JALANDHAR WEATHER

ਪੈਟਰੋਲ ਡੀਜ਼ਲ ਦੀਆਂ ਵਧੀਆਂ ਕੀਮਤਾ ਦੇ ਰੋਸ ਵਜੋਂ ਕਾਂਗਰਸ ਪਾਰਟੀ ਨੇ ਗੱਡਿਆਂ ਤੇ ਸਾਇਕਲਾਂ ਦੀ ਸਵਾਰੀ ਕਰਕੇ ਜਤਾਇਆ ਰੋਸ

ਫਗਵਾੜਾ, 28 ਮਈ (ਹਰਜੋਤ ਸਿੰਘ ਚਾਨਾ)- ਕੇਂਦਰ ਸਰਕਾਰ ਵਲੋਂ ਪੈਟਰੋਲ, ਡੀਜ਼ਲ ਤੇ ਹੋਰ ਜ਼ਰੂਰੀ ਵਸਤੂਆਂ ਦੀਆਂ ਕੀਮਤਾਂ ’ਚ ਲਗਾਤਾਰ ਹੋ ਰਹੇ ਵਾਧੇ ਦੇ ਖਿਲਾਫ਼ ਕਾਂਗਰਸ ਪਾਰਟੀ ਵਲੋਂ ਪ੍ਰਦਰਸ਼ਨ ਕਰਦਿਆਂ ‘ਗੱਡਾ ਮਾਰਚ’ ਕੱਢਿਆ ਗਿਆ। ਕਾਂਗਰਸੀਆਂ ਵਲੋਂ ‘ਮੋਦੀ ਸਰਕਾਰ ਮੁਰਦਾਬਾਦ’ ਦੇ ਨਾਅਰੇ ਲਗਾਏ ਗਏ ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਖੱਚਰਾਂ ਵਾਲੇ ਗੱਡਿਆਂ ਤੇ ਸਾਈਕਲਾਂ ’ਤੇ ਸਵਾਰ ਹੋ ਕੇ ਕੇਂਦਰ ਸਰਕਾਰ ਦੀਆਂ ਨੀਤੀਆਂ ਖਿਲਾਫ਼ ਆਪਣਾ ਵਿਰੋਧ ਦਰਜ ਕਰਵਾਇਆ।

ਜਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਸਮੂਹ ਕਾਂਗਰਸ ਵਰਕਰ ਰੈਸਟ ਹਾਊਸ ਜੀ.ਟੀ. ਰੋਡ ਫਗਵਾੜਾ ਵਿਖੇ ਇਕੱਤਰ ਹੋਏ। ਉੱਥੋਂ ਇਹ ਰੋਸ ਮਾਰਚ ਸ਼ਹਿਰ ਦੇ ਮੁੱਖ ਬਾਜ਼ਾਰਾਂ ਵਿਚੋਂ ਹੁੰਦਾ ਹੋਇਆ ਬੱਸ ਸਟੈਂਡ ਫਗਵਾੜਾ ਤੱਕ ਪਹੁੰਚਿਆ।

ਪ੍ਰਦਰਸ਼ਨ ਦੌਰਾਨ ਵਰਕਰਾਂ ਨੇ ਹੱਥਾਂ ’ਚ ਤਖ਼ਤੀਆਂ ਤੇ ਬੈੱਨਰ ਫੜ ਕੇ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਭਾਜਪਾ ਸਰਕਾਰ ਦੀਆਂ ਗਲਤ ਆਰਥਿਕ ਨੀਤੀਆਂ ਕਾਰਨ ਆਮ ਲੋਕਾਂ ਦਾ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਦੇਸ਼ ’ਚ ਬੇਰੁਜ਼ਗਾਰੀ ਤੇ ਮਹਿੰਗਾਈ ਚਰਮ ‘ਤੇ ਹੈ, ਦੂਜੇ ਪਾਸੇ ਪੈਟਰੋਲ ਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੇ ਹਰ ਵਰਗ ਦੀ ਕਮਰ ਤੋੜ ਦਿੱਤੀ ਹੈ।

ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਫ਼ਾਇਦਾ ਪਹੁੰਚਾਉਣ ’ਚ ਲੱਗੀ ਹੋਈ ਹੈ ਜਦਕਿ ਆਮ ਜਨਤਾ ਮਹਿੰਗਾਈ ਦੀ ਮਾਰ ਹੇਠ ਪਿਸ ਰਹੀ ਹੈ। ਉਨ੍ਹਾਂ ਕਿਹਾ ਕਿ ਕਰੋਨਾ ਮਹਾਂਮਾਰੀ ਦੌਰਾਨ ਜਦੋਂ ਅੰਤਰਰਾਸ਼ਟਰੀ ਬਾਜ਼ਾਰ ’ਚ ਕੱਚੇ ਤੇਲ ਦੀ ਕੀਮਤ ਲਗਭਗ ਜ਼ੀਰੋ ਡਾਲਰ ਪ੍ਰਤੀ ਬੈਰਲ ਤੱਕ ਪਹੁੰਚ ਗਈ ਸੀ, ਉਸ ਸਮੇਂ ਵੀ ਕੇਂਦਰ ਸਰਕਾਰ ਨੇ ਲੋਕਾਂ ਨੂੰ ਕੋਈ ਰਾਹਤ ਨਹੀਂ ਦਿੱਤੀ।

ਧਾਲੀਵਾਲ ਨੇ ਕਿਹਾ ਕਿ ਪੱਛਮੀ ਬੰਗਾਲ ਚੋਣਾਂ ਦੌਰਾਨ ਖੁਦ ਪ੍ਰਧਾਨ ਮੰਤਰੀ ਨੇ ਕਿਹਾ ਸੀ ਕਿ ਭਾਰਤ ਤੇਲ ਦੀਆਂ ਕੀਮਤਾਂ ਨਹੀਂ ਵਧਣਗੀਆਂ, ਜਿਸ ਤੋਂ ਸਾਫ਼ ਹੈ ਕਿ ਕੇਂਦਰ ਸਰਕਾਰ ਲੋਕ ਹਿੱਤ ਨਹੀਂ ਸਗੋਂ ਰਾਜਨੀਤਿਕ ਫ਼ਾਇਦੇ ਦੇ ਅਧਾਰ ’ਤੇ ਫ਼ੈਸਲੇ ਲੈਂਦੀ ਰਹੀ ਹੈ। ਉਨ੍ਹਾਂ ਕਿਹਾ ਕਿ ਮਹਿੰਗਾਈ ਕਾਰਨ ਘਰੇਲੂ ਰਸੋਈ ਦਾ ਬਜਟ ਪੂਰੀ ਤਰ੍ਹਾਂ ਵਿਗੜ ਚੁੱਕਾ ਹੈ ਤੇ ਆਮ ਆਦਮੀ ਲਈ ਦੋ ਵਕਤ ਦੀ ਰੋਟੀ ਕਮਾਉਣਾ ਵੀ ਔਖਾ ਹੋ ਗਿਆ ਹੈ। ਕਾਂਗਰਸ ਪਾਰਟੀ ਲੋਕਾਂ ਦੇ ਹੱਕਾਂ ਲਈ ਹਮੇਸ਼ਾ ਸੜਕਾਂ ‘ਤੇ ਸੰਘਰਸ਼ ਕਰਦੀ ਰਹੇਗੀ ਅਤੇ ਜਦੋਂ ਤੱਕ ਕੇਂਦਰ ਸਰਕਾਰ ਮਹਿੰਗਾਈ ‘ਤੇ ਕਾਬੂ ਨਹੀਂ ਪਾਉਂਦੀ, ਉਦੋਂ ਤੱਕ ਇਹ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ, ਵਰਕਰ ਅਤੇ ਸਮਰਥਕ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ