ਮੋਰਨਿੰਗ ਵਾਕ ਕਰ ਰਹੇ ਕਾਰੋਬਾਰੀ ਤੋਂ ਚੇਨ ਖੋਹਣ ਵਾਲਾ ਕਾਬੂ, ਚੋਰੀ ਦਾ ਮੋਟਰਸਾਈਕਲ ਵੀ ਬਰਾਮਦ
ਜ਼ੀਰਕਪੁਰ, 16 ਜੂਨ (ਅਲੀ)-ਢਕੋਲੀ ਇਲਾਕੇ ਵਿੱਚ ਮੋਰਨਿੰਗ ਵਾਕ ਕਰ ਰਹੇ ਇੱਕ ਕਾਰੋਬਾਰੀ ਤੋਂ ਸੋਨੇ ਦੀ ਚੇਨ ਖੋਹਣ ਦੇ ਮਾਮਲੇ ਨੂੰ ਪੁਲਿਸ ਨੇ ਸੁਲਝਾਉਂਦੇ ਹੋਏ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦੀ ਪਹਿਚਾਣ ਲਖਵਿੰਦਰ ਸਿੰਘ ਉਰਫ਼ ਬੱਗਾ ਵਾਸੀ ਪਿੰਡ ਦਿਆਲਪੁਰਾ ਵਜੋਂ ਹੋਈ ਹੈ। ਪੁੱਛਗਿੱਛ ਦੌਰਾਨ ਉਸ ਦੇ ਕਬਜ਼ੇ ਵਿੱਚੋਂ ਇੱਕ ਚੋਰੀ ਦਾ ਮੋਟਰਸਾਈਕਲ ਵੀ ਬਰਾਮਦ ਕੀਤਾ ਗਿਆ ਹੈ।
ਜਾਣਕਾਰੀ ਅਨੁਸਾਰ ਰਹਿਮਤ ਹੋਮਜ਼ ਵਾਸੀ ਕਾਰੋਬਾਰੀ ਸੁਮਿਤ ਕੁਮਾਰ ਨੇ ਸ਼ਿਕਾਇਤ ਦਿੱਤੀ ਸੀ ਕਿ 30 ਮਈ ਦੀ ਸਵੇਰ ਕਰੀਬ 6:50 ਵਜੇ ਉਹ ਡੀਪੀਐਸ ਸਕੂਲ ਨੇੜੇ ਮੋਰਨਿੰਗ ਵਾਕ ਕਰ ਰਹੇ ਸਨ। ਇਸ ਦੌਰਾਨ ਮੋਟਰਸਾਈਕਲ 'ਤੇ ਆਏ ਇੱਕ ਨੌਜਵਾਨ ਨੇ ਉਨ੍ਹਾਂ ਦੇ ਗਲੇ ਵਿੱਚੋਂ ਸੋਨੇ ਦੀ ਚੇਨ ਖੋਹ ਲਈ ਅਤੇ ਫ਼ਰਾਰ ਹੋ ਗਿਆ।
ਮਾਮਲੇ ਦੀ ਜਾਂਚ ਦੌਰਾਨ ਪੁਲਿਸ ਨੇ ਸੀਸੀਟੀਵੀ ਫੁਟੇਜ, ਤਕਨੀਕੀ ਸਬੂਤਾਂ ਅਤੇ ਹੋਰ ਸੁਰਾਗਾਂ ਦੇ ਆਧਾਰ 'ਤੇ ਮੁਲਜ਼ਮ ਦੀ ਪਹਿਚਾਣ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਜਾਂਚ ਲਈ ਮੁਲਜ਼ਮ ਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ 'ਤੇ ਲਿਆ ਗਿਆ, ਜਿੱਥੇ ਉਸ ਤੋਂ ਡੂੰਘੀ ਪੁੱਛਗਿੱਛ ਕੀਤੀ ਗਈ।
ਜਾਂਚ ਅਧਿਕਾਰੀ ਏਐਸਆਈ ਭੂਪਿੰਦਰ ਸਿੰਘ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮ ਦੇ ਕਬਜ਼ੇ ਵਿੱਚੋਂ ਇੱਕ ਚੋਰੀ ਦਾ ਮੋਟਰਸਾਈਕਲ ਬਰਾਮਦ ਹੋਇਆ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਨਸ਼ੇ ਦਾ ਆਦੀ ਹੈ ਅਤੇ ਉਸ ਖ਼ਿਲਾਫ਼ ਪਹਿਲਾਂ ਵੀ ਚੋਰੀ ਨਾਲ ਸਬੰਧਿਤ ਮਾਮਲੇ ਦਰਜ ਹਨ।
ਪੁਲਿਸ ਹੁਣ ਇਹ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ ਕਿ ਮੁਲਜ਼ਮ ਕਿਸੇ ਹੋਰ ਸਨੈਚਿੰਗ, ਚੋਰੀ ਜਾਂ ਲੁੱਟ ਦੀਆਂ ਵਾਰਦਾਤਾਂ ਵਿੱਚ ਵੀ ਸ਼ਾਮਲ ਰਿਹਾ ਹੈ ਜਾਂ ਨਹੀਂ। ਰਿਮਾਂਡ ਦੀ ਮਿਆਦ ਪੂਰੀ ਹੋਣ ਮਗਰੋਂ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ।
ਬਾਕਸ: ਨਸ਼ੇ ਦੀ ਲਤ ਬਣ ਰਹੀ ਅਪਰਾਧ ਦੀ ਵੱਡੀ ਵਜ੍ਹਾ
ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਨਸ਼ੇ ਦਾ ਆਦੀ ਹੈ। ਪੁਲਿਸ ਅਧਿਕਾਰੀਆਂ ਦਾ ਮੰਨਣਾ ਹੈ ਕਿ ਇਲਾਕੇ ਵਿੱਚ ਵਧ ਰਹੀਆਂ ਸਨੈਚਿੰਗ ਅਤੇ ਚੋਰੀ ਦੀਆਂ ਕਈ ਘਟਨਾਵਾਂ ਦੇ ਪਿੱਛੇ ਨਸ਼ੇ ਦੀ ਲਤ ਇੱਕ ਵੱਡਾ ਕਾਰਨ ਹੈ। ਨਸ਼ੇ ਲਈ ਪੈਸਿਆਂ ਦਾ ਪ੍ਰਬੰਧ ਕਰਨ ਵਾਸਤੇ ਅਜਿਹੇ ਵਿਅਕਤੀ ਰਾਹ ਜਾਂਦੇ ਲੋਕਾਂ ਨੂੰ ਨਿਸ਼ਾਨਾ ਬਣਾਉਂਦੇ ਹਨ।
;
;
;
;
;
;
;
;