ਸਰਕਾਰ ਦੁਆਰਾ ਪਾਸ ਕਾਨੂੰਨ ਵਿਚਲੀਆਂ ਊਣਤਾਈਆਂ ਤੋਂ ਸੰਗਤਾਂ ਨੂੰ ਜਾਣੂੰ ਕਰਵਾਉਣਾ ਪ੍ਰਚਾਰਕਾਂ ਦੀ ਵੱਡੀ ਜ਼ਿੰਮੇਵਾਰੀ- ਐਡਵੋਕੇਟ ਧਾਮੀ
ਅੰਮ੍ਰਿਤਸਰ, 23 ਮਈ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਅੱਜ ਮਾਝੇ ਨਾਲ ਸੰਬੰਧਿਤ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਤਰਨਤਾਰਨ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਦੇ ਪ੍ਰਚਾਰਕ, ਢਾਡੀ ਤੇ ਕਵੀਸ਼ਰ ਸਿੰਘਾਂ ਦੀ ਇਕੱਤਰਤਾ ਸ. ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਈ। ਪੰਜਾਬ ਸਰਕਾਰ ਵਲੋਂ ਪਾਸ ਕੀਤੇ ਗਏ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ (ਸੋਧ) ਐਕਟ 2026” ਬਾਰੇ ਵਿਚਾਰ ਚਰਚਾ ਕੀਤੀ ਗਈ। ਇਸ ਸੰਬੰਧ ਵਿਚ ਸ਼੍ਰੋਮਣੀ ਕਮੇਟੀ ਵਲੋਂ 31 ਮਈ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਬੁਲਾਈ ਗਈ ਪੰਥਕ ਕਾਨਫ਼ਰੰਸ ਵਿਚ ਗੁਰਦੁਆਰਾ ਕਮੇਟੀਆਂ ਅਤੇ ਸੰਗਤਾਂ ਦੀ ਭਰਵੀਂ ਸ਼ਮੂਲੀਅਤ ਲਈ ਪ੍ਰਚਾਰਕ ਸਿੰਘਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ।
ਇਕੱਤਰਤਾ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰ ਵਲੋਂ ਬੇਅਦਬੀਆਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦੇ ਨਾਂ ’ਤੇ ਬਣਾਏ ਗਏ ਇਸ ਕਾਨੂੰਨ ਵਿਚ ਕਸਟੋਡੀਅਨ ਸ਼ਬਦ ਰਾਹੀਂ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾ ਕਰਨ ਵਾਲਿਆਂ ਨੂੰ ਵੀ ਦੋਸ਼ੀ ਠਹਿਰਾਏ ਜਾਣਾ ਕਿਸੇ ਵੀ ਤਰ੍ਹਾਂ ਪ੍ਰਵਾਨ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਸਰਕਾਰ ਦੁਆਰਾ ਲਿਆਂਦਾ ਗਿਆ ਇਹ ਕਾਨੂੰਨ ਸੰਗਤਾਂ ਨੂੰ ਗੁਰਬਾਣੀ ਨਾਲੋਂ ਤੋੜਨ ਦਾ ਇਕ ਯਤਨ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਮਨਸ਼ਾ ਇਸ ਗੱਲ ਤੋਂ ਵੀ ਸਪੱਸ਼ਟ ਹੁੰਦੀ ਹੈ ਕਿ ਵਿਧਾਨ ਸਭਾ ਵਿਚ ਪੇਸ਼ ਕਾਨੂੰਨ ਦਾ ਖਰੜਾ ਅੰਗਰੇਜ਼ੀ ਭਾਸ਼ਾ ਵਿਚ ਸੀ ਅਤੇ ਹੁਣ ਤੱਕ ਸਰਕਾਰ ਨੇ ਇਸ ਦਾ ਪੰਜਾਬੀ ਵਿਚ ਅਨੁਵਾਦ ਕਰਨਾ ਵੀ ਮੁਨਾਸਿਬ ਨਹੀਂ ਸਮਝਿਆ। ਉਨ੍ਹਾਂ ਕਿਹਾ ਕਿ ਸਰਕਾਰ ਦੁਆਰਾ ਲਿਆਂਦੇ ਇਸ ਕਾਨੂੰਨ ਵਿਚਲੀਆਂ ਊਣਤਾਈਆਂ ਤੋਂ ਸੰਗਤਾਂ ਨੂੰ ਜਾਣੂੰ ਕਰਵਾਉਣਾ ਪ੍ਰਚਾਰਕ ਸ਼੍ਰੇਣੀ ਦੀ ਵੱਡੀ ਜ਼ੁੰਮੇਵਾਰੀ ਹੈ। ਉਨ੍ਹਾਂ 31 ਮਈ ਨੂੰ ਬੁਲਾਈ ਗਈ ਪੰਥਕ ਕਾਨਫ਼ਰੰਸ ਵਿਚ ਸੰਗਤਾਂ ਦੀ ਭਰਵੀਂ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਹਰ ਪ੍ਰਚਾਰਕ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਲਈ ਵੀ ਪ੍ਰੇਰਿਤ ਕੀਤਾ।
ਇਕੱਤਰਤਾ ’ਚ ਧਰਮ ਪ੍ਰਚਾਰ ਕਮੇਟੀ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ ਅਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਅਤੇ ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਓ.ਐਸ.ਡੀ. ਸਤਬੀਰ ਸਿੰਘ ਧਾਮੀ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੇਜਰ ਸਿੰਘ ਅਤੇ ਵੱਡੀ ਗਿਣਤੀ ’ਚ ਪ੍ਰਚਾਰਕ, ਢਾਡੀ ਤੇ ਕਵੀਸ਼ਰ ਸਿੰਘ ਮੌਜੂਦ ਸਨ।
;
;
;
;
;
;
;
;
;