ਘੱਲੂਘਾਰਾ ਦਿਵਸ ਦੇ ਮੱਦੇਨਜ਼ਰ ਪੁਲਿਸ ਵਲੋਂ ਚਲਾਇਆ ਗਿਆ ਕਾਸੋ ਅਪ੍ਰੇਸ਼ਨ
ਜਗਰਾਉਂ (ਲੁਧਿਆਣਾ), 4 ਜੂਨ (ਕੁਲਦੀਪ ਸਿੰਘ ਲੋਹਟ) - ਘੱਲੂਘਾਰਾ ਦਿਵਸ ਨੂੰ ਧਿਆਨ ਵਿਚ ਰੱਖਦਿਆਂ ਇਲਾਕੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੁਲਿਸ ਵੱਲੋਂ ਵਿਸ਼ੇਸ਼ ਕਾਸੋ ਅਪ੍ਰੇਸ਼ਨ ਚਲਾਇਆ ਗਿਆ। ਇਸ ਦੌਰਾਨ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਭੀੜ-ਭਾੜ ਵਾਲੀਆਂ ਥਾਵਾਂ 'ਤੇ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕੀਤੇ ਗਏ।
ਪੁਲਿਸ ਟੀਮਾਂ ਨੇ ਆਉਣ-ਜਾਣ ਵਾਲੀਆਂ ਸਵਾਰੀਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਅਤੇ ਉਨ੍ਹਾਂ ਦੇ ਸਮਾਨ ਦੀ ਵੀ ਚੈਕਿੰਗ ਕੀਤੀ। ਇਸ ਤੋਂ ਇਲਾਵਾ ਸ਼ੱਕੀ ਹਾਲਾਤਾਂ ਵਿਚ ਘੁੰਮ ਰਹੇ ਵਿਅਕਤੀਆਂ ਤੋਂ ਪੁੱਛਗਿੱਛ ਕਰਕੇ ਉਨ੍ਹਾਂ ਦੀ ਪਛਾਣ ਦੀ ਤਸਦੀਕ ਕੀਤੀ ਗਈ। ਪੁਲਿਸ ਜਿਲ੍ਹਾ ਲੁਧਿਆਣਾ ਦਿਹਾਤੀ ਦੇ ਐਸ.ਐਸ.ਪੀ. ਡਾ.ਅੰਕੁਰ ਗੁਪਤਾ ਨੇ ਦੱਸਿਆ ਕਿ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹਰ ਸ਼ੱਕੀ ਗਤੀਵਿਧੀ 'ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਹੀਂ ਵਰਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਜਿਹੇ ਅਪ੍ਰੇਸ਼ਨਾਂ ਦਾ ਮੁੱਖ ਉਦੇਸ਼ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਅਤੇ ਗੈਰ ਸਮਾਜਿਕ ਅਨਸਰਾਂ 'ਤੇ ਨਕੇਲ ਕੱਸਣਾ ਹੈ। ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਕਿਸੇ ਸ਼ੱਕੀ ਵਿਅਕਤੀ ਜਾਂ ਗਤੀਵਿਧੀ ਬਾਰੇ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ, ਤਾਂ ਜੋ ਸਮੇਂ ਸਿਰ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ। ਕਾਸੋ ਅਪ੍ਰੇਸ਼ਨ ਦੌਰਾਨ ਪੁਲਿਸ ਦੀਆਂ ਟੀਮਾਂ ਪੂਰੀ ਤਰ੍ਹਾਂ ਚੌਕਸ ਨਜ਼ਰ ਆਈਆਂ ਅਤੇ ਸੰਵੇਦਨਸ਼ੀਲ ਥਾਵਾਂ 'ਤੇ ਲਗਾਤਾਰ ਨਿਗਰਾਨੀ ਰੱਖੀ ਗਈ। ਪੁਲਿਸ ਨੇ ਸਪੱਸ਼ਟ ਕੀਤਾ ਕਿ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਲਈ ਅਜਿਹੀਆਂ ਚੈਕਿੰਗ ਮੁਹਿੰਮਾਂ ਅੱਗੇ ਵੀ ਜਾਰੀ ਰਹਿਣਗੀਆਂ।
;
;
;
;
;
;
;