JALANDHAR WEATHER

31 ਮਈ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਹੋ ਰਹੀ ਪੰਥਕ ਕਾਨਫ਼ਰੰਸ ਵਿਚ ਸਿੱਖ ਫੈਡਰੇਸ਼ਨ ਕਰੇਗੀ ਭਰਵੀਂ ਸ਼ਮੂਲੀਅਤ- ਭਾਈ ਗਰੇਵਾਲ/ਭਾਈ ਖ਼ਾਲਸਾ

ਅੰਮ੍ਰਿਤਸਰ, 27 ਮਈ (ਜਸਵੰਤ ਸਿੰਘ ਜੱਸ)- ਪੰਜਾਬ ਸਰਕਾਰ ਵਲੋਂ ਪਾਸ ਕੀਤੇ ਗਏ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ 2026” ਵਿਚ ਦਰਜ ਮੱਦਾਂ ਜਿਨ੍ਹਾਂ ਬਾਰੇ ਸਿੱਖ ਕੌਮ ਵਲੋਂ ਲਗਾਤਾਰ ਇਤਰਾਜ਼ ਕੀਤਾ ਜਾ ਰਿਹਾ ਹੈ, ਸਬੰਧੀ ਵਿਚਾਰ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 31 ਮਈ 2026 ਨੂੰ ਬਾਬਾ ਬਕਾਲਾ ਸਾਹਿਬ ਵਿਖੇ ਬੁਲਾਈ ਗਈ ਪੰਥਕ ਕਾਨਫਰੰਸ ਵਿਚ ਸਿੱਖ ਫੈਡਰੇਸ਼ਨ ਭਰਵੀਂ ਸ਼ਮੂਲੀਅਤ ਕਰੇਗੀ। ਇਹ ਪ੍ਰਗਟਾਵਾ ਫੈਡਰੇਸ਼ਨ ਆਗੂ ਅਤੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਤੇ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਨੇ ਜਾਰੀ ਇਕ ਪ੍ਰੈੱਸ ਬਿਆਨ ਰਾਹੀਂ ਕੀਤਾ।

ਉਨ੍ਹਾਂ ਆਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੁੱਚੀ ਮਾਨਵਤਾ ਦੀ ਅਗਵਾਈ ਕਰਦੇ ਹਨ, ਜਿਨ੍ਹਾਂ ਦੇ ਸਤਿਕਾਰ ਨੂੰ ਕਾਇਮ ਰੱਖਣਾ ਹਰ ਸਿੱਖ ਦੀ ਜਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਤਾਂ ਹਰ ਸਿੱਖ ਦੀ ਮੰਗ ਹੈ, ਪ੍ਰੰਤੂ ਇਸ ਕਾਨੂੰਨ ਦੀ ਆੜ ’ਚ ਸੰਗਤਾਂ ਨੂੰ ਗੁਰਬਾਣੀ ਨਾਲੋਂ ਤੋੜਨ ਦੀ ਸਾਜ਼ਿਸ਼ ਨੂੰ ਕਦੇ ਵੀ ਪ੍ਰਵਾਨ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸੋਧੇ ਕਨੂੰਨ ਵਿਚ ਕੁਝ ਮੱਦਾਂ ਅਜਿਹੀਆਂ ਹਨ ਜੋ ਸਧਾਰਨ ਸਿੱਖ ਸੰਗਤਾਂ ਅੰਦਰ ਡਰ ਦਾ ਮਾਹੌਲ ਪੈਦਾ ਕਰ ਰਹੀਆਂ ਹਨ। ਐਕਟ ਅੰਦਰ ਪੰਥਕ ਸ਼ਬਦਾਵਲੀ ਨੂੰ ਹਟਾਉਣਾ ਵੀ ਵੱਡੇ ਇਤਰਾਜ ਵਾਲਾ ਹੈ। ਉਨ੍ਹਾਂ ਕਿਹਾ ਕਿ ਇਹ ਇਸ ਲਈ ਹੋਇਆ ਹੈ, ਕਿ ਸਰਕਾਰ ਨੇ ਐਕਟ ਸੋਧਨ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਨੌਮਾਇਦਾ ਸਿੱਖ ਸੰਸਥਾ ਦੀ ਰਾਏ ਲੈਣੀ ਵੀ ਜ਼ਰੂਰੀ ਨਹੀਂ ਸਮਝੀ।

ਭਾਈ ਗਰੇਵਾਲ ਤੇ ਭਾਈ ਖਾਲਸਾ ਨੇ ਕਿਹਾ ਕਿ ਇਹ ਸਿੱਖ ਭਾਵਨਾਵਾਂ ਨਾਲ ਜੁੜਿਆ ਹੋਇਆ ਬੇਹੱਦ ਗੰਭੀਰ ਮਾਮਲਾ ਹੈ, ਜਿਸ ਪ੍ਰਤੀ ਹਰ ਸਿੱਖ ਨੂੰ ਸੁਚੇਤ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਿੱਖ ਫੈਡਰੇਸ਼ਨ ਆਪਣੀ ਜ਼ੁੰਮੇਵਾਰੀ ਸਮਝਦੀ ਹੋਈ 31 ਮਈ ਨੂੰ ਹੋ ਰਹੀ ਵਿਸ਼ਾਲ ਪੰਥਕ ਕਾਨਫ਼ਰੰਸ ਵਿਚ ਭਰਵੀਂ ਸ਼ਮੂਲੀਅਤ ਕਰੇਗੀ। ਉਨ੍ਹਾਂ ਸੰਗਤਾਂ ਅਤੇ ਖਾਸਕਰ ਨੌਜਵਾਨਾਂ ਨੂੰ ਆਪਣਾ ਫ਼ਰਜ਼ ਸਮਝਦਿਆਂ ਇਸ ਪੰਥਕ ਇਕੱਠ ਦਾ ਹਿੱਸਾ ਬਣਨ ਦੀ ਅਪੀਲ ਕੀਤੀ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ