ਤੇਜ਼ ਰਫ਼ਤਾਰ ਹੋਂਡਾ ਸਿਟੀ ਕਾਰ ਨੇ ਐਕਟਿਵਾ ਨੂੰ ਮਾਰੀ ਟੱਕਰ, ਐਕਟਿਵਾ ਸਵਾਰ ਦੀ ਮੌਤ
ਮੋਗਾ, 13 ਜੂਨ- ਮੋਗਾ ਦੇ ਨਿਗਾਹਾ ਰੋਡ 'ਤੇ ਅੱਜ ਉਸ ਸਮੇਂ ਦਰਦਨਾਕ ਸੜਕ ਹਾਦਸਾ ਵਾਪਰਿਆ ਜਦੋਂ ਤੇਜ਼ ਰਫ਼ਤਾਰ ਨਾਲ ਆ ਰਹੀ ਇੱਕ ਹੋਂਡਾ ਸਿਟੀ ਕਾਰ ਦੀ ਐਕਟਿਵਾ ਨਾਲ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦਾ ਸੰਤੁਲਨ ਵਿਗੜ ਗਿਆ ਅਤੇ ਉਹ ਪਲਟ ਗਈ।
ਇਸ ਹਾਦਸੇ ਵਿਚ ਐਕਟਿਵਾ ਸਵਾਰ ਅਸ਼ੋਕ ਗੁਪਤਾ, ਜਿਨ੍ਹਾਂ ਦੀ ਉਮਰ ਕਰੀਬ 55 ਤੋਂ 60 ਸਾਲ ਦੱਸੀ ਜਾ ਰਹੀ ਹੈ ਅਤੇ ਜੋ ਮੋਗਾ ਦੇ ਗਾਂਧੀ ਨਗਰ ਦੇ ਰਹਿਣ ਵਾਲੇ ਸਨ, ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਤੁਰੰਤ ਮੋਗਾ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਉੱਥੇ ਹੀ ਮੌਕੇ 'ਤੇ ਮੌਜੂਦ ਲੋਕਾਂ ਨੇ ਕਾਰ ਚਾਲਕ ਨੂੰ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਰੱਖਵਾ ਦਿੱਤਾ ਹੈ। ਮ੍ਰਿਤਕ ਦੇ ਰਿਸ਼ਤੇਦਾਰ ਡੇਵਿਡ ਨੇ ਦੱਸਿਆ ਕਿ ਅਸ਼ੋਕ ਕੁਮਾਰ ਕਿਸੇ ਕੰਮ ਤੋਂ ਫੈਕਟਰੀ ਤੋਂ ਵਾਪਸ ਘਰ ਆ ਰਹੇ ਸਨ। ਇਸ ਦੌਰਾਨ ਦੂਜੇ ਪਾਸੇ ਤੋਂ ਆ ਰਹੀ ਤੇਜ਼ ਰਫ਼ਤਾਰ ਹੋਂਡਾ ਸਿਟੀ ਕਾਰ ਉਨ੍ਹਾਂ ਦੀ ਐਕਟਿਵਾ ਨਾਲ ਟਕਰਾ ਗਈ। ਉਨ੍ਹਾਂ ਕਿਹਾ ਕਿ ਮੌਕੇ 'ਤੇ ਮੌਜੂਦ ਲੋਕਾਂ ਨੇ ਕਾਰ ਚਾਲਕ ਨੂੰ ਫੜ ਲਿਆ ਸੀ ਅਤੇ ਉਹ ਇਨਸਾਫ਼ ਦੀ ਮੰਗ ਕਰਦੇ ਹਨ।
ਥਾਣਾ ਮੁਖੀ ਕਮਲਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਨਿਗਾਹਾ ਰੋਡ 'ਤੇ ਹੋਂਡਾ ਸਿਟੀ ਕਾਰ ਅਤੇ ਐਕਟਿਵਾ ਵਿਚਕਾਰ ਹਾਦਸਾ ਵਾਪਰਿਆ ਹੈ। ਸੂਚਨਾ ਮਿਲਦੇ ਹੀ ਜਾਂਚ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਸਨ। ਉਨ੍ਹਾਂ ਦੱਸਿਆ ਕਿ ਐਕਟਿਵਾ ਸਵਾਰ ਅਸ਼ੋਕ ਕੁਮਾਰ, ਜਿਨ੍ਹਾਂ ਦੀ ਉਮਰ 50 ਸਾਲ ਤੋਂ ਵੱਧ ਸੀ, ਦੀ ਮੌਤ ਹੋ ਗਈ ਹੈ। ਪਰਿਵਾਰਕ ਮੈਂਬਰਾਂ ਵੱਲੋਂ ਪਛਾਣ ਅਤੇ ਬਿਆਨ ਦਰਜ ਕਰਵਾਉਣ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
;
;
;
;
;
;
;
;