ਡੀਜ਼ਲ-ਪੈਟਰੋਲ ਦੀਆਂ ਵਧੀਆਂ ਕੀਮਤਾਂ ਅਤੇ ਰੁਪਏ ਦੀ ਗਿਰਾਵਟ ਖ਼ਿਲਾਫ਼ ਕੇਂਦਰ ਸਰਕਾਰ ਦਾ ਪੁਤਲਾ ਫੂਕਿਆਂ
ਚੋਗਾਵਾਂ/ਅੰਮ੍ਰਿਤਸਰ, 25 ਮਈ (ਗੁਰਵਿੰਦਰ ਸਿੰਘ ਕਲਸੀ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਜੋਨ ਸ਼ਹੀਦ ਭਾਈ ਮੇਵਾ ਸਿੰਘ ਲੋਪੋਕੇ ਵਿਚ ਪਿੰਡ ਪੱਧਰੀ ਚੋਣ ਪ੍ਰਕਿਰਿਆ ਪੂਰੀ ਕਰਨ ਤੋਂ ਬਾਅਦ ਅੱਜ ਸਰਹੱਦੀ ਪਿੰਡ ਕੱਕੜ ਵਿਚ ਸੂਬਾ ਆਗੂ ਸਰਵਣ ਸਿੰਘ ਪੰਧੇਰ ਅਤੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰ ਬਾਲਾ ਦੀ ਪ੍ਰਧਾਨਗੀ ਹੇਠ ਜੋਨ ਡੈਲੀਗੇਟ ਇਜਲਾਸ ਸੱਦ ਕੇ ਜੋਨ ਕੋਰ ਕਮੇਟੀ ਦਾ ਪੁਨਰਗਠਨ ਕੀਤਾ ਗਿਆ। ਜਿਸ ਵਿਚ ਸਰਬਸੰਮਤੀ ਨਾਲ ਜੋਨ ਕੋਰ ਕਮੇਟੀ ਦੀ ਚੋਣ ਵਿਚ ਗੁਰਲਾਲ ਸਿੰਘ ਕੱਕੜ ਨੂੰ ਪ੍ਰਧਾਨ, ਸਾਹਿਬ ਸਿੰਘ ਕੱਕੜ ਨੂੰ ਸਕੱਤਰ, ਕੁਲਬੀਰ ਸਿੰਘ ਲੋਪੋਕੇ ਨੂੰ ਖ਼ਜ਼ਾਨਚੀ ਅਤੇ ਸੁਖਜਿੰਦਰ ਸਿੰਘ ਸ਼ਾਹ ਲੋਪੋਕੇ ਨੂੰ ਪ੍ਰੈਸ ਸਕੱਤਰ ਚੁਣਿਆ ਗਿਆ।
ਇਸ ਤੋਂ ਇਲਾਵਾ ਹੁਸਨਪ੍ਰੀਤ ਸਿੰਘ ਰਾਣੀਆਂ, ਗੁਰਭੇਜ ਸਿੰਘ ਰਾਣੀਆਂ, ਸੁਖਬੀਰ ਸਿੰਘ ਕੱਕੜ, ਰਣਜੀਤ ਸਿੰਘ ਲੋਧੀ ਗੁੱਜਰ, ਗੁਰਪਿੰਦਰ ਸਿੰਘ ਖੁਸਪੁਰਾ ਅਤੇ ਫਤਹਿ ਸਿੰਘ ਲੋਪੋਕੇ ਸਮੇਤ 11 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਫੇਲ੍ਹ ਆਰਥਿਕ ਅਤੇ ਵਿਦੇਸ਼ ਨੀਤੀਆਂ ਦਾ ਸਿੱਧਾ ਬੋਝ ਆਮ ਲੋਕਾਂ, ਕਿਸਾਨਾਂ ਅਤੇ ਮਜ਼ਦੂਰਾਂ ‘ਤੇ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ 13 ਦਿਨਾਂ ਦੌਰਾਨ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਵਿਚ ਲਗਭਗ 8 ਤੋਂ 9 ਰੁਪਏ ਪ੍ਰਤੀ ਲੀਟਰ ਵਾਧਾ ਕੀਤਾ ਗਿਆ ਹੈ, ਜਿਸ ਨਾਲ ਖੇਤੀ ਲਾਗਤਾਂ, ਆਵਾਜਾਈ ਖ਼ਰਚੇ ਅਤੇ ਆਮ ਵਰਤੋਂ ਦੀਆਂ ਚੀਜ਼ਾਂ ਮਹਿੰਗੀਆਂ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸੇ ਸਮੇਂ ਦੌਰਾਨ ਕੇਂਦਰ ਸਰਕਾਰ ਨੇ ਝੋਨੇ ਦੇ ਭਾਅ ਵਿਚ ਕੇਵਲ ਕਰੀਬ 72 ਪੈਸੇ ਪ੍ਰਤੀ ਕਿਲੋ ਦਾ ਹੀ ਵਾਧਾ ਕੀਤਾ ਹੈ, ਜੋ ਕਿਸਾਨਾਂ ਨਾਲ ਵੱਡਾ ਧੋਖਾ ਹੈ। ਉਨ੍ਹਾਂ ਕਿਹਾ ਕਿ ਪਿਛਲੇ 12 ਮਹੀਨਿਆਂ ਦੌਰਾਨ ਅਮਰੀਕੀ ਡਾਲਰ ਦੇ ਮੁਕਾਬਲੇ ਭਾਰਤੀ ਰੁਪਇਆ ਕਰੀਬ 12 ਤੋਂ 13 ਰੁਪਏ ਤੱਕ ਹੇਠਾਂ ਡਿੱਗ ਚੁੱਕਾ ਹੈ।
ਇਸ ਕਾਰਨ ਪੈਟਰੋਲ, ਡੀਜ਼ਲ, ਖਾਦਾਂ, ਕੀਟਨਾਸ਼ਕਾਂ ਅਤੇ ਹੋਰ ਆਯਾਤੀ ਵਸਤਾਂ ਦੀਆਂ ਕੀਮਤਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਮੌਕੇ ਕਿਸਾਨਾਂ ਅਤੇ ਮਜ਼ਦੂਰਾਂ ਨੇ ਡੀਜ਼ਲ-ਪੈਟਰੋਲ ਦੀਆਂ ਵਧੀਆਂ ਕੀਮਤਾਂ, ਰੁਪਏ ਦੀ ਗਿਰਦੀ ਕੀਮਤ ਅਤੇ ਮਹਿੰਗਾਈ ਖ਼ਿਲਾਫ਼ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ। ਆਗੂਆਂ ਨੇ ਮੰਗ ਕੀਤੀ ਕਿ ਸਰਕਾਰ ਤੁਰੰਤ ਡੀਜ਼ਲ-ਪੈਟਰੋਲ ਦੀਆਂ ਵਧੀਆਂ ਕੀਮਤਾਂ ਵਾਪਸ ਲਵੇ ਅਤੇ ਕਿਸਾਨਾਂ ਨੂੰ ਫਸਲਾਂ ਦੇ ਲਾਭਕਾਰੀ ਭਾਅ ਦਿੱਤੇ ਜਾਣ। ਇਸ ਮੌਕੇ ਜ਼ਿਲ੍ਹਾ ਆਗੂ ਲਖਵਿੰਦਰ ਸਿੰਘ ਡਾਲਾ, ਬਾਜ਼ ਸਿੰਘ ਸਾਰੰਗੜਾ, ਰਾਜਬੀਰ ਸਿੰਘ, ਜਸਬੀਰ ਸਿੰਘ, ਅਵਤਾਰ ਸਿੰਘ, ਗੁਰ ਪ੍ਰਤਾਪ ਸਿੰਘ ਕੱਕੜ, ਸ਼ਰਨਪਾਲ ਸਿੰਘ, ਕਰਮਜੀਤ ਸਿੰਘ, ਹਰਪਾਲ ਸਿੰਘ ਰਾਣੀਆਂ, ਨਿਸ਼ਾਨ ਸਿੰਘ, ਗੁਰਭੇਜ ਸਿੰਘ ਆਦਿ ਹਾਜ਼ਰ ਸਨ।
;
;
;
;
;
;
;
;