ਨਿਗਮ ਚੋਣਾਂ ਵਿਚ ਗੜਬੜ ਹੋਈ ਤਾਂ ਡੀ.ਸੀ. ਤੇ ਐੱਸ.ਐੱਸ.ਪੀ. ਤੱਕ ‘ਤੇ ਹੋਵੇਗੀ ਕਾਰਵਾਈ- ਰਵਨੀਤ ਬਿੱਟੂ
ਬਠਿੰਡਾ, 23 ਮਈ (ਅੰਮਿ੍ਤਪਾਲ ਸਿੰਘ ਵਲਾਣ)- ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਡਾ ਬਿਆਨ ਦਿੰਦਿਆਂ ਕਿਹਾ ਹੈ ਕਿ 26 ਮਈ ਨੂੰ ਹੋਣ ਵਾਲੀ ਵੋਟਿੰਗ ਦੌਰਾਨ ਉਹ ਖੁਦ ਬਠਿੰਡਾ ਵਿਚ ਮੌਜੂਦ ਰਹਿਣਗੇ ਅਤੇ ਪੂਰੀ ਚੋਣ ਪ੍ਰਕਿਰਿਆ ‘ਤੇ ਨਿਗਰਾਨੀ ਰੱਖਣਗੇ। ਉਨ੍ਹਾਂ ਚੇਤਾਵਨੀ ਭਰੇ ਲਹਿਜ਼ੇ ਵਿਚ ਕਿਹਾ ਕਿ ਜੇ ਕਿਸੇ ਨੇ ਵੀ ਚੋਣਾਂ ਵਿਚ ਗੜਬੜ ਕਰਨ ਜਾਂ ਵੋਟਿੰਗ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਮਾਮਲੇ ਦੀ ਜਾਣਕਾਰੀ ਤੁਰੰਤ ਕੇਂਦਰੀ ਗ੍ਰਹਿ ਮੰਤਰਾਲੇ ਤੱਕ ਪਹੁੰਚਾਈ ਜਾਵੇਗੀ ਅਤੇ ਡੀਸੀ ਤੇ ਐੱਸ.ਐੱਸ.ਪੀ ਪੱਧਰ ਦੇ ਅਧਿਕਾਰੀਆਂ ਤੱਕ ‘ਤੇ ਕਾਰਵਾਈ ਕਰਵਾਈ ਜਾਵੇਗੀ।
ਭਾਜਪਾ ਵਲੋਂ ਨਿਗਮ ਚੋਣਾਂ ਸਬੰਧੀ ਕਰਵਾਈਆਂ ਗਈਆਂ ਜਨ ਸਭਾਵਾਂ ਤੋਂ ਪਹਿਲਾਂ ਜ਼ਿਲ੍ਹਾ ਭਾਜਪਾ ਦਫ਼ਤਰ ਵਿਚ ਆਯੋਜਿਤ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬਿੱਟੂ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸਿੱਧੀ ਚੇਤਾਵਨੀ ਦਿੱਤੀ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਵਿਚ ਕਿਸੇ ਵੀ ਕਿਸਮ ਦੀ ਗੜਬੜ ਜਾਂ ਪੱਖਪਾਤ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਛੋਟੇ ਪੁਲਿਸ ਕਰਮਚਾਰੀਆਂ ਦੇ ਨਾਲ-ਨਾਲ ਉੱਚ ਅਧਿਕਾਰੀਆਂ ਨੂੰ ਵੀ ਕਿਸੇ ਵੀ ਕੀਮਤ ‘ਤੇ ਨਹੀਂ ਬਖ਼ਸ਼ਿਆ ਜਾਵੇਗਾ। ਇਸ ਮੌਕੇ ਭਾਜਪਾ ਦੇ ਸੂਬਾ ਜਨਰਲ ਸਕੱਤਰ ਦਿਆਲ ਸੋਢੀ, ਸ਼ਹਿਰੀ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ, ਦਿਹਾਤੀ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ, ਨਿਗਮ ਚੋਣ ਇੰਚਾਰਜ ਜੀਵਨ ਗੁਪਤਾ ਮੌਜੂਦ ਰਹੇ।
ਤੇਲ ਦੀਆਂ ਵੱਧ ਰਹੀਆਂ ਕੀਮਤਾਂ ਸਬੰਧੀ ਪੁੱਛੇ ਗਏ ਸਵਾਲ ‘ਤੇ ਕੇਂਦਰੀ ਮੰਤਰੀ ਨੇ ਕਿਹਾ ਕਿ ਪੂਰੀ ਦੁਨੀਆ ਇਸ ਸਮੇਂ ਮਹਿੰਗੇ ਤੇਲ ਦੀ ਸਮੱਸਿਆ ਨਾਲ ਜੂਝ ਰਹੀ ਹੈ। ਜਿਵੇਂ ਹੀ ਅੰਤਰਰਾਸ਼ਟਰੀ ਪੱਧਰ ‘ਤੇ ਚੱਲ ਰਹੇ ਟਕਰਾਅ ਖਤਮ ਹੋਣਗੇ, ਤੇਲ ਦੀਆਂ ਕੀਮਤਾਂ ਵਿਚ ਵੀ ਕਮੀ ਆ ਜਾਵੇਗੀ।
;
;
;
;
;
;
;
;
;