ਨਾਕਾਬੰਦੀ ਦੌਰਾਨ ਕਾਰ ਸਵਾਰਾਂ ਕੋਲੋਂ 30 ਲੱਖ ਰੁਪਏ ਦੀ ਨਗਦੀ ਬਰਾਮਦ, ਦੋ ਵਿਅਕਤੀ ਕਾਬੂ
ਗੁਰੂ ਹਰਸਹਾਏ, 5 ਜੂਨ (ਕਪਿਲ ਕੰਧਾਰੀ)– ਥਾਣਾ ਗੁਰੂ ਹਰਸਹਾਏ ਦੀ ਪੁਲਿਸ ਨੂੰ ਨਾਕਾਬੰਦੀ ਦੌਰਾਨ ਉਸ ਵੇਲੇ ਵੱਡੀ ਸਫ਼ਲਤਾ ਹਾਸਿਲ ਹੋਈ ਜਦੋਂ ਇਕ ਕਾਰ ਦੀ ਤਲਾਸ਼ੀ ਦੌਰਾਨ 30 ਲੱਖ ਰੁਪਏ ਦੀ ਨਗਦੀ ਬਰਾਮਦ ਕੀਤੀ ਗਈ। ਪੁਲਿਸ ਨੇ ਮੌਕੇ ਤੋਂ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਤਜਿੰਦਰ ਪਾਲ ਸਿੰਘ ਨੇ ਦੱਸਿਆ ਕਿ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਲਾਕੇ ਵਿਚ ਅਪਰਾਧਿਕ ਗਤੀਵਿਧੀਆਂ ’ਤੇ ਨਕੇਲ ਕੱਸਣ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਲਈ ਵਿਸ਼ੇਸ਼ ਨਾਕਾਬੰਦੀ ਕੀਤੀ ਜਾ ਰਹੀ ਹੈ। ਇਸੇ ਤਹਿਤ ਥਾਣਾ ਗੁਰੂ ਹਰਸਹਾਏ ਦੀ ਪੁਲਿਸ ਵਲੋਂ ਗੋਲੂ ਕਾ ਮੋੜ ਵਿਖੇ ਨਾਕਾ ਲਗਾ ਕੇ ਲੰਘ ਰਹੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਸੀ। ਨਾਕਾਬੰਦੀ ਦੌਰਾਨ ਇਕ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ, ਜਿਸ ਵਿਚ ਦੋ ਨੌਜਵਾਨ ਸਵਾਰ ਸਨ। ਪੁਲਿਸ ਟੀਮ ਨੂੰ ਉਨ੍ਹਾਂ ਦੀਆਂ ਗਤੀਵਿਧੀਆਂ ਸ਼ੱਕੀ ਲੱਗਣ ’ਤੇ ਕਾਰ ਦੀ ਤਲਾਸ਼ੀ ਲਈ ਗਈ।
ਤਲਾਸ਼ੀ ਦੌਰਾਨ ਕਾਰ ਵਿਚੋਂ 30 ਲੱਖ ਰੁਪਏ ਦੀ ਨਗਦੀ ਬਰਾਮਦ ਹੋਈ, ਜਿਸ ਸਬੰਧੀ ਕਾਰ ਸਵਾਰ ਕੋਈ ਵੀ ਠੋਸ ਦਸਤਾਵੇਜ਼ ਜਾਂ ਤਸੱਲੀਬਖਸ਼ ਜਵਾਬ ਨਹੀਂ ਦੇ ਸਕੇ। ਡੀ.ਐਸ.ਪੀ. ਨੇ ਦੱਸਿਆ ਕਿ ਪੁਲਿਸ ਨੇ ਨਗਦੀ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ ਅਤੇ ਦੋਵੇਂ ਵਿਅਕਤੀਆਂ ਨੂੰ ਹਿਰਾਸਤ ਵਿਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਗਦੀ ਕਿੱਥੋਂ ਲਿਆਂਦੀ ਗਈ ਸੀ ਅਤੇ ਇਸ ਨੂੰ ਕਿੱਥੇ ਲਿਜਾਇਆ ਜਾ ਰਿਹਾ ਸੀ, ਇਸ ਸਬੰਧੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮਾਮਲੇ ਦੀ ਜਾਣਕਾਰੀ ਸਬੰਧਤ ਵਿਭਾਗਾਂ ਨੂੰ ਵੀ ਦੇ ਦਿੱਤੀ ਗਈ ਹੈ ਅਤੇ ਨਗਦੀ ਦੇ ਸਰੋਤ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਪੂਰੀ ਹੋਣ ਉਪਰੰਤ ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਦੇ ਆਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਸ ਘਟਨਾ ਤੋਂ ਬਾਅਦ ਇਲਾਕੇ ਵਿਚ ਚਰਚਾਵਾਂ ਦਾ ਮਾਹੌਲ ਬਣਿਆ ਹੋਇਆ ਹੈ, ਜਦਕਿ ਪੁਲਿਸ ਵਲੋਂ ਨਾਕਾਬੰਦੀਆਂ ਅਤੇ ਚੈਕਿੰਗ ਮੁਹਿੰਮ ਨੂੰ ਹੋਰ ਤੇਜ਼ ਕਰਨ ਦੀ ਗੱਲ ਵੀ ਆਖੀ ਗਈ ਹੈ।
;
;
;
;
;
;
;
;