ਦਿੱਲੀ ਤੋਂ ਵੈਸ਼ਨੋ ਦੇਵੀ ਜਾ ਰਹੀ ਵੋਲਵੋ ਬੱਸ ਦੀ ਟਰਾਲੇ ਨਾਲ ਟੱਕਰ, ਬੱਸ ਡਰਾਈਵਰ ਦੀ ਮੌਤ
ਫਤਹਿਗੜ੍ਹ ਸਾਹਿਬ, 28 ਮਈ (ਜਤਿੰਦਰ ਰਾਠੌਰ)- ਸਰਹਿੰਦ ਨੈਸ਼ਨਲ ਹਾਈਵੇ 'ਤੇ ਪੈਂਦੇ ਪਿੰਡ ਪਤਾਰਸੀ ਕਲਾਂ ਦੇ ਨਜ਼ਦੀਕ ਇਕ ਬੇਹੱਦ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਦਿੱਲੀ ਤੋਂ ਕਟੜਾ (ਜੰਮੂ) ਜਾ ਰਹੀ ਇਕ ਤੇਜ਼ ਰਫ਼ਤਾਰ ਵੋਲਵੋ ਬੱਸ ਅੱਗੇ ਜਾ ਰਹੇ 18 ਟਾਇਰਾਂ ਵਾਲੇ ਇਕ ਵੱਡੇ ਟਰਾਲੇ ਦੇ ਪਿੱਛੇ ਜਾ ਵੱਜੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਇਸ ਹਾਦਸੇ ਵਿਚ ਬੱਸ ਡਰਾਈਵਰ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਬੱਸ ਵਿਚ ਸਵਾਰ 15 ਯਾਤਰੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਮ੍ਰਿਤਕ ਡਰਾਈਵਰ ਦੀ ਪਛਾਣ ਇੰਦਰਜੀਤ ਸਿੰਘ ਵਜੋਂ ਹੋਈ ਹੈ, ਜੋ ਫ਼ਿਰੋਜ਼ਪੁਰ ਦਾ ਰਹਿਣ ਵਾਲਾ ਸੀ।
ਹਾਦਸੇ ਦੀ ਸੂਚਨਾ ਮਿਲਦਿਆਂ ਹੀ ਥਾਣਾ ਮੁਲੇਪੁਰ ਦੇ ਸਹਾਇਕ ਥਾਣੇਦਾਰ ਜਗਰੂਪ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਬੱਸ ਵਿਚ ਸਵਾਰ ਕੁਝ ਯਾਤਰੀ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਜਾ ਰਹੇ ਸਨ। ਪੁਲਿਸ ਵਲੋਂ ਰਾਹਤ ਕਾਰਜ ਸ਼ੁਰੂ ਕਰਦਿਆਂ ਸਾਰੇ ਜ਼ਖ਼ਮੀਆਂ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਫ਼ਤਿਹਗੜ੍ਹ ਸਾਹਿਬ ਵਿਖੇ ਦਾਖਲ ਕਰਵਾਇਆ ਗਿਆ। ਪੁਲਿਸ ਨੇ ਮ੍ਰਿਤਕ ਡਰਾਈਵਰ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
;
;
;
;
;
;
;
;