JALANDHAR WEATHER

ਮੀਟਰ ਰੀਡਰਾਂ ਦੀ ਹੜਤਾਲ ਕਾਰਨ ਬਿਜਲੀ ਬਿੱਲਾਂ ਵਿਚ ਦੇਰੀ, ਖਪਤਕਾਰ ਪ੍ਰੇਸ਼ਾਨ

ਗੁਰੂਹਰਸਹਾਏ (ਫ਼ਿਰੋਜ਼ਪੁਰ), 18 ਜੂਨ (ਕਪਿਲ ਕੰਧਾਰੀ) - ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟੇਡ (ਪੀਐਸਪੀਸੀਐਲ) ਦੇ ਮੀਟਰ ਰੀਡਰਾਂ ਦੀ ਚੱਲ ਰਹੀ ਹੜਤਾਲ ਕਾਰਨ ਇਲਾਕੇ ਦੇ ਹਜ਼ਾਰਾਂ ਬਿਜਲੀ ਖਪਤਕਾਰਾਂ ਨੂੰ ਪਿਛਲੇ ਕੁਝ ਮਹੀਨਿਆਂ ਤੋਂ ਬਿਜਲੀ ਦੇ ਬਿੱਲ ਨਹੀਂ ਮਿਲ ਰਹੇ। ਬਿੱਲਾਂ ਦੀ ਸਮੇਂ ਸਿਰ ਜਾਰੀ ਨਾ ਹੋਣ ਕਾਰਨ ਖਪਤਕਾਰਾਂ ਵਿਚ ਚਿੰਤਾ ਅਤੇ ਪ੍ਰੇਸ਼ਾਨੀ ਦਾ ਮਾਹੌਲ ਬਣਿਆ ਹੋਇਆ ਹੈ।ਜਾਣਕਾਰੀ ਅਨੁਸਾਰ ਮੀਟਰ ਰੀਡਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਹੜਤਾਲ ਕਾਰਨ ਘਰਾਂ, ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਬਿਜਲੀ ਮੀਟਰਾਂ ਦੀ ਰੀਡਿੰਗ ਨਿਯਮਿਤ ਤੌਰ 'ਤੇ ਨਹੀਂ ਲਈ ਜਾ ਰਹੀ। ਇਸ ਦੇ ਨਤੀਜੇ ਵਜੋਂ ਖਪਤਕਾਰਾਂ ਦੇ ਬਿੱਲ ਤਿਆਰ ਨਹੀਂ ਹੋ ਰਹੇ ਅਤੇ ਕਈ ਖਪਤਕਾਰਾਂ ਨੂੰ ਲਗਾਤਾਰ ਦੋ ਤੋਂ ਤਿੰਨ ਮਹੀਨਿਆਂ ਤੋਂ ਬਿਜਲੀ ਬਿੱਲ ਪ੍ਰਾਪਤ ਨਹੀਂ ਹੋਏ।
ਖਪਤਕਾਰਾਂ ਦਾ ਕਹਿਣਾ ਹੈ ਕਿ ਜੇਕਰ ਇਕੱਠੇ ਕਈ ਮਹੀਨਿਆਂ ਦੇ ਬਿੱਲ ਜਾਰੀ ਕੀਤੇ ਗਏ ਤਾਂ ਉਨ੍ਹਾਂ 'ਤੇ ਅਚਾਨਕ ਆਰਥਿਕ ਬੋਝ ਪੈ ਸਕਦਾ ਹੈ। ਇਸ ਤੋਂ ਇਲਾਵਾ ਲੋਕਾਂ ਵਿਚ ਇਹ ਚਿੰਤਾ ਵੀ ਹੈ ਕਿ ਇਕਮੁਸ਼ਤ ਵੱਡੀ ਰਕਮ ਦਾ ਭੁਗਤਾਨ ਕਰਨਾ ਬਹੁਤ ਸਾਰੇ ਪਰਿਵਾਰਾਂ ਲਈ ਮੁਸ਼ਕਲ ਹੋਵੇਗਾ। ਲੋਕਾਂ ਨੇ ਬਿਜਲੀ ਵਿਭਾਗ ਤੋਂ ਮੰਗ ਕੀਤੀ ਹੈ ਕਿ ਇਸ ਸਮੱਸਿਆ ਦਾ ਜਲਦ ਹੱਲ ਕੱਢਿਆ ਜਾਵੇ ਅਤੇ ਖਪਤਕਾਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਤੋਂ ਬਚਾਇਆ ਜਾਵੇ।
ਓਧਰ ਖਪਤਕਾਰਾਂ ਨੇ ਇਕ ਹੋਰ ਮਹੱਤਵਪੂਰਨ ਮੁੱਦਾ ਵੀ ਉਠਾਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵਲੋਂ ਘਰੇਲੂ ਖਪਤਕਾਰਾਂ ਨੂੰ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਦਿੱਤੀ ਜਾ ਰਹੀ ਹੈ, ਪਰ ਜਦੋਂ ਕਈ ਮਹੀਨਿਆਂ ਦੇ ਬਿੱਲ ਇਕੱਠੇ ਜਾਰੀ ਹੋਣਗੇ ਤਾਂ ਮੁਫ਼ਤ ਯੂਨਿਟਾਂ ਦਾ ਹਿਸਾਬ ਕਿਸ ਤਰੀਕੇ ਨਾਲ ਕੀਤਾ ਜਾਵੇਗਾ, ਇਸ ਬਾਰੇ ਲੋਕਾਂ ਵਿਚ ਅਸਮੰਜਸ ਦੀ ਸਥਿਤੀ ਬਣੀ ਹੋਈ ਹੈ। ਖਪਤਕਾਰਾਂ ਨੇ ਮੰਗ ਕੀਤੀ ਹੈ ਕਿ ਸਰਕਾਰ ਅਤੇ ਬਿਜਲੀ ਵਿਭਾਗ ਇਸ ਸੰਬੰਧੀ ਸਪੱਸ਼ਟ ਜਾਣਕਾਰੀ ਜਾਰੀ ਕਰਨ ਤਾਂ ਜੋ ਲੋਕਾਂ ਦੀਆਂ ਚਿੰਤਾਵਾਂ ਦੂਰ ਹੋ ਸਕਣ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ