ਗੁਰਮੀਤ ਸਿੰਘ ਖੁੱਡੀਆਂ ਨੇ “ਮੇਰੀ ਰਸੋਈ” ਸਕੀਮ ਤਹਿਤ ਫੂਡ ਕਿੱਟਾਂ ਦੀ ਵੰਡ ਦੀ ਕੀਤੀ ਸ਼ੁਰੂਆਤ
ਸ੍ਰੀ ਮੁਕਤਸਰ ਸਾਹਿਬ, 31 ਮਈ (ਰਣਜੀਤ ਸਿੰਘ ਢਿੱਲੋਂ) - ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਚਲਾਈ ਜਾ ਰਹੀ “ਮੇਰੀ ਰਸੋਈ” ਸਕੀਮ ਤਹਿਤ ਨੀਲੇ ਕਾਰਡ ਧਾਰਕ ਪਰਿਵਾਰਾਂ ਨੂੰ ਹਰ ਮਹੀਨੇ ਕਣਕ ਸਮੇਤ ਫੂਡ ਕਿੱਟ ਪ੍ਰਦਾਨ ਕੀਤੀ ਜਾਵੇਗੀ। ਇਸ ਉਪਰਾਲੇ ਦਾ ਮਕਸਦ ਗਰੀਬ ਅਤੇ ਜ਼ਰੂਰਤਮੰਦ ਪਰਿਵਾਰਾਂ ਨੂੰ ਰੋਜ਼ਾਨਾ ਦੀ ਲੋੜੀਂਦੀ ਪੋਸ਼ਟਿਕ ਸਮੱਗਰੀ ਦੀ ਸੁਵਿਧਾ ਪ੍ਰਦਾਨ ਕਰਨਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਲੰਬੀ ਹਲਕੇ ਲਈ ਭੇਜੀਆਂ ਗਈਆਂ ਕਿੱਟਾਂ ਪਹੁੰਚ ਚੁੱਕੀਆਂ ਹਨ ਅਤੇ ਇਨ੍ਹਾਂ ਦੀ ਵੰਡ ਪ੍ਰਕਿਰਿਆ ਜਾਰੀ ਹੈ।
ਉਨ੍ਹਾਂ ਦੱਸਿਆ ਕਿ ਖੁੱਡੀਆਂ ਗੁਲਾਬ ਸਿੰਘ ਲਈ 404 ਕਿੱਟਾਂ ਅਤੇ ਖੁੱਡੀਆਂ ਮਹਾਂ ਸਿੰਘ ਲਈ 263 ਕਿੱਟਾਂ ਪ੍ਰਾਪਤ ਹੋਈਆਂ ਹਨ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਮੁਲਾਜ਼ਮਾਂ ਦੇ ਹੱਕ 'ਚ ਪੰਜਾਬ ਦੇ ਇਤਿਹਾਸ ਦੇ ਹੁਣ ਤੱਕ ਦੇ ਸਭ ਤੋਂ ਅਹਿਮ ਫੈਸਲਿਆਂ ਵਿਚੋਂ ਇਕ ਫ਼ੈਸਲਾ ਲੈਂਦਿਆਂ ਦਹਾਕਿਆਂ ਪੁਰਾਣੀ ਠੇਕੇਦਾਰੀ ਰੋਜ਼ਗਾਰ ਪ੍ਰਣਾਲੀ ਨੂੰ ਖ਼ਤਮ ਕਰਨ ਅਤੇ ਸਰਕਾਰੀ ਵਿਭਾਗਾਂ ਵਿਚ 65,000 ਤੋਂ ਵੱਧ ਕਾਮਿਆਂ ਨੂੰ ਰੈਗੂਲਰ ਕਰਨ ਦਾ ਰਾਹ ਪੱਧਰਾ ਕਰਨ ਲਈ ਰੂਪ-ਰੇਖਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਮੁਲਾਜ਼ਮਾਂ ਦੇ ਭਵਿੱਖ ਲਈ ਬਹੁਤ ਅਹਿਮ ਫ਼ੈਸਲਾ ਹੈ।
;
;
;
;
;
;
;
;