JALANDHAR WEATHER

ਧੱਕੇਸ਼ਾਹੀ ਨਾਲ ਚੋਣਾਂ ਨਹੀਂ ਜਿੱਤੀਆਂ ਜਾ ਸਕਦੀਆਂ, ਪੰਜਾਬ ਦੇ ਲੋਕ ਦੇਣਗੇ ਮੂੰਹਤੋੜ ਜਵਾਬ- ਸੁਖਬੀਰ ਬਾਦਲ

ਮਲੋਟ, 23 ਮਈ (ਪਾਟਿਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੌਜੂਦਾ ਸਰਕਾਰ ਅਤੇ ਚੋਣ ਪ੍ਰਕਿਰਿਆ 'ਤੇ ਤਿੱਖੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿਚ ਧੱਕੇਸ਼ਾਹੀ ਅਤੇ ਦਬਾਅ ਦੇ ਆਧਾਰ 'ਤੇ ਚੋਣਾਂ ਜਿੱਤਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਪਰ ਪੰਜਾਬ ਦੇ ਲੋਕ ਇਸ ਤਰ੍ਹਾਂ ਦੀ ਰਾਜਨੀਤੀ ਨੂੰ ਕਦੇ ਸਵੀਕਾਰ ਨਹੀਂ ਕਰਨਗੇ।

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੁਝ ਲੋਕ ਇਹ ਸਮਝਦੇ ਹਨ ਕਿ ਡਰਾ-ਧਮਕਾ ਕੇ ਅਤੇ ਧੱਕੇ ਨਾਲ ਚੋਣਾਂ ਜਿੱਤੀਆਂ ਜਾ ਸਕਦੀਆਂ ਹਨ, ਪਰ ਪੰਜਾਬ ਦੀ ਜਨਤਾ ਸਭ ਕੁਝ ਸਮਝਦੀ ਹੈ ਅਤੇ ਸਮੇਂ ਆਉਣ 'ਤੇ ਇਸ ਦਾ ਮੂੰਹਤੋੜ ਜਵਾਬ ਦੇਵੇਗੀ। ਉਨ੍ਹਾਂ ਕਿਹਾ ਕਿ ਜਿੰਨਾ ਵੱਧ ਧੱਕਾ ਕੀਤਾ ਜਾਵੇਗਾ, ਉਨ੍ਹਾਂ ਹੀ ਵੱਧ ਲੋਕਾਂ ਵਿਚ ਰੋਸ ਪੈਦਾ ਹੋਵੇਗਾ।

ਉਨ੍ਹਾਂ ਨੇ ਪੰਜਾਬ ਦੇ ਚੋਣ ਪ੍ਰਬੰਧਾਂ 'ਤੇ ਵੀ ਸਵਾਲ ਚੁੱਕਦੇ ਹੋਏ ਕਿਹਾ ਕਿ ਚੋਣ ਕਮਿਸ਼ਨ ਨੂੰ ਨਿਰਪੱਖ ਢੰਗ ਨਾਲ ਆਪਣੀ ਭੂਮਿਕਾ ਨਿਭਾਉਣੀ ਚਾਹੀਦੀ ਹੈ।
ਅਕਾਲੀ ਦਲ ਪ੍ਰਧਾਨ ਨੇ ਪੰਜਾਬ ਦੇ ਲੋਕਾਂ ਨੂੰ ਖੇਤਰੀ ਪਾਰਟੀ ਨੂੰ ਤਰਜੀਹ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਸਿਰਫ਼ ਖੇਤਰੀ ਪਾਰਟੀ ਹੀ ਪੰਜਾਬ ਦੇ ਦਰਦ ਅਤੇ ਲੋੜਾਂ ਨੂੰ ਅਸਲ ਵਿਚ ਸਮਝ ਸਕਦੀ ਹੈ। ਉਨ੍ਹਾਂ ਕਿਹਾ ਕਿ ਰਾਸ਼ਟਰੀ ਪਾਰਟੀਆਂ ਪੰਜਾਬ ਦੇ ਮਸਲਿਆਂ ਨੂੰ ਉਸ ਤਰ੍ਹਾਂ ਨਹੀਂ ਸਮਝ ਸਕਦੀਆਂ ਜਿਵੇਂ ਪੰਜਾਬ ਦੀ ਆਪਣੀ ਪਾਰਟੀ ਸਮਝਦੀ ਹੈ।

ਉਨ੍ਹਾਂ ਦਾਅਵਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਸਭ ਤੋਂ ਵੱਧ ਮੁਲਾਜ਼ਮ ਭਰਤੀਆਂ ਕੀਤੀਆਂ ਅਤੇ ਮੁਲਾਜ਼ਮ ਵਰਗ ਦੇ ਹਿੱਤਾਂ ਲਈ ਅਹਿਮ ਫੈਸਲੇ ਲਏ। ਉਨ੍ਹਾਂ ਕਿਹਾ ਕਿ ਡੀ.ਏ. ਸਮੇਤ ਕਈ ਲਾਭ ਦਿੱਤੇ ਗਏ ਅਤੇ ਪੇ ਕਮਿਸ਼ਨ ਨਾਲ ਸੰਬੰਧਤ ਫੈਸਲੇ ਵੀ ਲਾਗੂ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਹ ਸਭ ਚੰਗੀ ਤਰ੍ਹਾਂ ਜਾਣਦੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਮੌਜੂਦਾ ਸਰਕਾਰ ਨੂੰ ਇਸ ਦਾ ਜਵਾਬ ਦੇਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ