ਕਿਸਾਨ ਜਥੇਬੰਦੀਆਂ ਦਾ ਵੱਡਾ ਐਲਾਨ, ਹੁਣ ਜ਼ੀਰਕਪੁਰ 'ਚ ਫੂਕਿਆ ਜਾਵੇਗਾ ਵਿਧਾਇਕ ਦਾ ਪੁਤਲਾ
ਡੇਰਾਬੱਸੀ, 27 ਮਈ (ਅਲੀ)- ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਕਿਸਾਨ ਆਗੂਆਂ ਖ਼ਿਲਾਫ਼ ਵਰਤੀ ਗਈ ਕਥਿਤ ਸ਼ਬਦਾਵਲੀ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਿਚ ਰੋਸ ਲਗਾਤਾਰ ਵੱਧਦਾ ਜਾ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਅਤੇ ਹੋਰ ਕਿਸਾਨ ਯੂਨੀਅਨਾਂ ਵਲੋਂ ਵਿਰੋਧ ਪ੍ਰਦਰਸ਼ਨਾਂ ਦੀ ਲੜੀ ਜਾਰੀ ਹੈ। ਕਿਸਾਨ ਆਗੂਆਂ ਮੁਤਾਬਕ 25 ਮਈ ਨੂੰ ਡੱਪਰ ਟੋਲ ਪਲਾਜ਼ਾ ਵਿਖੇ ਵਿਧਾਇਕ ਦਾ ਪੁਤਲਾ ਸਾੜ ਕੇ ਰੋਸ ਦਰਜ ਕਰਵਾਇਆ ਗਿਆ ਸੀ। ਉਸ ਸਮੇਂ 28 ਮਈ ਨੂੰ ਡੇਰਾਬੱਸੀ ਵਿਖੇ ਦੁਬਾਰਾ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਸੀ, ਪਰ ਹੁਣ ਕਿਸਾਨ ਯੂਨੀਅਨ ਦੇ ਦਫ਼ਤਰ ਵਿਚ ਹੋਈ ਮੀਟਿੰਗ ਦੌਰਾਨ ਪ੍ਰੋਗਰਾਮ ਵਿਚ ਤਬਦੀਲੀ ਕਰ ਦਿੱਤੀ ਗਈ ਹੈ।
ਕਿਸਾਨ ਜਥੇਬੰਦੀਆਂ ਨੇ ਦੱਸਿਆ ਕਿ ਹੁਣ 28 ਮਈ ਨੂੰ ਸਵੇਰੇ 10 ਵਜੇ ਨਗਰ ਕੌਂਸਲ ਚੌਂਕ (ਕੋਹੀਨੂਰ ਢਾਬਾ ਨੇੜੇ), ਜ਼ੀਰਕਪੁਰ ਵਿਖੇ ਇਕੱਠ ਕੀਤਾ ਜਾਵੇਗਾ, ਜਿਥੋਂ ਪਟਿਆਲਾ ਚੌਂਕ ਤੱਕ ਰੋਸ ਮਾਰਚ ਕਰਕੇ ਹਲਕਾ ਵਿਧਾਇਕ ਦਾ ਪੁਤਲਾ ਸਾੜਿਆ ਜਾਵੇਗਾ। ਇਸ ਦੌਰਾਨ ਕਿਸਾਨ ਆਗੂਆਂ ਨੇ ਕਿਸਾਨਾਂ, ਮਜ਼ਦੂਰਾਂ, ਵਿਦਿਆਰਥੀਆਂ ਅਤੇ ਇਨਸਾਫ਼ ਪਸੰਦ ਲੋਕਾਂ ਨੂੰ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਕਿਸੇ ਵੀ ਵਰਗ ਖ਼ਿਲਾਫ਼ ਅਪਮਾਨਜਨਕ ਭਾਸ਼ਾ ਦੀ ਵਰਤੋਂ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ।
ਇਸ ਮੌਕੇ ਕਿਸਾਨ ਜਥੇਬੰਦੀਆਂ ਨੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵਲੋਂ ਪੁਲਿਸ ਕਰਮਚਾਰੀਆਂ ਬਾਰੇ ਕੀਤੀ ਗਈ ਕਥਿਤ ਟਿੱਪਣੀ ਦੀ ਵੀ ਨਿੰਦਾ ਕਰਦਿਆਂ ਐਲਾਨ ਕੀਤਾ ਕਿ 28 ਮਈ ਦੇ ਪ੍ਰਦਰਸ਼ਨ ਦੌਰਾਨ ਉਨ੍ਹਾਂ ਦਾ ਵੀ ਪੁਤਲਾ ਸਾੜਿਆ ਜਾਵੇਗਾ। ਸੰਯੁਕਤ ਕਿਸਾਨ ਮੋਰਚਾ, ਤਹਿਸੀਲ ਡੇਰਾਬੱਸੀ ਵਲੋਂ ਸਮੂਹ ਇਲਾਕਾ ਨਿਵਾਸੀਆਂ ਨੂੰ ਪ੍ਰੋਗਰਾਮ ਵਿਚ ਵੱਡੀ ਗਿਣਤੀ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ।
;
;
;
;
;
;
;
;
;