ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਹੋਈ ਘੱਲੂਘਾਰਾ ਸਮਾਗਮਾਂ ਦੀ ਸ਼ੁਰੂਆਤ
ਅੰਮ੍ਰਿਤਸਰ, 4 ਜੂਨ (ਜਸਵੰਤ ਸਿੰਘ ਜੱਸ)- ਜੂਨ 1984 ਦੇ ਸਾਕਾ ਨੀਲਾ ਤਾਰਾ, ਜਿਸ ਨੂੰ ਤੀਜੇ ਘੱਲੂਘਾਰੇ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ ,ਦੌਰਾਨ ਸ਼ਹੀਦ ਹੋਏ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂ ਵਾਲੇ ਅਤੇ ਹੋਰ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵਲੋਂ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਅਕਾਲ ਤਖਤ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਗੁਰਮੁਖ ਸਿੰਘ ਅਤੇ ਵਧੀਕ ਹੈਡ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੈਂਬਰ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਭਾਈ ਮਨਜੀਤ ਸਿੰਘ ਭੂਰਾ ਕੋਹਨਾ, ਜਥੇਦਾਰ ਮੰਗਵਿੰਦਰ ਸਿੰਘ ਖਾਪੜਖੇੜੀ, ਅਜੈਬ ਸਿੰਘ ਅਭਿਆਸੀ, ਫੈਡਰੇਸ਼ਨ ਪ੍ਰਧਾਨ ਕੰਵਰ ਚੜਤ ਸਿੰਘ, ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਮੇਜਰ ਸਿੰਘ ਅਰਜਨ ਮਾਂਗਾ ਸਮੇਤ ਹੋਰ ਮੈਂਬਰ ਸਾਹਿਬਾਨ ਅਤੇ ਸ਼੍ਰੋਮਣੀ ਕਮੇਟੀ ਅਧਿਕਾਰੀ ਹਾਜ਼ਰ ਸਨ।
ਇਸ ਮੌਕੇ ਗੱਲਬਾਤ ਕਰਦਿਆਂ ਪ੍ਰਧਾਨ ਧਾਮੀ ਨੇ ਕਿਹਾ ਕਿ ਜੂਨ 1984 ਦੌਰਾਨ ਕਾਂਗਰਸ ਦੀ ਹਕੂਮਤ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ ਸਮੂਹ ’ਤੇ ਕੀਤੇ ਫੌਜੀ ਹਮਲੇ ਅਤੇ ਘੱਲੂਘਾਰੇ ਦੀ ਯਾਦ ਅੱਜ ਵੀ ਸਿੱਖ ਮਨਾਂ ਵਿਚ ਤਾਜ਼ਾ ਹੈ ਤੇ ਇਸ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਦੱਸਿਆ ਕਿ 6 ਜੂਨ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣ ਉਪਰੰਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਘੱਲੂਘਾਰਾ ਯਾਦਗਾਰੀ ਸਮਾਗਮ ਹੋਵੇਗਾ ਅਤੇ ਸ਼ਹੀਦ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸੇ ਦਿਨ ਸੰਗਤਾਂ ਨੂੰ ਭਾਰਤੀ ਫੌਜ ਦੀ ਗੋਲਾਬਾਰੀ ਦੌਰਾਨ ਜ਼ਖ਼ਮੀ ਹੋਏ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦੇ ਦਰਸ਼ਨ ਕਰਾਏ ਜਾਣਗੇ। ਉਨ੍ਹਾਂ ਦੱਸਿਆ ਕਿ ਘੱਲੂਘਾਰੇ ਸੰਬੰਧੀ ਚਿੱਤਰ ਪ੍ਰਦਰਸ਼ਨੀ ਵੀ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਲਗਾਈ ਜਾ ਰਹੀ ਹੈ।
;
;
;
;
;
;
;