JALANDHAR WEATHER

ਆਈ.ਟੀ.ਆਈ. ਪਾਸ ਬੇਰੁਜ਼ਗਾਰ ਨੌਜਵਾਨਾਂ 'ਤੇ ਲਾਠੀਚਾਰਜ ਖ਼ਿਲਾਫ਼ ਬਿਜਲੀ ਮੁਲਾਜ਼ਮਾਂ ਵਲੋਂ ਰੋਸ ਰੈਲੀ

ਗੁਰੂ ਹਰ ਸਹਾਏ, 8 ਜੂਨ (ਕਪਿਲ ਕੰਧਾਰੀ)– ਮੁਲਾਜ਼ਮ ਯੂਨਾਈਟਡ ਆਰਗੇਨਾਈਜ਼ੇਸ਼ਨ, ਸਬ ਅਰਬਨ ਗੁਰੂ ਹਰ ਸਹਾਏ ਅਤੇ ਸ਼ਹਿਰੀ ਸਬ ਡਿਵੀਜ਼ਨ ਵਲੋਂ ਸ਼ਹਿਰੀ ਸਬ ਡਿਵੀਜ਼ਨ ਦੇ ਪ੍ਰਧਾਨ ਜਸਵਿੰਦਰ ਸਿੰਘ ਹੈਪੀ ਬੇਦੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਖ਼ਿਲਾਫ਼ ਰੋਸ ਰੈਲੀ ਕੀਤੀ ਗਈ। ਇਸ ਦੌਰਾਨ ਮੁਲਾਜ਼ਮਾਂ ਨੇ ਸਰਕਾਰ ਅਤੇ ਮੈਨੇਜਮੈਂਟ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਆਪਣਾ ਰੋਸ ਪ੍ਰਗਟਾਇਆ। ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ 5 ਜੂਨ ਨੂੰ ਬਿਜਲੀ ਨਿਗਮ ਦੇ ਮੁੱਖ ਦਫ਼ਤਰ ਪਟਿਆਲਾ ਸਾਹਮਣੇ ਰੋਸ ਪ੍ਰਦਰਸ਼ਨ ਕਰ ਰਹੇ ਆਈ.ਟੀ.ਆਈ. ਪਾਸ ਅਪਰੈਂਟਿਸ ਕਰ ਚੁੱਕੇ ਬੇਰੁਜ਼ਗਾਰ ਲਾਈਨਮੈਨ ਨੌਜਵਾਨਾਂ 'ਤੇ ਪੁਲਿਸ ਵਲੋਂ ਕੀਤਾ ਗਿਆ ਲਾਠੀਚਾਰਜ ਬਹੁਤ ਹੀ ਨਿੰਦਣਯੋਗ ਅਤੇ ਅਮਾਨਵੀ ਕਾਰਵਾਈ ਹੈ।

ਉਨ੍ਹਾਂ ਕਿਹਾ ਕਿ ਸ਼ਾਂਤਮਈ ਢੰਗ ਨਾਲ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਨੌਜਵਾਨਾਂ ਨਾਲ ਕਾਨੂੰਨ ਨੂੰ ਛਿੱਕੇ ਟੰਗ ਕੇ ਜਾਨਵਰਾਂ ਵਰਗਾ ਸਲੂਕ ਕੀਤਾ ਗਿਆ, ਜਿਸ ਦੀ ਜਥੇਬੰਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ। ਆਗੂਆਂ ਨੇ ਅਫ਼ਸੋਸ ਪ੍ਰਗਟ ਕਰਦਿਆਂ ਕਿਹਾ ਕਿ ਬਿਜਲੀ ਵਿਭਾਗ ਵਿਚ ਵੱਡੀ ਗਿਣਤੀ ਵਿਚ ਅਸਾਮੀਆਂ ਖਾਲੀ ਪਈਆਂ ਹਨ, ਪਰ ਇਸ ਦੇ ਬਾਵਜੂਦ ਯੋਗ ਅਤੇ ਤਜਰਬੇਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਬਜਾਏ ਉਨ੍ਹਾਂ ਨੂੰ ਡਾਂਗਾਂ ਖਾਣ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ। ਇਹ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਦੀ ਕਥਨੀ ਅਤੇ ਕਰਨੀ ਵਿਚਲੇ ਵੱਡੇ ਅੰਤਰ ਨੂੰ ਦਰਸਾਉਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਘਟਨਾ ਦੇ ਵਿਰੋਧ ਵਜੋਂ ਅੱਜ ਪੰਜਾਬ ਭਰ ਵਿਚ ਬਿਜਲੀ ਮੁਲਾਜ਼ਮਾਂ ਅਤੇ ਵੱਖ-ਵੱਖ ਭਰਾਤਰੀ ਜਥੇਬੰਦੀਆਂ ਵਲੋਂ ਰੋਸ ਰੈਲੀਆਂ ਅਤੇ ਅਰਥੀ ਫੂਕ ਮੁਜ਼ਾਹਰੇ ਕਰਕੇ ਸਰਕਾਰ ਅਤੇ ਮੈਨੇਜਮੈਂਟ ਖ਼ਿਲਾਫ਼ ਆਪਣਾ ਗੁੱਸਾ ਜ਼ਾਹਿਰ ਕੀਤਾ ਗਿਆ ਹੈ।

ਆਗੂਆਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਆਈ.ਟੀ.ਆਈ. ਪਾਸ ਅਪਰੈਂਟਿਸ ਕਰ ਚੁੱਕੇ ਬੇਰੁਜ਼ਗਾਰ ਲਾਈਨਮੈਨਾਂ ਦੀਆਂ ਜਾਇਜ਼ ਮੰਗਾਂ ਦਾ ਤੁਰੰਤ ਹੱਲ ਨਾ ਕੀਤਾ ਗਿਆ ਅਤੇ ਲਾਠੀਚਾਰਜ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਨਾ ਹੋਈ ਤਾਂ ਜਥੇਬੰਦੀ ਆਉਣ ਵਾਲੇ ਦਿਨਾਂ ਵਿਚ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਖ਼ਿਲਾਫ਼ ਹੋਰ ਤਿੱਖਾ ਸੰਘਰਸ਼ ਵਿੱਢੇਗੀ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਅਤੇ ਮੈਨੇਜਮੈਂਟ ਦੀ ਹੋਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ