ਮਾਣੂੰਕੇ 'ਚ ਘਰ ਦੇ ਗੇਟ 'ਤੇ ਫਾਇਰਿੰਗ, ਪਰਿਵਾਰ 'ਚ ਸਹਿਮ ਦਾ ਮਾਹੌਲ
ਜਗਰਾਉਂ (ਲੁਧਿਆਣਾ), 11 ਜੂਨ (ਕੁਲਦੀਪ ਸਿੰਘ ਲੋਹਟ)- ਪਿੰਡ ਮਾਣੂੰਕੇ ਵਿਖੇ ਦੇਰ ਰਾਤ ਇਕ ਘਰ ਦੇ ਬਾਹਰ ਫਾਇਰਿੰਗ ਹੋਣ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ, ਪ੍ਰਗਟ ਸਿੰਘ ਪੁੱਤਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਰਾਤ ਕਰੀਬ 12:30 ਵਜੇ ਕੁਝ ਵਿਅਕਤੀਆਂ ਵਲੋਂ ਉਸ ਦੇ ਘਰ 'ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਦੌਰਾਨ ਹਮਲਾਵਰਾਂ ਨੇ ਘਰ ਦੇ ਗੇਟਾਂ 'ਤੇ 4 ਤੋਂ 5 ਗੋਲੀਆਂ ਦਾਗੀਆਂ।
ਘਟਨਾ ਤੋਂ ਬਾਅਦ ਪਰਿਵਾਰ ਵਿਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਪ੍ਰਗਟ ਸਿੰਘ ਦਾ ਕਹਿਣਾ ਹੈ ਕਿ ਪਿਛਲੀਆਂ ਚੋਣਾਂ ਨੂੰ ਲੈ ਕੇ ਕੁਝ ਲੋਕ ਉਸ ਨਾਲ ਨਿੱਜੀ ਰੰਜਿਸ਼ ਰੱਖਦੇ ਹਨ, ਜਿਸ ਕਾਰਨ ਇਹ ਘਟਨਾ ਵਾਪਰੀ ਹੋ ਸਕਦੀ ਹੈ। ਉਸ ਨੇ ਦੱਸਿਆ ਕਿ ਸਾਰੀ ਘਟਨਾ ਦੀ ਸੀਸੀਟੀਵੀ ਫੁਟੇਜ਼ ਵੀ ਸਾਹਮਣੇ ਆਈ ਹੈ।
ਸੂਚਨਾ ਮਿਲਣ ਉਪਰੰਤ ਥਾਣਾ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਅਮ੍ਰਿੰਤਪਾਲ ਸਿੰਘ ਅਤੇ ਥਾਣਾ ਹਠੂਰ ਦੇ ਐਸ.ਐਚ.ਓ. ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵਲੋਂ ਵੱਖ-ਵੱਖ ਪਹਿਲੂਆਂ ਤੋਂ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਦੋਸ਼ੀਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ।
;
;
;
;
;
;
;
;