ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਅੰਤਰਿੰਗ ਕਮੇਟੀ ਦੀ ਹੋਈ ਇਕੱਤਰਤਾ
ਅੰਮ੍ਰਿਤਸਰ ,1 ਜੂਨ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਅੰਤਰਿੰਗ ਕਮੇਟੀ ਦੀ ਇਕੱਤਰਤਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋਈ। ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਐਡਵੋਕੇਟ ਧਾਮੀ ਨੇ ਦੱਸਿਆ ਕਿ ਅੱਜ ਦੀ ਇਕੱਤਰਤਾ ਦੌਰਾਨ ਖਾਸ ਕੀਤੇ ਮਤੇ ਵਿਚ ਜਿੱਥੇ ਬੀਤੇ ਦਿਨ ਬਾਬਾ ਬਕਾਲਾ ਸਾਹਿਬ ਵਿਖੇ ਹੋਈ ਵਿਸ਼ਾਲ ਪੰਥਕ ਕਾਨਫਰੰਸ ਵਿਚ ਸ਼ਾਮਿਲ ਹੋਈਆਂ ਸਮੂਹ ਸਿੱਖ ਜਥੇਬੰਦੀਆਂ ਅਤੇ ਸ਼ਖਸ਼ੀਅਤਾਂ ਦਾ ਧੰਨਵਾਦ ਕੀਤਾ ਗਿਆ ਉੱਥੇ ਬੀਤੇ ਦਿਨ ਜਲਾਲਾਬਾਦ ਵਿਖੇ ਪਾਵਨ ਸਰੂਪ ਅਗਨ ਭੇਟ ਹੋਣ ਤੇ ਚਿੰਤਾ ਦਾ ਇਜ਼ਹਾਰ ਕਰਦਿਆਂ ਸੰਗਤਾਂ ਨੂੰ ਅਪੀਲ ਕੀਤੀ ਗਈ ਕਿ ਗਰਮੀ ਦੇ ਮੌਸਮ ਦੌਰਾਨ ਅੱਗ ਲੱਗਣ ਦੀਆਂ ਘਟਨਾਵਾਂ ਤੋਂ ਬਚਾਅ ਲਈ ਲੱਗੇ ਟੇਬਲ ਫੈਨ ਜਾਂ ਪਾਲਕੀ ਸਾਹਿਬ ਦੇ ਨਾਲ ਲੱਗੀਆਂ ਲੜੀਆਂ ਨੂੰ ਗਰਮੀਆਂ ਦੌਰਾਨ ਬੰਦ ਰੱਖਣ। ਉਨ੍ਹਾਂ ਦੱਸਿਆ ਕਿ ਅੱਜ ਦੀ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਲਈ ਤਿੰਨ ਫੀਸਦੀ ਮਹਿੰਗਾਈ ਭੱਤਾ ਦੇਣ ਦਾ ਐਲਾਨ ਕੀਤਾ ਗਿਆ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਬੀਤੇ ਦਿਨੀ 328 ਪਾਵਨ ਸਰੂਪ ਮਾਮਲੇ ਵਿਚ ਪੰਜਾਬ ਸਰਕਾਰ ਵਲੋਂ ਗਠਤ ਸਿੱਟ ਵਲੋਂ ਜੋ ਸ਼੍ਰੋਮਣੀ ਕਮੇਟੀ ਕੋਲੋਂ ਪਾਵਨ ਸਰੂਪਾਂ ਤੋਂ ਇਲਾਵਾ ਹੋਰ ਰਿਕਾਰਡ ਦੇ ਮੰਗ ਕੀਤੀ ਜਾ ਰਹੀ ਸੀ ਇਸ ਬਾਰੇ ਜੋ ਜਥੇਦਾਰ ਅਕਾਲ ਤਖਤ ਸਾਹਿਬ ਨੂੰ ਪੱਤਰ ਲਿਖਿਆ ਸੀ ਉਸਦੇ ਦਾ ਜਵਾਬੀ ਪੱਤਰ ਸ਼੍ਰੋਮਣੀ ਕਮੇਟੀ ਨੂੰ ਮਿਲ ਗਿਆ ਹੈ ਜਿਸ ਵਿਚ ਜਥੇਦਾਰ ਸਾਹਿਬ ਨੇ ਹਦਾਇਤ ਕੀਤੀ ਹੈ ਕਿ 328 ਪਾਵਨ ਸਰੂਪਾਂ ਦੇ ਮਾਮਲੇ ਤੋਂ ਇਲਾਵਾ ਸਿੱਟ ਨੂੰ ਹੋਰ ਕੋਈ ਵੀ ਰਿਕਾਰਡ ਮੁਹੱਈਆ ਨਾ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਜੂਨ 84 ਘੱਲੂਘਾਰੇ ਦੌਰਾਨ ਸ਼ਹੀਦ ਹੋਏ ਸਿੰਘਾਂ ਦੀ ਯਾਦ ਨੂੰ ਸਮਰਪਿਤ ਮੁੱਖ ਸਮਾਗਮ ਅਕਾਲ ਤਖ਼ਤ ਸਾਹਿਬ ਵਿਖੇ 6 ਜੂਨ ਨੂੰ ਹੋਵੇਗਾ ਤੇ ਇਸ ਦੌਰਾਨ ਫੌਜੀ ਹਮਲੇ ਵੇਲੇ ਜ਼ਖਮੀ ਹੋਏ ਪਾਵਨ ਸਰੂਪਾਂ ਦੇ ਸੰਗਤਾਂ ਨੂੰ ਦਰਸ਼ਨ ਵੀ ਕਰਵਾਏ ਜਾਣਗੇ।
;
;
;
;
;
;
;