀ। ਉਨ੍ਹਾਂ ਕਿਹਾ ਕਿ ਸਾਈਬਰ ਅੱਤਵਾਦ ਨਾਲ ਨਜਿੱਠਣਾ ਬਹੁਤ ਮੁਸ਼ਕਲ ਕੰਮ ਹੈ, ਪਰ ਪੰਜਾਬ ਪੁਲਿਸ ਨੇ ਇਸ ਮਾਮਲੇ ਵਿਚ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਉਨ੍ਹਾਂ ਕੇਂਦਰ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਵਿਚ ਡਰੋਨ ਰਾਹੀਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਨੂੰ ਰੋਕਣ ਲਈ ਬਾਰਡਰ ’ਤੇ ਐਂਟੀ-ਡਰੋਨ ਸਿਸਟਮ ਦੀ ਲੋੜ ਹੈ।
ਧਾਲੀਵਾਲ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਵਲੋਂ ਇਸ ਸਬੰਧੀ ਲੋੜੀਂਦੀ ਤਕਨੀਕੀ ਸਹਾਇਤਾ ਨਹੀਂ ਦਿੱਤੀ ਗਈ, ਜਦਕਿ ਪੰਜਾਬ ਸਰਕਾਰ ਅਤੇ ਪੁਲਿਸ ਨਸ਼ਾ ਤਸਕਰਾਂ, ਗੈਂਗਸਟਰਾਂ ਅਤੇ ਅਪਰਾਧਿਕ ਗਿਰੋਹਾਂ ਖ਼ਿਲਾਫ਼ ਲਗਾਤਾਰ ਕਾਰਵਾਈ ਕਰ ਰਹੀ ਹੈ। ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਵਿਚ ਧਾਲੀਵਾਲ ਨੇ ਨੀਟ ਪੇਪਰ ਲੀਕ ਮਾਮਲੇ ਨੂੰ ਗੰਭੀਰ ਦੱਸਦਿਆਂ ਕਿਹਾ ਕਿ ਲੱਖਾਂ ਵਿਦਿਆਰਥੀਆਂ ਦਾ ਭਵਿੱਖ ਦਾਅ ’ਤੇ ਲੱਗ ਗਿਆ ਹੈ।
ਉਨ੍ਹਾਂ ਕਿਹਾ ਕਿ ਇਸ ਘਪਲੇ ਦੀ ਪੂਰੀ ਜਾਂਚ ਹੋਵੇ। ਇਸ ਤੋਂ ਇਲਾਵਾ ਉਨ੍ਹਾਂ ਡੀਜ਼ਲ, ਪੈਟਰੋਲ ਅਤੇ ਸੀ.ਐੱਨ.ਜੀ. ਦੀਆਂ ਵਧਦੀਆਂ ਕੀਮਤਾਂ ਲਈ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਇਸ ਦਾ ਸਿੱਧਾ ਅਸਰ ਕਿਸਾਨਾਂ, ਟਰਾਂਸਪੋਰਟਰਾਂ ਅਤੇ ਆਮ ਲੋਕਾਂ ਦੀ ਜੇਬ ’ਤੇ ਪੈ ਰਿਹਾ ਹੈ, ਜਿਸ ਕਾਰਨ ਮਹਿੰਗਾਈ ਵਿੱਚ ਹੋਰ ਵਾਧਾ ਹੋਵੇਗਾ।
;
;
;
;
;
;
;
;