ਨਾਬਾਲਗ ਲੜਕੀ ਨਾਲ ਜਬਰ ਜਨਾਹ ਦੇ ਦੋਸ਼, ਮਾਮਲਾ ਦਰਜ
ਜ਼ੀਰਕਪੁਰ (ਮੁਹਾਲੀ), 8 ਜੂਨ (ਅਲੀ) - ਜ਼ੀਰਕਪੁਰ ਖੇਤਰ ਵਿਚ ਇਕ 13 ਸਾਲਾ ਨਾਬਾਲਗ ਲੜਕੀ ਨਾਲ ਜਬਰ-ਜਨਾਹ ਕੀਤੇ ਜਾਣ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਪੀੜਤਾ ਦੇ ਪਰਿਵਾਰ ਦੀ ਸ਼ਿਕਾਇਤ ਦੇ ਆਧਾਰ 'ਤੇ ਇਕ ਨੌਜਵਾਨ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਅਤੇ ਪੋਕਸੋ ਐਕਟ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਘਟਨਾ ਤੋਂ ਬਾਅਦ ਮੁਲਜ਼ਮ ਫਰਾਰ ਦੱਸਿਆ ਜਾ ਰਿਹਾ ਹੈ।ਪੁਲਿਸ ਅਨੁਸਾਰ ਥਾਣਾ ਜ਼ੀਰਕਪੁਰ ਵਿਚ 7 ਜੂਨ 2026 ਨੂੰ ਐਫਆਈਆਰ ਨੰਬਰ 298 ਦਰਜ ਕੀਤੀ ਗਈ ਹੈ। ਮਾਮਲਾ ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਬੱਦੀ ਦੇ ਪਿੰਡ ਖਰੌਣੀ ਦੇ ਰਹਿਣ ਵਾਲੇ ਸਲੀਨ ਖ਼ਿਲਾਫ਼ ਦਰਜ ਕੀਤਾ ਗਿਆ ਹੈ। ਸ਼ਿਕਾਇਤ ਵਿਚ ਦੋਸ਼ ਲਗਾਇਆ ਗਿਆ ਹੈ ਕਿ 2 ਜੂਨ ਨੂੰ ਮੁਲਜ਼ਮ ਨੇ ਜ਼ੀਰਕਪੁਰ ਦੀ 13 ਸਾਲਾ ਨਾਬਾਲਗ ਲੜਕੀ ਨਾਲ ਜਬਰ-ਜਨਾਹ ਕੀਤਾ।
ਪੀੜਤਾ ਨਾਬਾਲਗ ਹੋਣ ਕਾਰਨ ਪੁਲਿਸ ਨੇ ਉਸ ਦੀ ਪਹਿਚਾਣ ਗੁਪਤ ਰੱਖੀ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਬੀਐਨਐਸ ਦੀਆਂ ਸੰਬੰਧਿਤ ਧਾਰਾਵਾਂ ਅਤੇ ਪੋਕਸੋ ਐਕਟ ਦੀ ਧਾਰਾ 6 ਤਹਿਤ ਕੇਸ ਦਰਜ ਕੀਤਾ ਹੈ।ਜਾਂਚ ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਵਲੋਂ ਤਕਨੀਕੀ ਸਬੂਤਾਂ ਅਤੇ ਹੋਰ ਪੱਖਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਵਿਚ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
;
;
;
;
;
;
;
;