ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਮਨਾਇਆ ਜਾ ਰਿਹਾ ਹੈ ਘੱਲੂਘਾਰਾ ਯਾਦਗਾਰੀ ਸਮਾਗਮ
ਅੰਮ੍ਰਿਤਸਰ,6 ਜੂਨ (ਜੱਸ,ਰੇਸ਼ਮ ਸਿੰਘ,ਹਰਮਿੰਦਰ ਸਿੰਘ)- ਜੂਨ 1984 ਦੇ ਸਾਕਾ ਨੀਲਾ ਤਾਰਾ ਦੀ ਅੱਜ 42ਵੀਂ ਵਰ੍ਹੇਗੰਢ ਮੌਕੇ ਸ਼੍ਰੋਮਣੀ ਕਮੇਟੀ ਵਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਘੱਲੂਘਾਰਾ ਯਾਦਗਾਰੀ ਸ਼ਹੀਦੀ ਸਮਾਗਮ ਮਨਾਇਆ ਜਾ ਰਿਹਾ ਹੈ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣ ਉਪਰੰਤ ਰਾਗੀ ਜਥਿਆਂ ਵਲੋਂ ਸ਼ਬਦ ਕੀਰਤਨ ਗਾਇਨ ਕੀਤਾ ਜਾਵੇਗਾ। ਉਪਰੰਤ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੁੜਗੱਜ ਕੌਮ ਦੇ ਨਾਂਅ ਸੰਦੇਸ਼ ਜਾਰੀ ਕਰਨਗੇ ਅਤੇ ਇਸ ਸ਼ਹੀਦੀ ਸਮਾਗਮ ਦੇ ਅਖੀਰ ਵਿਚ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ।
ਅੱਜ ਦੇ ਘੱਲੂਘਾਰਾ ਸ਼ਹੀਦੀ ਸਮਾਗਮ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਅਤੇ ਕਾਰਜਕਾਰੀ ਪ੍ਰਧਾਨ ਇਮਾਨ ਸਿੰਘ ਮਾਨ, ਦਲ ਖਾਲਸਾ ਆਗੂ ਕਵਰਪਾਲ ਸਿੰਘ ਅਤੇ ਪਰਮਜੀਤ ਸਿੰਘ ਮੰਡ, ਐਡਵੋਕੇਟ ਜਸਬੀਰ ਸਿੰਘ ਘੁੰਮਣ ਸਮੇਤ ਹੋਰ ਪੰਥਕ ਸ਼ਖਸੀਅਤਾਂ, ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀ, ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਅਤੇ ਮੈਂਬਰ ਸਾਹਿਬਾਨ ਸ਼ਾਮਿਲ ਹਨ। ਪੁਲਿਸ ਵਲੋਂ ਸ੍ਰੀ ਦਰਬਾਰ ਸਾਹਿਬ ਦੇ ਆਲੇ ਦੁਆਲੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਸ੍ਰੀ ਦਰਬਾਰ ਸਾਹਿਬ ਸਮੂਹ ਅੰਦਰ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਅਤੇ ਟਾਸਕ ਫੋਰਸ ਕਰਮੀਆਂ ਤੋਂ ਇਲਾਵਾ ਚਿੱਟ ਕੱਪੜੀਏ ਪੁਲਿਸ ਕਰਮੀ ਵੀ ਵੱਡੀ ਗਿਣਤੀ ਵਿਚ ਤਾਇਨਾਤ ਹਨ।
ਸ੍ਰੀ ਅਕਾਲ ਤਖਤ ਸਾਹਿਬ ਵਿਖੇ ਚੱਲ ਰਹੇ ਘੱਲੂਘਾਰਾ ਯਾਦਗਾਰੀ ਸ਼ਹੀਦੀ ਸਮਾਗਮ ਵਿਚ ਹੋਰਨਾਂ ਤੋਂ ਇਲਾਵਾ ਸ੍ਰੀ ਦਰਬਾਰ ਸਾਹਿਬ ਦੇ ਕਾਰਜਕਾਰੀ ਹੈਡ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਗ੍ਰੰਥੀ ਗਿਆਨੀ ਬਲਵਿੰਦਰ ਸਿੰਘ, ਪਰਵਿੰਦਰ ਪਾਲ ਸਿੰਘ, ਅਕਾਲ ਤਖਤ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਗੁਰਮੁਖ ਸਿੰਘ ਤੇ ਵਧੀਕ ਹੈਡ ਗ੍ਰੰਥੀ ਗਿਆਨੀ ਮਲਕੀਤ ਸਿੰਘ, ਨਿਹੰਗ ਸਿੰਘ ਜਥੇਬੰਦੀਆਂ ਦਲ ਪੰਥ ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰ ਸਿੰਘ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਬੀਬੀ ਸਤਵੰਤ ਕੌਰ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਭਾਈ ਮਨਜੀਤ ਸਿੰਘ ਭੂਰਾ ਕੋਹਨਾ, ਕਵਰ ਚੜਤ ਸਿੰਘ, ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਜਸਬੀਰ ਸਿੰਘ ਰੋਡੇ, ਬਾਪੂ ਤਰਸੇਮ ਸਿੰਘ ਸਰਪ੍ਰਸਤ ਅਕਾਲੀ ਦਲ ਵਾਰਸ ਪੰਜਾਬ ਦੇ, ਅਤੇ ਢਾਡੀ ਗਿਆਨੀ ਤਰਸੇਮ ਸਿੰਘ ਮੋਰਾਂਵਾਲੀ ਸਮੇਤ ਹੋਰ ਕਈ ਹਾਜ਼ਰ ਹਨ।
;
;
;
;
;
;
;
;