JALANDHAR WEATHER

ਰਿਹਾਇਸ਼ੀ ਇਲਾਕੇ ਵਿਚ ਸ਼ਰਾਬ ਦਾ ਠੇਕਾ ਖੁੱਲ੍ਹਣ 'ਤੇ ਭੜਕੇ ਲੋਕ, ਧਰਨੇ ਦੀ ਚਿਤਾਵਨੀ

ਜ਼ੀਰਕਪੁਰ (ਮੁਹਾਲੀ), 4 ਜੂਨ (ਅਲੀ) - ਲਾਲੜੂ-ਧਰਮਗੜ੍ਹ ਸੰਪਰਕ ਸੜਕ 'ਤੇ ਵਾਰਡ ਨੰਬਰ-9 ਦੇ ਰਿਹਾਇਸ਼ੀ ਖੇਤਰ ਵਿਚ ਸ਼ਰਾਬ ਦਾ ਠੇਕਾ ਖੁੱਲ੍ਹਣ ਨੂੰ ਲੈ ਕੇ ਸਥਾਨਕ ਵਸਨੀਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਲਾਕਾ ਵਾਸੀਆਂ ਨੇ ਠੇਕੇ ਨੂੰ ਤੁਰੰਤ ਹਟਾਉਣ ਦੀ ਮੰਗ ਕਰਦਿਆਂ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਥਾਣਾ ਮੁਖੀ ਲਾਲੜੂ ਨੂੰ ਮੰਗ ਪੱਤਰ ਸੌਂਪਿਆ।
ਵਾਰਡ ਵਾਸੀਆਂ ਦਾ ਕਹਿਣਾ ਹੈ ਕਿ ਜਿਸ ਸੜਕ 'ਤੇ ਠੇਕਾ ਖੋਲ੍ਹਿਆ ਗਿਆ ਹੈ, ਉਥੇ ਵਾਰਡ ਨੰਬਰ 9 ਅਤੇ 10 ਸਮੇਤ ਅੱਧੀ ਦਰਜਨ ਪਿੰਡਾਂ ਦੇ ਲੋਕਾਂ ਦੀ ਆਵਾਜਾਈ ਰਹਿੰਦੀ ਹੈ। ਇਸ ਰਸਤੇ 'ਤੇ ਕਈ ਸਕੂਲ ਅਤੇ ਕੋਚਿੰਗ ਸੈਂਟਰ ਵੀ ਸਥਿਤ ਹਨ, ਜਿਥੇ ਰੋਜ਼ਾਨਾ ਵੱਡੀ ਗਿਣਤੀ ਵਿਚ ਵਿਦਿਆਰਥੀ, ਖ਼ਾਸ ਕਰਕੇ ਲੜਕੀਆਂ ਆਉਂਦੀਆਂ-ਜਾਂਦੀਆਂ ਹਨ। ਸਥਾਨਕ ਲੋਕਾਂ ਦਾ ਦਾਅਵਾ ਹੈ ਕਿ ਕੁਝ ਸਿੱਖਿਆ ਸੰਸਥਾਵਾਂ ਠੇਕੇ ਤੋਂ ਕਰੀਬ 50 ਮੀਟਰ ਦੀ ਦੂਰੀ 'ਤੇ ਹਨ, ਜਿਸ ਨਾਲ ਸਿੱਖਿਆ ਵਿਭਾਗ ਦੇ ਨਿਯਮਾਂ ਦੀ ਉਲੰਘਣਾ ਹੋ ਸਕਦੀ ਹੈ।
ਗੁਰਜੰਟ ਸਿੰਘ, ਸੁਖਵਿੰਦਰ ਸਿੰਘ, ਦਲਬੀਰ ਸਿੰਘ, ਮੋਹਿੰਦਰ ਕੁਮਾਰ, ਰਣਜੋਧ ਸਿੰਘ ਅਤੇ ਹੋਰ ਵਸਨੀਕਾਂ ਨੇ ਕਿਹਾ ਕਿ ਇਕ ਪਾਸੇ ਸਰਕਾਰ ਨਸ਼ਿਆਂ ਵਿਰੁੱਧ ਮੁਹਿੰਮ ਚਲਾ ਰਹੀ ਹੈ, ਜਦਕਿ ਦੂਜੇ ਪਾਸੇ ਰਿਹਾਇਸ਼ੀ ਇਲਾਕਿਆਂ ਵਿਚ ਸ਼ਰਾਬ ਦੇ ਠੇਕੇ ਖੋਲ੍ਹੇ ਜਾ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸ਼ਾਮ ਵੇਲੇ ਠੇਕੇ 'ਤੇ ਇਕੱਠ ਹੋਣ ਵਾਲੀ ਭੀੜ ਕਾਰਨ ਮਹਿਲਾਵਾਂ ਅਤੇ ਵਿਦਿਆਰਥਣਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਵਾਰਡ ਵਾਸੀਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਠੇਕਾ ਜਲਦੀ ਨਾ ਹਟਾਇਆ ਗਿਆ ਤਾਂ ਉਹ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਸੰਘਰਸ਼ ਅਤੇ ਧਰਨਾ-ਪ੍ਰਦਰਸ਼ਨ ਸ਼ੁਰੂ ਕਰਨਗੇ।
ਇਸ ਸੰਬੰਧੀ ਆਬਕਾਰੀ ਵਿਭਾਗ ਮੋਹਾਲੀ ਦੇ ਇੰਸਪੈਕਟਰ ਕੁਲਵਿੰਦਰ ਰਾਏ ਨੇ ਕਿਹਾ ਕਿ ਰਿਹਾਇਸ਼ੀ ਖੇਤਰ ਜਾਂ ਸੰਪਰਕ ਸੜਕ 'ਤੇ ਠੇਕਾ ਖੋਲ੍ਹਣਾ ਆਪਣੇ ਆਪ ਵਿਚ ਗੈਰਕਾਨੂੰਨੀ ਨਹੀਂ ਹੈ। ਹਾਲਾਂਕਿ ਜੇਕਰ ਜਾਂਚ ਦੌਰਾਨ ਇਹ ਸਾਹਮਣੇ ਆਉਂਦਾ ਹੈ ਕਿ ਠੇਕਾ ਕਿਸੇ ਸਕੂਲ ਜਾਂ ਧਾਰਮਿਕ ਸਥਾਨ ਦੇ 50 ਮੀਟਰ ਦੇ ਘੇਰੇ ਅੰਦਰ ਹੈ ਤਾਂ ਨਿਯਮਾਂ ਅਨੁਸਾਰ ਇਸ ਨੂੰ ਉਥੋਂ ਹਟਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਮੌਕੇ ਦਾ ਮੁਆਇਨਾ ਕਰਕੇ ਸਥਿਤੀ ਸਪੱਸ਼ਟ ਕੀਤੀ ਜਾਵੇਗੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ