ਮੋਗਾ ’ਚ ਸੜਕਾਂ ’ਤੇ ਨਸ਼ੇ ਦੀ ਹਾਲਤ ’ਚ ਨਜ਼ਰ ਆਏ ਲੜਕਾ ਤੇ ਲੜਕੀ
ਮੋਗਾ, 28 ਮਈ (ਹਰਪਾਲ)- ਮੋਗਾ ਸ਼ਹਿਰ ਇਕ ਵਾਰ ਫਿਰ ਨਸ਼ੇ ਦੇ ਮਾਮਲੇ ਨੂੰ ਲੈ ਕੇ ਚਰਚਾ ’ਚ ਆ ਗਿਆ ਹੈ। ਸ਼ਹਿਰ ਦੇ ਸਾਧਾ ਵਾਲਾ ਬਸਤੀ ਇਲਾਕੇ ਨੇੜੇ ਇਕ ਨੌਜਵਾਨ ਲੜਕੇ ਅਤੇ ਲੜਕੀ ਨੂੰ ਨਸ਼ੇ ਦੀ ਹਾਲਤ ’ਚ ਸੜਕਾਂ ’ਤੇ ਘੁੰਮਦਿਆਂ ਦੇਖਿਆ ਗਿਆ, ਜਿਸ ਦੀਆਂ ਤਸਵੀਰਾਂ ਅਤੇ ਵੀਡੀਓ ਹੁਣ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਇਸ ਘਟਨਾ ਤੋਂ ਬਾਅਦ ਪੰਜਾਬ ਸਰਕਾਰ ਦੀ “ਯੁੱਧ ਨਸ਼ਾ ਵਿਰੁੱਧ” ਮੁਹਿੰਮ ’ਤੇ ਵੀ ਕਈ ਤਰ੍ਹਾਂ ਦੇ ਸਵਾਲ ਖੜੇ ਹੋ ਰਹੇ ਹਨ।
ਦੱਸਿਆ ਜਾ ਰਿਹਾ ਹੈ ਕਿ ਜਿੱਥੇ ਇਹ ਘਟਨਾ ਸਾਹਮਣੇ ਆਈ ਹੈ, ਉਹ ਇਲਾਕਾ ਪਹਿਲਾਂ ਤੋਂ ਹੀ ਡਰੱਗ ਹੌਟਸਪੌਟ ਵਜੋਂ ਜਾਣਿਆ ਜਾਂਦਾ ਹੈ। ਇਥੇ ਪਹਿਲਾਂ ਵੀ ਨਸ਼ੇ ਨਾਲ ਜੁੜੀਆਂ ਕਈ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ। ਕੁੱਝ ਦਿਨ ਪਹਿਲਾਂ ਵੀ ਮੋਗਾ ਦੇ ਇਕ ਨੌਜਵਾਨ ਦੀ ਨਸ਼ੇ ਦੀ ਹਾਲਤ ਵਾਲੀ ਵੀਡੀਓ ਕਾਫੀ ਵਾਇਰਲ ਹੋਈ ਸੀ, ਜਿਸ ਤੋਂ ਬਾਅਦ ਪ੍ਰਸ਼ਾਸਨ ਅਤੇ ਪੁਲਿਸ ਦੀ ਕਾਰਗੁਜ਼ਾਰੀ ’ਤੇ ਲੋਕਾਂ ਨੇ ਸਵਾਲ ਚੁੱਕੇ ਸਨ। ਹੁਣ ਦੁਬਾਰਾ ਲੜਕੇ ਅਤੇ ਲੜਕੀ ਦੀ ਨਸ਼ੇ ਵਾਲੀ ਹਾਲਤ ਨੇ ਲੋਕਾਂ ਦੀ ਚਿੰਤਾ ਹੋਰ ਵਧਾ ਦਿੱਤੀ ਹੈ।
ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਪੁਲਿਸ ਵਲੋਂ ਸਮੇਂ-ਸਮੇਂ ’ਤੇ ਛਾਪੇਮਾਰੀ ਅਤੇ ਕਾਰਵਾਈ ਦੇ ਦਾਅਵੇ ਤਾਂ ਕੀਤੇ ਜਾਂਦੇ ਹਨ, ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰ ਰਹੀ ਹੈ। ਲੋਕਾਂ ਦਾ ਦੋਸ਼ ਹੈ ਕਿ ਨਸ਼ਾ ਤਸਕਰ ਬਿਨਾਂ ਕਿਸੇ ਡਰ ਦੇ ਆਪਣੇ ਧੰਦੇ ਚਲਾ ਰਹੇ ਹਨ ਅਤੇ ਨੌਜਵਾਨ ਪੀੜ੍ਹੀ ਲਗਾਤਾਰ ਨਸ਼ੇ ਦੀ ਦਲਦਲ ਵਿਚ ਫਸਦੀ ਜਾ ਰਹੀ ਹੈ।
ਇਲਾਕਾ ਵਾਸੀਆਂ ਨੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸਿਰਫ਼ ਦਿਖਾਵੇ ਦੀ ਕਾਰਵਾਈ ਕਰਨ ਦੀ ਬਜਾਏ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਅਤੇ ਠੋਸ ਕਦਮ ਚੁੱਕੇ ਜਾਣ, ਤਾਂ ਜੋ ਨੌਜਵਾਨਾਂ ਨੂੰ ਇਸ ਜ਼ਹਿਰ ਤੋਂ ਬਚਾਇਆ ਜਾ ਸਕੇ। ਲੋਕਾਂ ਦਾ ਕਹਿਣਾ ਹੈ ਕਿ ਜੇ ਹਾਲਾਤ ਇਸੇ ਤਰ੍ਹਾਂ ਰਹੇ ਤਾਂ ਆਉਣ ਵਾਲੇ ਸਮੇਂ ਵਿਚ ਸਮਾਜ ਲਈ ਇਹ ਵੱਡਾ ਖ਼ਤਰਾ ਬਣ ਸਕਦਾ ਹੈ। ਫਿਲਹਾਲ ਇਹ ਵੀਡੀਓ ਅਤੇ ਤਸਵੀਰਾਂ ਸੋਸ਼ਲ ਮੀਡੀਆ ’ਤੇ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਹਨ ਅਤੇ ਲੋਕ ਇਕ ਵਾਰ ਫਿਰ ਪੁੱਛ ਰਹੇ ਹਨ ਕਿ ਆਖਿਰ ਨਸ਼ੇ ਖ਼ਿਲਾਫ਼ ਚੱਲ ਰਹੀਆਂ ਮੁਹਿੰਮਾਂ ਦਾ ਅਸਰ ਜ਼ਮੀਨ ’ਤੇ ਕਿਉਂ ਨਹੀਂ ਦਿਖਾਈ ਦੇ ਰਿਹਾ।
;
;
;
;
;
;
;
;