ਮਹਿੰਗਾਈ ਖ਼ਿਲਾਫ਼ ਕਾਂਗਰਸ ਦਾ ਹੱਲਾ ਬੋਲ, ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ਮੋਦੀ ਸਰਕਾਰ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ
ਅਜਨਾਲਾ (ਅੰਮ੍ਰਿਤਸਰ), 30 ਮਈ (ਗੁਰਪ੍ਰੀਤ ਸਿੰਘ ਢਿੱਲੋਂ) – ਦੇਸ਼ ਅੰਦਰ ਲਗਾਤਾਰ ਵਧ ਰਹੀ ਮਹਿੰਗਾਈ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਦਾ ਗੁੱਸਾ ਉਸ ਵੇਲੇ ਸੜਕਾਂ 'ਤੇ ਨਜ਼ਰ ਆਇਆ ਜਦੋਂ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ਹੇਠ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਵਰ੍ਹਦੇ ਮੀਂਹ ਵਿਚ ਕਾਂਗਰਸੀ ਆਗੂਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜ ਕੇ ਡੀਜ਼ਲ, ਪੈਟਰੋਲ ਅਤੇ ਰਸੋਈ ਗੈਸ ਦੀਆਂ ਵਧੀਆਂ ਕੀਮਤਾਂ ਦਾ ਤਿੱਖਾ ਵਿਰੋਧ ਕੀਤਾ। ਇਸ ਮੌਕੇ 'ਅਜੀਤ' ਨਾਲ ਗੱਲਬਾਤ ਕਰਦਿਆਂ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਕਾਰਨ ਆਮ ਲੋਕਾਂ ਦਾ ਜੀਵਨ ਬਹੁਤ ਮੁਸ਼ਕਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਲਗਾਤਾਰ ਹੋ ਰਹੇ ਵਾਧੇ ਨੇ ਘਰੇਲੂ ਬਜਟ ਵਿਗਾੜ ਕੇ ਰੱਖ ਦਿੱਤਾ ਹੈ, ਜਿਸ ਕਾਰਨ ਹਰ ਵਰਗ ਮਹਿੰਗਾਈ ਦੀ ਮਾਰ ਹੇਠ ਆ ਗਿਆ ਹੈ। ਉਨ੍ਹਾਂ ਕਿਹਾ ਕਿ ਜਿਵੇਂ ਕਾਂਗਰਸ ਸਰਕਾਰ ਦੇ ਸਮੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਲੋਕਾਂ ਨੂੰ ਰਾਹਤ ਦੇਣ ਲਈ ਡੀਜ਼ਲ ਅਤੇ ਪੈਟਰੋਲ 'ਤੇ ਵੈਟ ਘਟਾਇਆ ਸੀ, ਉਸੇ ਤਰ੍ਹਾਂ ਪੰਜਾਬ ਦੀ ਮੌਜੂਦਾ ਮਾਨ ਸਰਕਾਰ ਨੂੰ ਵੀ ਤੁਰੰਤ ਵੈਟ ਵਿਚ ਕਟੌਤੀ ਕਰਕੇ ਲੋਕਾਂ ਨੂੰ ਰਾਹਤ ਦੇਣੀ ਚਾਹੀਦੀ ਹੈ। ਇਸ ਮੌਕੇ ਕਾਂਗਰਸ ਜਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਮੀਤ ਪ੍ਰਧਾਨ ਕੰਵਰਪ੍ਰਤਾਪ ਸਿੰਘ ਅਜਨਾਲਾ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਅਹੁਦੇਦਾਰ ਤੇ ਆਗੂ ਹਾਜ਼ਰ ਸਨ।
;
;
;
;
;
;
;
;