ਸੰਯੁਕਤ ਕਿਸਾਨ ਮੋਰਚਾ ਦੇ ਵਫ਼ਦ ਨੇ ਰਾਜਪਾਲ ਕਟਾਰੀਆ ਨਾਲ ਕਿਸਾਨੀ ਮੰਗਾਂ ਤੇ ਹੋਰ ਮੁੱਦਿਆਂ ਤੇ ਕੀਤੀ ਗੱਲਬਾਤ
ਚੰਡੀਗੜ੍ਹ 19 ਜੂਨ (ਅਜਾਇਬ ਸਿੰਘ ਔਜਲਾ)- ਚੰਡੀਗੜ੍ਹ ਵਿਚ ਅੱਜ ਲੋਕ ਭਵਨ ਵਿਖੇ ਸੰਯੁਕਤ ਕਿਸਾਨ ਮੋਰਚਾ ਦੇ 35 ਮੈਂਬਰੀ ਵਫ਼ਦ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕਿਸਾਨੀ ਮੰਗਾਂ ਦੇ ਨਾਲ ਨਾਲ ਪੰਜਾਬ ਦੇ ਹੋਰ ਭੱਖਦੇ ਮੁੱਦਿਆਂ ਤੇ ਵਿਸਤਾਰ ਨਾਲ ਗੱਲਬਾਤ ਕੀਤੀ। ਇਸ ਵਫ਼ਦ ਵਿਚ ਪ੍ਰਮੁੱਖ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ, ਹਰਿੰਦਰ ਸਿੰਘ ਲੱਖੋਵਾਲ, ਰਜਿੰਦਰ ਸਿੰਘ ਪਟਿਆਲਾ, ਹਰਜਿੰਦਰ ਸਿੰਘ ਟਾਂਡਾ, ਬਲਦੇਵ ਸਿੰਘ ਨਿਹਾਲਗੜ੍ਹ, ਸਤਨਾਮ ਸਿੰਘ ਅਜਨਾਲਾ ਆਦਿ ਆਗੂਆਂ ਨੇ ਸ਼ਮੂਲੀਅਤ ਕੀਤੀ। ਰਾਜਪਾਲ ਪੰਜਾਬ ਨਾਲ ਮੁਲਾਕਾਤ ਕਰਨ ਉਪਰੰਤ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਦੱਸਿਆ ਕਿ ਉਨ੍ਹਾਂ ਵਲੋਂ ਕਿਸਾਨੀ ਮੁੱਦਿਆਂ ਨੂੰ ਰਾਜਪਾਲ ਦੇ ਸਨਮੁਖ ਰੱਖਿਆ ਹੈ।
ਇਸੇ ਦੌਰਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਕਿਸੇ ਵੀ ਸੂਰਤ ਵਿਚ ਪੰਜਾਬ ਦੇ ਦਰਿਆਈ ਪਾਣੀਆਂ ਤੇ ਕੇਂਦਰ ਦੀ ਦਖ਼ਲ ਅੰਦਾਜੀ ਸਵੀਕਾਰ ਨਹੀਂ। ਉਨ੍ਹਾਂ ਕਿਹਾ ਕਿ ਪੰਜਾਬ ਦਾ ਪਾਣੀ ਨਾ ਖੇਤੀ ਯੋਗ ਰਿਹਾ ਹੈ ਅਤੇ ਨਾ ਹੀ ਪੀਣ ਯੋਗ ਰਿਹਾ ਹੈ, ਜਿਸ ਕਰਕੇ ਪੰਜਾਬ ਦੇ ਲੋਕ ਅਨੇਕਾਂ ਬਿਮਾਰੀਆਂ ਤੋਂ ਦਿਨੋ ਦਿਨ ਪੀੜਤ ਹੁੰਦੇ ਜਾ ਰਹੇ ਹਨ।
ਕਿਸਾਨ ਆਗੂਆਂ ਨੇ ਰਾਜਪਾਲ ਅੱਗੇ ਇਸ ਗੱਲ ਨੂੰ ਵੀ ਜ਼ੋਰ ਸ਼ੋਰ ਨਾਲ ਉਠਾਇਆ ਕਿ ਡੈਮ ਸਟੇਟ ਸਬਜੈਕਟ ਹੈ। ਉਨ੍ਹਾਂ ਕਿਹਾ ਕਿ ਸਾਡੇ ਡੈਮਾਂ ਤੇ ਜ਼ਬਰਦਸਤੀ ਕਬਜ਼ਾ ਕੀਤਾ ਗਿਆ ਹੈ। ਇਸੇ ਦੌਰਾਨ ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਨੂੰ ਸਿਰਫ਼ ਦੋ ਫਸਲਾਂ ਤੇ ਹੀ ਐਮ.ਐਸ.ਪੀ ਦਿੱਤੀ ਜਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ 23 ਫਸਲਾਂ ਦੇ ਉੱਤੇ ਐਮ.ਐਸ.ਪੀ ਦੇਣ ਦੇ ਲਈ ਸਰਕਾਰ ਤੁਰੰਤ ਉਪਰਾਲੇ ਕਰੇ।
;
;
;
;
;
;
;
;