JALANDHAR WEATHER

ਪੁਲਿਸ ਵਲੋਂ ਅਫੀਮ ਸਮੇਤ ਨਸ਼ਾ ਤਸਕਰ ਗ੍ਰਿਫ਼ਤਾਰ, ਮੁਲਜ਼ਮ ਤਿੰਨ ਦਿਨ ਦੇ ਰਿਮਾਂਡ ‘ਤੇ

ਡੇਰਾਬੱਸੀ, 23 ਮਈ (ਅਲੀ)- ਲਾਲੜੂ ਪੁਲਿਸ ਨੇ ਨਸ਼ਾ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਇਕ ਅਜਿਹੇ ਮੁਲਜ਼ਮ ਨੂੰ ਕਾਬੂ ਕੀਤਾ ਹੈ, ਜਿਸ ਦਾ ਨਾਮ ਪਹਿਲਾਂ ਵੀ ਨਸ਼ਾ ਤਸਕਰੀ ਦੇ ਮਾਮਲਿਆਂ ਵਿਚ ਸਾਹਮਣੇ ਆ ਚੁੱਕਾ ਹੈ। ਇਸ ਵਾਰ ਮੁਲਜ਼ਮ ਇਕ ਕਿਲੋ ਅਫੀਮ ਸਮੇਤ ਪੁਲਿਸ ਦੇ ਹੱਥ ਚੜ੍ਹਿਆ। ਪੁਲਿਸ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਉੱਤਰ ਪ੍ਰਦੇਸ਼ ਵਿਚ ਨਸ਼ਾ ਤਸਕਰੀ ਨਾਲ ਸੰਬੰਧਿਤ ਕੇਸ ਦਰਜ ਹਨ, ਜਿਸ ਕਾਰਨ ਉਸਦੇ ਵੱਡੇ ਨੈੱਟਵਰਕ ਨਾਲ ਜੁੜੇ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

ਜਾਣਕਾਰੀ ਮੁਤਾਬਕ, ਥਾਣਾ ਲਾਲੜੂ ਦੀ ਪੁਲਿਸ ਟੀਮ ਅੰਬਾਲਾ-ਚੰਡੀਗੜ੍ਹ ਨੈਸ਼ਨਲ ਹਾਈਵੇ ਸਥਿਤ ਝਰਮੜੀ ਬੈਰੀਅਰ 'ਤੇ ਗਸ਼ਤ ਕਰ ਰਹੀ ਸੀ। ਇਸ ਦੌਰਾਨ ਸੜ੍ਹਕ ਕਿਨਾਰੇ ਖੜ੍ਹਾ ਇਕ ਨੌਜਵਾਨ ਪੁਲਿਸ ਟੀਮ ਨੂੰ ਦੇਖ ਕੇ ਘਬਰਾ ਗਿਆ ਅਤੇ ਆਪਣੇ ਕੋਲ ਮੌਜੂਦ ਪਿੱਠੂ ਬੈਗ ਨੂੰ ਲੁਕਾਉਣ ਦੀ ਕੋਸ਼ਿਸ਼ ਕਰਨ ਲੱਗਾ। ਉਸ ਦੀਆਂ ਹਰਕਤਾਂ ਸ਼ੱਕੀ ਲੱਗਣ 'ਤੇ ਪੁਲਿਸ ਨੇ ਤੁਰੰਤ ਉਸ ਨੂੰ ਰੋਕ ਕੇ ਪੁੱਛਗਿੱਛ ਕੀਤੀ।

ਤਲਾਸ਼ੀ ਦੌਰਾਨ ਬੈਗ ਵਿਚੋਂ ਇਕ ਕਿਲੋ ਅਫੀਮ ਬਰਾਮਦ ਹੋਈ। ਮੁਲਜ਼ਮ ਦੀ ਪਹਿਚਾਣ ਸ਼੍ਰੀਪਾਲ ਪੁੱਤਰ ਲਾਖਨ ਵਾਸੀ ਪਿੰਡ ਨਬੀਗੰਜ ਜਦੀਦ, ਥਾਣਾ ਸਾਹਾਬਾਦ, ਜ਼ਿਲ੍ਹਾ ਰਾਮਪੁਰ (ਉੱਤਰ ਪ੍ਰਦੇਸ਼) ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ, ਜਿੱਥੋਂ ਤਿੰਨ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ। ਜਾਂਚ ਅਧਿਕਾਰੀਆਂ ਮੁਤਾਬਕ ਪੁੱਛਗਿੱਛ ਦੌਰਾਨ ਮੁਲਜ਼ਮ ਦੇ ਸੰਪਰਕਾਂ, ਨਸ਼ਾ ਸਪਲਾਈ ਚੇਨ ਅਤੇ ਹੋਰ ਸੰਭਾਵਿਤ ਸਾਥੀਆਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਪੁਲਿਸ ਨੂੰ ਉਮੀਦ ਹੈ ਕਿ ਰਿਮਾਂਡ ਦੌਰਾਨ ਕਈ ਅਹਿਮ ਖੁਲਾਸੇ ਹੋ ਸਕਦੇ ਹਨ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ