ਅਣਪਛਾਤੇ ਵਿਅਕਤੀਆਂ ਨੇ ਧਾਰਮਿਕ ਗ੍ਰੰਥਾਂ ਨਾਲ ਕੀਤੀ ਛੇੜਛਾੜ
ਗੁਰੂਹਰਸਹਾਏ, 26 ਮਈ (ਹਰਚਰਨ ਸਿੰਘ ਸੰਧੂ/ਕਪਿਲ ਕੰਧਾਰੀ )- ਗੁਰੂਹਰਸਹਾਏ ਸ਼ਹਿਰ ਦੇ ਨਾਲ ਲੱਗਦੇ ਪਿੰਡ ਸ਼ਰੀਹ ਵਾਲਾ ਬਰਾੜ ਵਿਖੇ ਸਥਿਤ ਸ੍ਰੀ ਵਾਲਮੀਕ ਮੰਦਿਰ ਵਿਚ ਚੋਰੀ ਅਤੇ ਧਾਰਮਿਕ ਗ੍ਰੰਥਾਂ ਨਾਲ ਕੀਤੀ ਗਈ ਛੇੜਛਾੜ ਦੀ ਘਟਨਾ ਤੋਂ ਬਾਅਦ ਪਿੰਡ ਅਤੇ ਇਲਾਕਾ ਵਾਸੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਲਾਕੇ ਦੀਆਂ ਧਾਰਮਿਕ ਸੰਸਥਾਵਾਂ ਦੇ ਆਗੂਆਂ ਅਤੇ ਹੋਰ ਲੋਕਾਂ ਵਲੋਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੇ ਸਾਬਕਾ ਸਰਪੰਚ ਸੁਰਜੀਤ ਧਵਨ ਨੇ ਦੱਸਿਆ ਕਿ ਬੀਤੀ ਰਾਤ ਕਿਸੇ ਅਣਪਛਾਤੇ ਵਿਅਕਤੀਆਂ ਵਲੋਂ ਪਿੰਡ ਸ਼ਰੀਹ ਵਾਲਾ ਬਰਾੜ ਵਿਖੇ ਸਥਿਤ ਸ੍ਰੀ ਵਾਲਮੀਕ ਮੰਦਰ ਦੀ ਗੋਲਕ ਤੋੜ ਕੇ ਉਸ ਵਿਚੋਂ ਨਗਦੀ ਚੋਰੀ ਕਰ ਕੇ ਗੋਲਕ ਨੂੰ ਮੰਦਿਰ ਤੋਂ ਕਾਫੀ ਦੂਰੀ ਤੇ ਸੁੱਟ ਦਿੱਤਾ ਗਿਆ ਇਸ ਦੇ ਨਾਲ ਹੀ ਮੰਦਰ ਵਿਚ ਸਥਾਪਿਤ ਸ੍ਰੀ ਰਾਮਾਇਣ ਜੀ ਅਤੇ ਅੰਮ੍ਰਿਤ ਬਾਣੀ ਜੀ ਦੇ ਸਰੂਪਾਂ ਨਾਲ ਵੀ ਛੇੜਛਾੜ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮੰਦਰ ਵਿਚ ਪਿਆ ਪ੍ਰਸ਼ਾਦ ਜ਼ਮੀਨ ’ਤੇ ਖਿਲਾਰ ਦਿੱਤਾ ਗਿਆ ਅਤੇ ਰੁਮਾਲਾ ਸਾਹਿਬ ਵੀ ਇੱਧਰ-ਉੱਧਰ ਸੁੱਟੇ ਹੋਏ ਮਿਲੇ। ਉਨ੍ਹਾਂ ਕਿਹਾ ਕਿ ਜਦੋਂ ਮੰਦਿਰ ਦੇ ਸੇਵਾਦਾਰ ਸਵੇਰੇ ਮੰਦਰ ਖੋਲ੍ਹਣ ਲਈ ਪਹੁੰਚੇ ਤਾਂ ਉਨ੍ਹਾਂ ਨੂੰ ਇਸ ਘਟਨਾ ਬਾਰੇ ਪਤਾ ਲੱਗਿਆ, ਜਿਸ ਤੋਂ ਬਾਅਦ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀ.ਐਸ.ਪੀ. ਤਜਿੰਦਰ ਪਾਲ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਮੰਦਰ ਵਿਚ ਚੋਰੀ ਹੋਣ ਦੀ ਪੁਸ਼ਟੀ ਹੋਈ ਹੈ ਅਤੇ ਧਾਰਮਿਕ ਗ੍ਰੰਥਾਂ ਨਾਲ ਛੇੜਛਾੜ ਕੀਤੇ ਜਾਣ ਦੇ ਮਾਮਲੇ ਦੀ ਵੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਮੌਕੇ ’ਤੇ ਡੌਗ ਸਕਾਡ ਦੀ ਟੀਮ ਨੂੰ ਵੀ ਬੁਲਾਇਆ ਗਿਆ ਹੈ ਅਤੇ ਉਨ੍ਹਾਂ ਕਿਹਾ ਕਿ ਜਿਸ ਕਿਸੇ ਨੇ ਵੀ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ, ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਪੁਲਿਸ ਵਲੋਂ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਇਸ ਮੌਕੇ ਭਾਜਪਾ ਆਗੂ ਦੀਪਕ ਸ਼ਰਮਾ ਨੇ ਇਸ ਘਟਨਾ ਨੂੰ ਮੰਦਭਾਗੀ ਅਤੇ ਸ਼ਰਮਨਾਕ ਕਰਾਰ ਦਿੰਦਿਆਂ ਕਿਹਾ ਕਿ ਧਾਰਮਿਕ ਸਥਾਨ ਵਿੱਚ ਇਸ ਤਰ੍ਹਾਂ ਦੀ ਘਟਨਾ ਨਾਲ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਗਹਿਰੀ ਠੇਸ ਪਹੁੰਚੀ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।
;
;
;
;
;
;
;
;