ਭਾਜਪਾ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਪਾਰਟੀ ਦੇ ਕੌਮੀ ਆਗੂਆਂ ਸਮੇਤ ਕੇਂਦਰੀ ਮੰਤਰੀਆਂ ਨਾਲ ਅਹਿਮ ਮੁਲਾਕਾਤਾਂ ਜਾਰੀ
ਮੰਡੀ ਗੌਬਿੰਦਗੜ (ਫ਼ਤਹਿਗੜ੍ਹ ਸਾਹਿਬ), 7 ਜੂਨ (ਮੋਹਿਤ ਸਿੰਗਲਾ) - ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵ ਨਿਯੁਕਤ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਭਾਜਪਾ ਦੇ ਕੌਮੀ ਆਗੂਆਂ ਅਤੇ ਕੇਂਦਰੀ ਮੰਤਰੀਆਂ ਨਾਲ ਮੁਲਾਕਾਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਉਨ੍ਹਾਂ ਨੇ ਕੇਂਦਰੀ ਹਾਊਸਿੰਗ, ਸ਼ਹਿਰੀ ਵਿਕਾਸ ਅਤੇ ਬਿਜਲੀ ਮੰਤਰੀ ਮਨੋਹਰ ਲਾਲ ਖੱਟਰ ਅਤੇ ਕੇਂਦਰੀ ਸੱਭਿਆਚਾਰ ਅਤੇ ਸੈਰ-ਸਪਾਟਾ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਨ੍ਹਾਂ ਅਹਿਮ ਮੀਟਿੰਗਾਂ ਦੌਰਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਦੇ ਮੌਜੂਦਾ ਹਾਲਾਤ, ਸੂਬੇ ਦੇ ਸਰਵਪੱਖੀ ਵਿਕਾਸ ਅਤੇ ਲੋਕ ਹਿਤਾਂ ਨਾਲ ਜੁੜੇ ਕਈ ਮਹੱਤਵਪੂਰਨ ਮੁੱਦਿਆਂ ’ਤੇ ਕੇਂਦਰੀ ਮੰਤਰੀਆਂ ਨਾਲ ਵਿਸਥਾਰਪੂਰਵਕ ਅਤੇ ਸਕਾਰਾਤਮਕ ਵਿਚਾਰ-ਵਟਾਂਦਰਾ ਕੀਤਾ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕੇਵਲ ਸਿੰਘ ਢਿੱਲੋਂ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅਤੇ ਪਾਰਟੀ ਦੇ ਸਾਬਕਾ ਕੌਮੀ ਪ੍ਰਧਾਨ ਤੇ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ, ਰਸਾਇਣ ਅਤੇ ਖਾਦ ਮੰਤਰੀ ਜੇ.ਪੀ. ਨੱਡਾ, ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਦਿੱਲੀ ਦੀ ਮੁੱਖ-ਮੰਤਰੀ ਰੇਖਾ ਗੁਪਤਾ, ਦਿੱਲੀ ਦੇ ਕੈਬਨਿਟ ਮੰਤਰੀ ਅਤੇ ਭਾਜਪਾ ਦੇ ਪ੍ਰਮੁੱਖ ਸਿੱਖ ਚਿਹਰੇ ਵਜੋਂ ਜਾਣੇ ਜਾਂਦੇ ਮਨਜਿੰਦਰ ਸਿੰਘ ਸਿਰਸਾ ਸਮੇਤ ਕਈ ਹੋਰ ਸੀਨੀਅਰ ਕੌਮੀ ਆਗੂਆਂ ਸਮੇਤ ਕੇਂਦਰ ਸਰਕਾਰ ਦੇ ਵਜ਼ੀਰਾਂ ਨਾਲ ਵੀ ਮੁਲਾਕਾਤਾਂ ਕਰ ਚੁੱਕੇ ਹਨ। ਇਨ੍ਹਾਂ ਮੀਟਿੰਗਾਂ ਦੌਰਾਨ ਪੰਜਾਬ ਵਿਚ ਪਾਰਟੀ ਦੀ ਭਵਿੱਖੀ ਰਣਨੀਤੀ ਅਤੇ ਸੰਗਠਨਾਤਮਕ ਮਜ਼ਬੂਤੀ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਦੱਸਿਆ ਗਿਆ ਹੈ ਕਿ ਆਉਣ ਵਾਲੇ ਦਿਨਾਂ ਵਿਚ ਵੀ ਕੇਵਲ ਸਿੰਘ ਢਿੱਲੋਂ ਦੀਆਂ ਭਾਜਪਾ ਦੇ ਹੋਰ ਸੀਨੀਅਰ ਕੌਮੀ ਆਗੂਆਂ ਨਾਲ ਅਹਿਮ ਮੀਟਿੰਗਾਂ ਹੋਣ ਦੀ ਸੰਭਾਵਨਾ ਹੈ, ਜਿਨ੍ਹਾਂ ਵਿਚ ਪੰਜਾਬ ਨਾਲ ਸੰਬੰਧਿਤ ਵੱਖ-ਵੱਖ ਮੁੱਦਿਆਂ ਅਤੇ ਪਾਰਟੀ ਦੀਆਂ ਆਗਾਮੀ ਗਤੀਵਿਧੀਆਂ ਬਾਰੇ ਚਰਚਾ ਕੀਤੀ ਜਾਵੇਗੀ।
;
;
;
;
;
;
;