JALANDHAR WEATHER

ਬੰਦੀ ਸਿੰਘਾਂ ਨੂੰ ਰਿਹਾਅ ਨਾ ਕਰਕੇ ਸਿੱਖ ਕੌਮ ਨੂੰ ਗੁਲਾਮ ਹੋਣ ਦਾ ਅਹਿਸਾਸ ਕਰਵਾਇਆ ਜਾ ਰਿਹਾ- ਬਾਪੂ ਤਰਸੇਮ ਸਿੰਘ

ਅਜਨਾਲਾ, 27 ਮਈ (ਗੁਰਪ੍ਰੀਤ ਸਿੰਘ ਢਿੱਲੋਂ)- ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਪਾਰਟੀ ਆਗੂ ਚਰਨਜੀਤ ਸਿੰਘ ਗਾਲਬ ਦੀ ਅਗਵਾਈ 'ਚ ਅਜਨਾਲਾ ਵਿਖੇ ਸਿਆਸੀ ਪੰਥਕ ਕਾਨਫਰੰਸ ਕਰਵਾਈ ਗਈ, ਜਿਸ ਵਿਚ ਡਿਬੜੂਗੜ੍ਹ ਜੇਲ੍ਹ ਵਿਚ ਬੰਦ ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ, ਅਮਰਜੀਤ ਸਿੰਘ ਵਣਚਿੜੀ, ਪਰਮਜੀਤ ਸਿੰਘ ਜੌਹਲ, ਮੀਡੀਆ ਇੰਚਾਰਜ ਸ਼ਮਸ਼ੇਰ ਸਿੰਘ ਪੱਧਰੀ ਅਤੇ ਜਿਲ੍ਹਾ ਪ੍ਰਧਾਨ ਜਸਕਰਨ ਸਿੰਘ ਰਿਆੜ ਸਮੇਤ ਵੱਖ-ਵੱਖ ਪੰਥਕ ਆਗੂਆਂ ਨੇ ਸ਼ਿਰਕਤ ਕੀਤੀ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਬਿਨਾਂ ਕਿਸੇ ਕਸੂਰ ਦੇ ਭਾਈ ਅੰਮ੍ਰਿਤਪਾਲ ਸਿੰਘ ਸਮੇਤ ਆਪਣੀਆਂ ਸਜਾਵਾਂ ਭੁਗਤ ਚੁੱਕੇ ਬੰਦੀ ਸਿੰਘਾਂ ਨੂੰ ਲੰਬੇ ਸਮੇਂ ਤੋਂ ਜੇਲ੍ਹਾਂ ਵਿਚ ਰੱਖ ਕੇ ਸਿੱਖ ਕੌਮ ਨੂੰ ਗੁਲਾਮ ਹੋਣ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਈ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਰਿਹਾਈ ਦੀ ਉਡੀਕ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਇਕ ਪਾਸੇ ਬਲਾਤਕਾਰ ਵਰਗੇ ਗੰਭੀਰ ਮਾਮਲਿਆਂ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਗੁਰਮੀਤ ਰਾਮ ਰਹੀਮ ਨੂੰ ਸਰਕਾਰ ਵਲੋਂ ਥੋੜੇ ਥੋੜੇ ਸਮੇਂ ਬਾਅਦ ਪੈਰੋਲ ਦਿੱਤੀ ਜਾਂਦੀ ਹੈ, ਜਦਕਿ ਬੰਦੀ ਸਿੰਘਾਂ ਦੇ ਮਾਮਲੇ ਵਿਚ ਸਰਕਾਰ ਦੋਹਰਾ ਮਾਪਦੰਡ ਅਪਣਾ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਸਿੱਖਾਂ ਦੀਆਂ ਭਾਵਨਾਵਾਂ ਨੂੰ ਨਜ਼ਰਅੰਦਾਜ਼ ਕਰ ਰਹੀਆਂ ਹਨ।

ਅੱਜ ਦੀ ਇਸ ਕਾਨਫਰੰਸ ਦੌਰਾਨ ਅਕਾਲੀ ਦਲ ਵਾਰਸ ਪੰਜਾਬ ਦੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਤੇ ਬੁਲਾਰੇ ਜਸਕਰਨ ਸਿੰਘ ਰਿਆੜ ਸਮੇਤ ਹੋਰਨਾਂ ਆਗੂਆਂ ਨੇ ਸਿੱਖ ਨੌਜਵਾਨਾਂ ਨੂੰ ਕੌਮੀ ਹੱਕਾਂ ਲਈ ਇਕੱਠੇ ਹੋਣ ਦਾ ਸੱਦਾ ਦਿੱਤਾ ਅਤੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਹੋਰ ਬੁਲਾਰਿਆਂ ਨੇ ਵੀ ਆਪਣੇ ਵਿਚਾਰ ਪ੍ਰਗਟ ਕਰਦਿਆਂ ਸਿੱਖ ਮਸਲਿਆਂ ‘ਤੇ ਆਵਾਜ਼ ਬੁਲੰਦ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ