JALANDHAR WEATHER

ਮਾਸਿਕ ਮੀਟਿੰਗ 'ਚ ਨੰਬਰਦਾਰਾਂ ਨੇ ਲੰਬਿਤ ਮੰਗਾਂ ਪੂਰੀਆਂ ਕਰਨ ਦੀ ਕੀਤੀ ਮੰਗ

ਜਗਰਾਉਂ (ਲੁਧਿਆਣਾ), 10 ਜੂਨ (ਕੁਲਦੀਪ ਸਿੰਘ ਲੋਹਟ) - ਪੰਜਾਬ ਨੰਬਰਦਾਰ ਯੂਨੀਅਨ ਰਜਿ. (643) ਤਹਿਸੀਲ ਜਗਰਾਉਂ ਦੀ ਮਹੀਨਾਵਾਰ ਮੀਟਿੰਗ ਤਹਿਸੀਲ ਪ੍ਰਧਾਨ ਰਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਜਗਰਾਉਂ ਵਿਖੇ ਹੋਈ। ਮੀਟਿੰਗ ਦੌਰਾਨ ਨੰਬਰਦਾਰਾਂ ਨੇ ਪੰਜਾਬ ਸਰਕਾਰ ਕੋਲ ਆਪਣੀਆਂ ਲੰਬਿਤ ਮੰਗਾਂ ਨੂੰ ਜਲਦ ਪੂਰਾ ਕਰਨ ਦੀ ਮੰਗ ਕੀਤੀ। ਯੂਨੀਅਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਬਣਨ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਨੰਬਰਦਾਰਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਅਜੇ ਤੱਕ ਅਮਲੀ ਜਾਮਾ ਨਹੀਂ ਪਹਿਨਾਇਆ ਗਿਆ। ਉਨ੍ਹਾਂ ਮੰਗ ਕੀਤੀ ਕਿ ਨੰਬਰਦਾਰਾਂ ਦਾ ਮਾਨਭੱਤਾ ਵਧਾ ਕੇ 5,000 ਰੁਪਏ ਪ੍ਰਤੀ ਮਹੀਨਾ ਕੀਤਾ ਜਾਵੇ, ਟੋਲ ਟੈਕਸ ਮੁਆਫ ਕੀਤਾ ਜਾਵੇ ਅਤੇ ਪੰਜਾਬ ਰੋਡਵੇਜ਼ ਦੀਆਂ ਬੱਸਾਂ ਵਿਚ ਮੁਫ਼ਤ ਸਫ਼ਰ ਦੀ ਸਹੂਲਤ ਦਿੱਤੀ ਜਾਵੇ।
ਮੀਟਿੰਗ ਵਿਚ ਵੱਧ ਰਹੀ ਗਰਮੀ ਅਤੇ ਵਾਤਾਵਰਣ ਸੰਭਾਲ ਦੇ ਮੁੱਦੇ ’ਤੇ ਵੀ ਚਿੰਤਾ ਪ੍ਰਗਟਾਈ ਗਈ। ਨੰਬਰਦਾਰਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਪੌਦੇ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੀ ਸੰਭਾਲ ਲਈ ਵੀ ਪ੍ਰਭਾਵਸ਼ਾਲੀ ਪ੍ਰਬੰਧ ਕੀਤੇ ਜਾਣ ਤਾਂ ਜੋ ਰੁੱਖ ਸੁੱਕਣ ਤੋਂ ਬਚ ਸਕਣ।
ਇਸ ਤੋਂ ਇਲਾਵਾ ਯੂਨੀਅਨ ਨੇ ਸੂਬੇ ਵਿਚ ਵੱਧ ਰਹੀਆਂ ਲੁੱਟ-ਖੋਹ ਅਤੇ ਅਪਰਾਧਿਕ ਘਟਨਾਵਾਂ ’ਤੇ ਚਿੰਤਾ ਜ਼ਾਹਰ ਕਰਦਿਆਂ ਸਰਕਾਰ ਤੋਂ ਕਾਨੂੰਨ-ਵਿਵਸਥਾ ਮਜ਼ਬੂਤ ਕਰਨ ਦੀ ਮੰਗ ਕੀਤੀ। ਆਗੂਆਂ ਨੇ ਕਿਹਾ ਕਿ ਦਿਨ-ਦਿਹਾੜੇ ਹੋ ਰਹੀਆਂ ਲੁੱਟਾਂ-ਖੋਹਾਂ ਅਤੇ ਬੱਚਿਆਂ ਤੇ ਲੜਕੀਆਂ ਨੂੰ ਅਗਵਾ ਕਰਨ ਵਾਲੇ ਗਿਰੋਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਅਜਿਹੇ ਅਪਰਾਧਾਂ ’ਤੇ ਤੁਰੰਤ ਨਕੇਲ ਕਸੀ ਜਾਵੇ।
ਯੂਨੀਅਨ ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਨੰਬਰਦਾਰ ਭਾਈਚਾਰੇ ਦੀਆਂ ਜਾਇਜ਼ ਮੰਗਾਂ ਨੂੰ ਅਣਡਿੱਠਾ ਕੀਤਾ ਤਾਂ ਆਉਣ ਵਾਲੀਆਂ ਚੋਣਾਂ ਵਿਚ ਸਰਕਾਰ ਨੂੰ ਇਸ ਦਾ ਰਾਜਨੀਤਿਕ ਨੁਕਸਾਨ ਝੱਲਣਾ ਪੈ ਸਕਦਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ