ਨਸ਼ੇ ਦੀ ਹਾਲਤ ਵਿਚ ਨੌਜਵਾਨ ਗ੍ਰਿਫ਼ਤਾਰ, ਡੋਪ ਟੈਸਟ ਪਾਜ਼ੀਟਿਵ ਆਉਣ 'ਤੇ ਕੇਸ ਦਰਜ
ਡੇਰਾਬੱਸੀ (ਮੁਹਾਲੀ), 7 ਜੂਨ (ਅਲੀ) - ਮੁਬਾਰਿਕਪੁਰ ਪੁਲਿਸ ਵੱਲੋਂ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਅਤੇ ਪੈਟਰੋਲਿੰਗ ਦੌਰਾਨ ਨਸ਼ੇ ਦੀ ਹਾਲਤ ਵਿਚ ਘੁੰਮ ਰਹੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸਿਵਲ ਹਸਪਤਾਲ ਵਿਚ ਕਰਵਾਏ ਗਏ ਡੋਪ ਟੈਸਟ ਦੀ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਪੁਲਿਸ ਨੇ ਉਸ ਦੇ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਜਾਂਚ ਅਧਿਕਾਰੀ ਏਐਸਆਈ ਲਖਵਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਬਾਰਿਕਪੁਰ ਨੇੜੇ ਮੌਜੂਦ ਸਨ। ਇਸ ਦੌਰਾਨ ਇਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ, ਜਿਸ ਦੀ ਹਾਲਤ ਨਸ਼ੇ ਵਿਚ ਲੱਗ ਰਹੀ ਸੀ।ਪੁਲਿਸ ਪਾਰਟੀ ਨੂੰ ਦੇਖ ਕੇ ਨੌਜਵਾਨ ਘਬਰਾ ਗਿਆ ਅਤੇ ਵਾਪਸ ਮੁੜਨ ਦੀ ਕੋਸ਼ਿਸ਼ ਕਰਨ ਲੱਗਾ। ਸ਼ੱਕ ਪੈਣ 'ਤੇ ਪੁਲਿਸ ਕਰਮਚਾਰੀਆਂ ਨੇ ਉਸ ਨੂੰ ਤੁਰੰਤ ਕਾਬੂ ਕਰ ਲਿਆ। ਮੌਕੇ 'ਤੇ ਲਈ ਗਈ ਤਲਾਸ਼ੀ ਦੌਰਾਨ ਉਸ ਕੋਲੋਂ ਕੋਈ ਨਸ਼ੀਲਾ ਪਦਾਰਥ ਜਾਂ ਹੋਰ ਇਤਰਾਜ਼ਯੋਗ ਵਸਤੂ ਬਰਾਮਦ ਨਹੀਂ ਹੋਈ।ਹਾਲਾਂਕਿ ਉਸ ਦੀ ਹਾਲਤ ਨੂੰ ਦੇਖਦੇ ਹੋਏ ਪੁਲਿਸ ਉਸ ਨੂੰ ਮੈਡੀਕਲ ਜਾਂਚ ਲਈ ਸਿਵਲ ਹਸਪਤਾਲ ਡੇਰਾਬੱਸੀ ਲੈ ਗਈ। ਹਸਪਤਾਲ ਵਿਚ ਕਰਵਾਏ ਗਏ ਡੋਪ ਟੈਸਟ ਦੀ ਰਿਪੋਰਟ ਪਾਜ਼ੀਟਿਵ ਆਈ, ਜਿਸ ਨਾਲ ਇਹ ਸਾਬਤ ਹੋਇਆ ਕਿ ਉਸ ਨੇ ਨਸ਼ੇ ਦਾ ਸੇਵਨ ਕੀਤਾ ਹੋਇਆ ਸੀ।ਗ੍ਰਿਫ਼ਤਾਰ ਕੀਤੇ ਗਏ ਨੌਜਵਾਨ ਦੀ ਪਹਿਚਾਣ ਅਮਨ ਕੁਮਾਰ ਪੁੱਤਰ ਰਾਮ ਕੁਮਾਰ ਵਾਸੀ ਪਿੰਡ ਕੋਟ, ਥਾਣਾ ਚੰਡੀਮੰਦਰ, ਜ਼ਿਲ੍ਹਾ ਪੰਚਕੂਲਾ (ਹਰਿਆਣਾ) ਵਜੋਂ ਹੋਈ ਹੈ।ਡੋਪ ਟੈਸਟ ਪਾਜ਼ੇਟਿਵ ਆਉਣ ਤੋਂ ਬਾਅਦ ਮੁਬਾਰਿਕਪੁਰ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵਲੋਂ ਮਾਮਲੇ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ।
;
;
;
;
;
;
;