JALANDHAR WEATHER

ਪ੍ਰਾਪਰਟੀ ਨੂੰ ਲੈ ਕੇ ਦੋ ਧਿਰਾਂ ਆਹਮੋ-ਸਾਹਮਣੇ, ਮਾਮਲਾ ਦਰਜ

 ਜਗਰਾਉੰ (ਲੁਧਿਆਣਾ), 22 ਜੂਨ (ਕੁਲਦੀਪ ਸਿੰਘ ਲੋਹਟ) - ਜਗਰਾਉੰ ਸ਼ਹਿਰ ਦੇ ਮੁਹੱਲਾ ਈਸ਼ਵਰ ਨਗਰ 'ਚ ਅੱਜ ਉਸ ਵੇਲੇ ਮਾਹੌਲ ਤਣਾਅਪੂਰਨ ਬਣ ਗਿਆ, ਜਦੋਂ ਇਕ ਪ੍ਰਾਪਰਟੀ ਨੂੰ ਲੈ ਕੇ ਦੋ ਧਿਰਾਂ ਆਹਮੋ-ਸਾਹਮਣੇ ਹੋ ਗਈਆਂ ਅਤੇ ਇਹ ਸਾਰਾ ਮਾਮਲਾ ਪੁਲਿਸ ਤੱਕ ਪਹੁੰਚ ਗਿਆ। ਘਟਨਾ ਤੋਂ ਬਾਅਦ ਮੁਹੱਲੇ ਚ ਕੁਝ ਸਮੇਂ ਲਈ ਹਲਚਲ ਅਤੇ ਚਿੰਤਾ ਦਾ ਮਾਹੌਲ ਬਣਿਆ ਰਿਹਾ। ਸੂਚਨਾ ਮਿਲਦੇ ਹੀ ਪੁਲਿਸ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਸਥਿਤੀ ਨੂੰ ਕਾਬੂ ਵਿਚ ਕੀਤਾ ਅਤੇ ਦੋਵੇਂ ਧਿਰਾਂ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮਨਪ੍ਰੀਤ ਸਿੰਘ ਪੁੱਤਰ ਪਰਮਜੀਤ ਸਿੰਘ, ਸਾਹਿਲ ਮਿੱਤਰ ਪੁੱਤਰ ਅਸ਼ੋਕ ਮਿੱਤਲ ਅਤੇ ਰੋਹਿਨ ਸਿੰਗਲਾ ਪੁੱਤਰ ਪੁਸ਼ਪਿੰਦਰ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਤਿੰਨਾਂ ਵਲੋਂ ਕੁਝ ਸਮਾਂ ਪਹਿਲਾਂ 61 ਫੁੱਟ ਫਰੰਟ ਅਤੇ 90 ਫੁੱਟ ਲੰਮੀ ਇਕ ਪ੍ਰਾਪਰਟੀ ਖ਼ਰੀਦੀ ਗਈ ਸੀ। ਉਨ੍ਹਾਂ ਕਿਹਾ ਕਿ ਇਸ ਜ਼ਮੀਨ ਦੀ ਕਾਨੂੰਨੀ ਰਜਿਸਟਰੀ ਅਤੇ ਹੋਰ ਸਾਰੇ ਦਸਤਾਵੇਜ਼ ਉਨ੍ਹਾਂ ਕੋਲ ਮੌਜੂਦ ਹਨ, ਜਿਸ ਦੇ ਆਧਾਰ ‘ਤੇ ਉਹ ਆਪਣੇ ਆਪ ਨੂੰ ਇਸ ਜਗ੍ਹਾ ਦਾ ਮਾਲਕ ਦੱਸ ਰਹੇ ਹਨ।.ਉਨ੍ਹਾਂ ਦੋਸ਼ ਲਾਇਆ ਕਿ ਉਨ੍ਹਾਂ ਦੀ ਗੈਰਮੌਜ਼ੂਦਗੀ ਦਾ ਫਾਇਦਾ ਚੁੱਕਦੇ ਹੋਏ ਕੁਝ ਲੋਕਾਂ ਵਲੋਂ ਉਕਤ ਜਗ੍ਹਾ ‘ਤੇ ਬਣੀ ਹੱਦਬੰਦੀ ਦੀ ਕੰਧ ਢਾਹ ਦਿੱਤੀ ਗਈ ਅਤੇ ਜ਼ਬਰਦਸਤੀ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਜਿਵੇਂ ਹੀ ਇਸ ਘਟਨਾ ਦੀ ਜਾਣਕਾਰੀ ਉਨ੍ਹਾਂ ਨੂੰ ਮਿਲੀ ਤਾਂ ਉਹ ਤੁਰੰਤ ਮੌਕੇ ‘ਤੇ ਪਹੁੰਚੇ, ਜਿੱਥੇ ਦੂਜੀ ਧਿਰ ਨਾਲ ਤਕਰਾਰ ਹੋ ਗਈ ਅਤੇ ਦੋਵੇਂ ਪੱਖ ਆਹਮੋ-ਸਾਹਮਣੇ ਆ ਗਏ। ਮੌਕੇ ‘ਤੇ ਹਾਲਾਤ ਤਣਾਅਪੂਰਨ ਬਣਦੇ ਦੇਖ ਇਲਾਕੇ ਦੇ ਲੋਕ ਵੀ ਇਕੱਠੇ ਹੋਣ ਲੱਗ ਪਏ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ ਦੇ ਐਸ.ਐਚ.ਓ. ਪਰਮਿੰਦਰ ਸਿੰਘ ਆਪਣੀ ਟੀਮ ਸਮੇਤ ਤੁਰੰਤ ਮੌਕੇ ‘ਤੇ ਪਹੁੰਚ ਗਏ। ਪੁਲਿਸ ਨੇ ਦੋਵਾਂ ਧਿਰਾਂ ਨੂੰ ਸ਼ਾਂਤ ਕਰਵਾਇਆ ਅਤੇ ਕਿਸੇ ਵੀ ਅਣਚਾਹੀ ਘਟਨਾ ਨੂੰ ਵਾਪਰਨ ਤੋਂ ਰੋਕਿਆ। ਇਸ ਤੋਂ ਬਾਅਦ ਦੋਵੇਂ ਧਿਰਾਂ ਦੇ ਬਿਆਨ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ। ਇਸ ਸੰਬੰਧੀ ਥਾਣਾ ਸਿਟੀ ਦੇ ਐਸ.ਐਚ.ਓ. ਇੰਸਪੈਕਟਰ ਪਰਮਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨੂੰ ਧਿਆਨ ਵਿਚ ਰੱਖਦਿਆਂ ਪੁਨੀਤ ਅਤੇ ਇਕ ਹੋਰ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਸਾਰੇ ਦਸਤਾਵੇਜ਼ਾਂ ਅਤੇ ਤੱਥਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਤੋਂ ਬਾਅਦ ਕਾਨੂੰਨ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ। ਇਸ ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ ਵਿਚ ਚਰਚਾ ਦਾ ਮਾਹੌਲ ਹੈ। ਸਥਾਨਕ ਨਿਵਾਸੀਆਂ ਦਾ ਕਹਿਣਾ ਹੈ ਕਿ ਪ੍ਰਾਪਰਟੀ ਸੰਬੰਧੀ ਵਿਵਾਦਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਅਜਿਹੇ ਮਾਮਲਿਆਂ ਨੂੰ ਸਮੇਂ ਸਿਰ ਸੁਲਝਾਉਣ ਲਈ ਪ੍ਰਸ਼ਾਸਨ ਵਲੋਂ ਹੋਰ ਸਖ਼ਤ ਕਦਮ ਚੁੱਕੇ ਜਾਣ ਦੀ ਲੋੜ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ