ਗੰਗ ਕਨਾਲ ਨਹਿਰ ਵਿਚੋਂ ਅਣਪਛਾਤੀ ਔਰਤ ਦੀ ਲਾਸ਼ ਬਰਾਮਦ, ਇਲਾਕੇ ਵਿਚ ਫੈਲੀ ਸਨਸਨੀ
ਗੁਰੂਹਰਸਹਾਏ, 23 ਮਈ (ਕਪਿਲ ਕੰਧਾਰੀ)- ਗੁਰੂਹਰਸਹਾਏ ਦੇ ਨਾਲ ਲੱਗਦੇ ਪਿੰਡ ਕਾਹਨ ਸਿੰਘ ਵਾਲਾ ਪੁੱਲ ਨੇੜੇ ਗੰਗ ਕਨਾਲ ਨਹਿਰ ਵਿਚੋਂ ਕਰੀਬ 25 ਤੋਂ 30 ਸਾਲਾਂ ਅਣਪਛਾਤੀ ਔਰਤ ਦੀ ਲਾਸ਼ ਮਿਲਣ ਦੀ ਖ਼ਬਰ ਪ੍ਰਾਪਤ ਹੋਈ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਵਿਚ ਸਨਸਨੀ ਫੈਲ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਜਗਦੀਪ ਸਿੰਘ ਨੇ ਦੱਸਿਆ ਕਿ ਨਹਿਰ ਕੋਲੋਂ ਲੰਘ ਰਹੇ ਇਕ ਰਾਹਗੀਰ ਨੇ ਪੁਲਿਸ ਨੂੰ ਸੂਚਨਾ ਦਿੱਤੀ ਕਿ ਗੰਗ ਕਨਾਲ ਨਹਿਰ ਵਿਚ ਪੁੱਲ ਦੇ ਨੇੜੇ ਇੱਕ ਔਰਤ ਦੀ ਲਾਸ਼ ਤੈਰ ਰਹੀ ਹੈ। ਸੂਚਨਾ ਮਿਲਦੇ ਹੀ ਉਹ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ ਅਤੇ ਲਾਸ਼ ਨੂੰ ਨਹਿਰ ਵਿਚੋਂ ਬਾਹਰ ਕੱਢਿਆ ਗਿਆ।
ਉਨ੍ਹਾਂ ਦੱਸਿਆ ਕਿ ਮ੍ਰਿਤਕ ਔਰਤ ਦੀ ਉਮਰ ਕਰੀਬ 25 ਤੋਂ 30 ਸਾਲ ਦੇ ਕਰੀਬ ਲੱਗਦੀ ਹੈ। ਔਰਤ ਨੇ ਹਰੇ ਰੰਗ ਦੇ ਕੱਪੜੇ ਪਹਿਨੇ ਹੋਏ ਹਨ ਅਤੇ ਉਸ ਦਾ ਕੱਦ ਲਗਭਗ ਪੰਜ ਫੁੱਟ ਹੈ। ਮੁੱਢਲੀ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਲਾਸ਼ ਕਾਫੀ ਫੁੱਲੀ ਹੋਈ ਸੀ, ਜਿਸ ਕਾਰਨ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਲਾਸ਼ ਕਈ ਘੰਟਿਆਂ ਤੋਂ ਨਹਿਰ ਵਿਚ ਪਈ ਹੋ ਸਕਦੀ ਹੈ। ਫਿਲਹਾਲ ਮ੍ਰਿਤਕ ਦੀ ਪਹਿਚਾਣ ਨਹੀਂ ਹੋ ਸਕੀ ਅਤੇ ਨਾ ਹੀ ਇਹ ਪਤਾ ਲੱਗ ਸਕਿਆ ਹੈ ਕਿ ਉਹ ਕਿਸ ਇਲਾਕੇ ਦੀ ਰਹਿਣ ਵਾਲੀ ਸੀ। ਥਾਣਾ ਮੁਖੀ ਜਗਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਫਿਰੋਜ਼ਪੁਰ ਦੀ ਮੋਰਚਰੀ ਵਿਚ ਭੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ 72 ਘੰਟਿਆਂ ਤੱਕ ਪਹਿਚਾਣ ਲਈ ਇੰਤਜ਼ਾਰ ਕੀਤਾ ਜਾਵੇਗਾ, ਜਿਸ ਤੋਂ ਬਾਅਦ ਅਗਲੇਰੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਪੁਲਿਸ ਵਲੋਂ ਮਾਮਲੇ ਦੀ ਹਰ ਪੱਖ ਤੋਂ ਬਰੀਕੀ ਦੇ ਨਾਲ ਜਾਂਚ ਕੀਤੀ ਜਾ ਰਹੀ ਹੈ।
;
;
;
;
;
;
;
;
;