ਸੇਵਾ ਕੇਂਦਰ ਮੁਲਾਜ਼ਮਾਂ ਵੱਲੋਂ ਮੋਹਾਲੀ ਡੀ.ਸੀ. ਦਫ਼ਤਰ ਅੱਗੇ ਰੋਸ ਪ੍ਰਦਰਸ਼ਨ, ਹੜਤਾਲ ਸ਼ੁਰੂ
ਲਾਲੜੂ, 27 ਮਈ (ਅਲੀ)- ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੇਵਾ ਕੇਂਦਰ ਜ਼ਿਲ੍ਹਾ ਮੁਲਾਜ਼ਮ ਯੂਨੀਅਨ ਨੇ ਬੁੱਧਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਡੀ.ਸੀ. ਦਫ਼ਤਰ ਮੋਹਾਲੀ ਵਿਖੇ ਵਿਸ਼ਾਲ ਰੋਸ ਪ੍ਰਦਰਸ਼ਨ ਕਰਦਿਆਂ ਅਣਮਿਆਦੀ ਹੜਤਾਲ ਸ਼ੁਰੂ ਕਰ ਦਿੱਤੀ। ਵੱਡੀ ਗਿਣਤੀ ਵਿਚ ਇਕੱਠੇ ਹੋਏ ਸੇਵਾ ਕੇਂਦਰ ਮੁਲਾਜ਼ਮਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਮੰਗਾਂ ਤੁਰੰਤ ਪੂਰੀਆਂ ਕਰਨ ਦੀ ਮੰਗ ਕੀਤੀ।
ਯੂਨੀਅਨ ਆਗੂਆਂ ਨੇ ਦੱਸਿਆ ਕਿ ਉਨ੍ਹਾਂ ਵਲੋਂ ਤਿੰਨ ਦਿਨ ਪਹਿਲਾਂ ਹੀ ਪ੍ਰਸ਼ਾਸਨ ਰਾਹੀਂ ਡਿਪਟੀ ਕਮਿਸ਼ਨਰ ਅਤੇ ਮੁੱਖ ਮੰਤਰੀ ਪੰਜਾਬ ਦੇ ਨਾਂਅ ਮੰਗ ਪੱਤਰ ਸੌਂਪਿਆ ਗਿਆ ਸੀ, ਜਿਸ ਰਾਹੀਂ ਮੰਗਾਂ ਸੰਬੰਧੀ ਸਰਕਾਰ ਨੂੰ ਜਾਣੂ ਕਰਵਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਚੋਣਾਂ ਕਾਰਨ ਸਰਕਾਰੀ ਛੁੱਟੀ ਨੂੰ ਧਿਆਨ ਵਿਚ ਰੱਖਦਿਆਂ ਸਰਕਾਰ ਨੂੰ ਸਮਾਂ ਵੀ ਦਿੱਤਾ ਗਿਆ, ਪਰ ਕੋਈ ਸਕਾਰਾਤਮਕ ਹੁੰਗਾਰਾ ਨਾ ਮਿਲਣ ਕਾਰਨ ਅੱਜ ਸੰਘਰਸ਼ ਦਾ ਰਾਹ ਅਪਣਾਉਣਾ ਪਿਆ।
ਮੁਲਾਜ਼ਮਾਂ ਨੇ ਮੰਗ ਕੀਤੀ ਕਿ ਸੇਵਾ ਕੇਂਦਰਾਂ ਵਿਚ ਚੱਲ ਰਹੀ ਠੇਕੇਦਾਰੀ ਪ੍ਰਥਾ ਖਤਮ ਕਰਕੇ ਨਿੱਜੀ ਕੰਪਨੀਆਂ ਦੇ ਅਧੀਨ ਕੰਮ ਕਰ ਰਹੇ ਕਰਮਚਾਰੀਆਂ ਨੂੰ ਸਿੱਧਾ ਸਰਕਾਰੀ ਵਿਭਾਗ ਦੇ ਅਧੀਨ ਲਿਆਂਦਾ ਜਾਵੇ ਅਤੇ ਉਨ੍ਹਾਂ ਨੂੰ ਰੈਗੂਲਰ ਕੀਤਾ ਜਾਵੇ। ਇਸ ਤੋਂ ਇਲਾਵਾ ਵੱਧ ਰਹੀ ਮਹਿੰਗਾਈ ਦੇ ਮੱਦੇਨਜ਼ਰ ਤਨਖਾਹਾਂ ਵਿਚ ਵਾਧਾ ਅਤੇ ਤਨਖਾਹਾਂ ਦੀ ਸਮੇਂ ਸਿਰ ਅਦਾਇਗੀ ਨੂੰ ਯਕੀਨੀ ਬਣਾਉਣ ਦੀ ਮੰਗ ਵੀ ਉਠਾਈ ਗਈ।
ਯੂਨੀਅਨ ਆਗੂਆਂ ਨੇ ਦੋਸ਼ ਲਗਾਇਆ ਕਿ ਪ੍ਰਾਈਵੇਟ ਕੰਪਨੀਆਂ ਵਲੋਂ ਸਰਕਾਰੀ ਹਦਾਇਤਾਂ ਦੇ ਉਲਟ ਤਨਖਾਹਾਂ ਸਮੇਂ ਸਿਰ ਜਾਰੀ ਨਹੀਂ ਕੀਤੀਆਂ ਜਾ ਰਹੀਆਂ, ਜਿਸ ਕਾਰਨ ਮੁਲਾਜ਼ਮ ਆਰਥਿਕ ਅਤੇ ਮਾਨਸਿਕ ਪਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ।
ਮੁਲਾਜ਼ਮ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ 'ਤੇ ਜਲਦ ਕੋਈ ਠੋਸ ਕਾਰਵਾਈ ਨਾ ਕੀਤੀ ਗਈ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਪੂਰੇ ਪੰਜਾਬ ਵਿਚ ਕਲਮ-ਛੋੜ ਹੜਤਾਲ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਹੋਣ ਵਾਲੀ ਪਰੇਸ਼ਾਨੀ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਅਤੇ ਪ੍ਰਸ਼ਾਸਨ ਦੀ ਹੋਵੇਗੀ।
;
;
;
;
;
;
;
;
;