JALANDHAR WEATHER

ਐਨ. ਐਸ. ਕਿਊ. ਐਫ. ਵੋਕੇਸ਼ਨਲ ਟੀਚਰਜ ਫਰੰਟ ਵਲੋਂ ਅਮਨ ਅਰੋੜਾ ਦੀ ਕੋਠੀ ਅੱਗੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ

ਸੁਨਾਮ ਊਧਮ ਸਿੰਘ ਵਾਲਾ, 22 ਜੂਨ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਐਨ. ਐਸ. ਕਿਊ. ਐਫ. ਵੋਕੇਸ਼ਨਲ ਟੀਚਰਜ਼ ਫਰੰਟ ਪੰਜਾਬ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਜਥੇਬੰਦੀ ਦੇ ਸੂਬਾ ਕਮੇਟੀ ਮੈਂਬਰ ਰਣਜੀਤ ਸਿੰਘ ਬਰਨਾਲਾ ਦੀ ਅਗਵਾਈ ਵਿਚ ਸਥਾਨਕ ਫਲਾਈ ਓਵਰ ਬ੍ਰਿਜ ਹੇਠ ਇਕੱਠੇ ਹੋਣ ਉਪਰੰਤ ਸ਼ਹਿਰ ਵਿਚ ਰੋਸ ਮਾਰਚ ਕਰਨ ਉਪਰੰਤ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਸਮੇ ਸੈਂਕੜਿਆਂ ਦੀ ਗਿਣਤੀ ਵਿਚ ਇਕੱਠੇ ਹੋਏ ਅਧਿਆਪਕਾਂ ਨੇ ਪੰਜਾਬ ਸਰਕਾਰ ਖਿਲਾਫ਼ ਜੋਰਦਾਰ ਨਾਅਰੇਬਾਜੀ ਵੀ ਕੀਤੀ।

ਅਧਿਆਪਕ ਆਗੂ ਰਣਜੀਤ ਸਿੰਘ ਬਰਨਾਲਾ, ਭੁਪਿੰਦਰ ਸਿੰਘ ਰੋਪੜ ਆਦਿ ਨੇ ਕਿਹਾ ਕਿ ਉਹ ਸਿੱਖਿਆ ਵਿਭਾਗ,ਪੰਜਾਬ ਸਰਕਾਰ ਦੇ ਮੰਤਰੀਆਂ ਅਤੇ ਅਧਿਕਾਰੀਆਂ ਨਾਲ ਅਣਗਿਣਤ ਮੀਟਿੰਗਾਂ ਕਰ ਚੁੱਕੇ ਹਨ ਪਰ ਅਜੇ ਤੱਕ ਫੂਕੇ ਲਾਰਿਆਂ ਦੇ ਸਿਵਾਏ ਉਨ੍ਹਾਂ ਦੇ ਕੁੱਝ ਪੱਲੇ ਨਹੀ ਪਿਆ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਆਪ ਸਰਕਾਰ ਆਪਣੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਚੋਣ ਵਾਅਦੇ ਤੋਂ ਮੁਨਕਰ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਸਰਕਾਰੀ ਸਕੂਲਾਂ ਵਿਚ 3670 ਐਨ. ਐਸ. ਕਿਊ. ਐਫ. ਵੋਕੇਸ਼ਨਲ ਅਧਿਆਪਕ ਆਊਟਸੋਰਸ/ਕੰਪਨੀਆਂ ਜ਼ਰੀਏ ਪਿਛਲੇ ਇਕ ਦੁਹਾਕੇ ਤੋਂ ਵੀ ਵੱਧ ਸਮੇ ਤੋਂ ਕੰਮ ਕਰ ਰਹੇ ਹਨ ਅਤੇ ਅਣਗਿਣਤ ਮੀਟਿੰਗਾਂ ਕਰਨ ਦੇ ਬਾਵਜੂਦ ਵੀ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਵਲੋਂ ਅਜੇ ਤੱਕ ਇਨ੍ਹਾਂ ਅਧਿਆਪਕਾਂ ਲਈ ਕੋਈ ਪਾਲਿਸੀ ਨਹੀਂ ਬਣਾਈ ਗਈ।

ਜਦੋਂ ਕਿ ਗੁਆਂਢੀ ਸੂਬੇ ਹਰਿਆਣਾ ਅਤੇ ਦਿੱਲੀ ਵਿਚ ਵੋਕੇਸ਼ਨਲ ਅਧਿਆਪਕ ਕਿਤੇ ਵੱਧ ਤਨਖਾਹਾਂ ਲੈ ਰਹੇ ਹਨ। ਆਗੂਆਂ ਨੇ ਕਿਹਾ ਕਿ ਜੇਕਰ ਐਨ. ਐਸ. ਕਿਊ. ਐਫ. ਅਧਿਆਪਕਾਂ ਦੀਆਂ ਮੰਗਾਂ ਦੀ ਜਲਦ ਪੂਰਤੀ ਨਾਂ ਹੋਈ ਤਾਂ ਹੋਰ ਵੀ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਰਣਜੀਤ ਸਿੰਘ ਬਰਨਾਲਾ, ਭੁਪਿੰਦਰ ਸਿੰਘ ਰੋਪੜ੍ਹ, ਰਣਜੀਤ ਸਿੰਘ ਨਵਾਂ ਸ਼ਹਿਰ, ਗੁਰਜੀਤ ਸਿੰਘ ਬਠਿੰਡਾ, ਮਹਿਤਾਬ ਸਿੰਘ ਫਿਰੋਜ਼ਪੁਰ ਅਤੇ ਮਨਪ੍ਰੀਤ ਸਿੰਘ ਮੁਕਤਸਰ ਸਾਹਿਬ ਆਦਿ ਮੌਜੂਦ ਸਨ ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ