ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ, 6 ਜੂਨ (ਸੰਦੀਪ ਕੁਮਾਰ ਮਾਹਨਾ) - ਪੰਜਾਬ ਭਾਜਪਾ ਦੇ ਪ੍ਰਧਾਨ ਨਵੇਂ ਬਣੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਰਾਸ਼ਟਰੀ ਰਾਜਧਾਨੀ ਦੌਰੇ ਦੌਰਾਨ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨਾਲ ਮੁਲਾਕਾਤ ਕੀਤੀ। ਇਸ ਮੌਕੇ ਦਿੱਲੀ ਸਰਕਾਰ ਦੇ ਵਾਤਾਵਰਨ, ਜੰਗਲਾਤ ਅਤੇ ਜੰਗਲੀ ਜੀਵ ਮੰਤਰੀ ਮਨਜਿੰਦਰ ਸਿੰਘ ਸਿਰਸਾ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ।
ਮੁਲਾਕਾਤ ਦੌਰਾਨ ਢਿੱਲੋਂ ਨੇ ਪੰਜਾਬ ਲਈ ਆਪਣਾ ਵਿਜ਼ਨ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦਾ ਸ਼ਾਸਨ ਮਾਡਲ ਅੱਜ ਵੀ ਪ੍ਰੇਰਣਾ ਦਾ ਸਰੋਤ ਹੈ ਅਤੇ ਪੰਜਾਬ ਦੇ ਭਵਿੱਖ ਲਈ ਇਕ ਆਦਰਸ਼ ਮਾਪਦੰਡ ਹੈ। ਕੇਵਲ ਸਿੰਘ ਢਿੱਲੋਂ ਨੇ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਦੱਸਿਆ ਕਿ ਉਨ੍ਹਾਂ ਨੇ ਆਪਣੇ ਦਫ਼ਤਰ 'ਚ ਮਹਾਰਾਜਾ ਰਣਜੀਤ ਸਿੰਘ ਦੀ ਤਸਵੀਰ ਸਥਾਪਿਤ ਕੀਤੀ ਹੈ, ਜੋ ਨਿਆਂ, ਸਮਾਵੇਸ਼ਤਾ ਅਤੇ ਚੰਗੇ ਸ਼ਾਸਨ ਦੇ ਸਿਧਾਂਤਾਂ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਦਾ ਪ੍ਰਤੀਕ ਹੈ।
ਢਿੱਲੋਂ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਪੀੜਤ ਪਰਿਵਾਰਾਂ ਦੇ ਆਸ਼ਰਿਤਾਂ ਨੂੰ ਤਰਸ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਦੇਣ ਲਈ ਯੋਗਤਾ ਸ਼ਰਤਾਂ ਨੂੰ ਸਰਲ ਅਤੇ ਉਦਾਰ ਬਣਾਉਣ ਦੇ ਦਿੱਲੀ ਸਰਕਾਰ ਦੇ ਫ਼ੈਸਲੇ ਲਈ ਮੁੱਖ ਮੰਤਰੀ ਰੇਖਾ ਗੁਪਤਾ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਖ਼ਾਸ ਤੌਰ 'ਤੇ ਉਮਰ ਦੀ ਉੱਚ ਸੀਮਾ ਅਤੇ ਵਿੱਦਿਅਕ ਯੋਗਤਾ ਵਿਚ ਦਿੱਤੀ ਗਈ ਛੂਟ ਦੇ ਨਾਲ-ਨਾਲ ਉਹ ਪ੍ਰਬੰਧ ਵੀ ਸਰਾਹਿਆ ਜਿਸ ਤਹਿਤ ਜੇਕਰ ਮੁੱਖ ਆਸ਼ਰਿਤ ਦੀ ਉਮਰ 50 ਸਾਲ ਤੋਂ ਵੱਧ ਹੋ ਚੁੱਕੀ ਹੋਵੇ ਤਾਂ ਪਰਿਵਾਰ ਦੀ ਅਗਲੀ ਪੀੜ੍ਹੀ ਦੇ ਮੈਂਬਰ ਨੂੰ ਨੌਕਰੀ ਲਈ ਨਾਮਜ਼ਦ ਕੀਤਾ ਜਾ ਸਕੇਗਾ।
ਢਿੱਲੋਂ ਨੇ ਕਿਹਾ ਕਿ ਇਹ ਫ਼ੈਸਲਾ ਪ੍ਰਭਾਵਿਤ ਪਰਿਵਾਰਾਂ ਨੂੰ ਲੰਬੇ ਸਮੇਂ ਤੋਂ ਉਡੀਕੇ ਜਾ ਰਹੇ ਨਿਆਂ ਅਤੇ ਸਨਮਾਨ ਪ੍ਰਦਾਨ ਕਰਨ ਵੱਲ ਇਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਭਾਜਪਾ ਦੀ ਇਤਿਹਾਸਕ ਗਿਲਿਆਂ-ਸ਼ਿਕਵਿਆਂ ਨੂੰ ਸੰਵੇਦਨਸ਼ੀਲਤਾ ਅਤੇ ਹਮਦਰਦੀ ਨਾਲ ਦੂਰ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।
;
;
;
;
;
;
;
;
;