JALANDHAR WEATHER

ਸ਼ੰਭੂ ਰੇਲ ਪਟੜੀ ਧਮਾਕਾ ਮਾਮਲਾ: ਐਨ.ਆਈ.ਏ. ਰਿਮਾਂਡ ਖਤਮ ਹੋਣ ਮਗਰੋਂ 5 ਮੁਲਜ਼ਮ ਨਿਆਇਕ ਹਿਰਾਸਤ 'ਚ ਭੇਜੇ

ਐੱਸ.ਏ.ਐੱਸ. ਨਗਰ, 23 ਜੂਨ (ਕਪਿਲ ਵਧਵਾ)- ਸ਼ੰਭੂ ਰੇਲਵੇ ਪਟੜੀ ਧਮਾਕਾ ਮਾਮਲੇ ਵਿਚ ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਵਲੋਂ ਗ੍ਰਿਫ਼ਤਾਰ ਕੀਤੇ ਗਏ ਪੰਜ ਮੁਲਜ਼ਮਾਂ ਨੂੰ ਅੱਠ ਦਿਨਾਂ ਦੇ ਰਿਮਾਂਡ ਦੀ ਮਿਆਦ ਪੂਰੀ ਹੋਣ ਉਪਰੰਤ ਅਦਾਲਤ ਵਿਚ ਪੇਸ਼ ਕੀਤਾ ਗਿਆ। ਇਨ੍ਹਾਂ ਮੁਲਜ਼ਮਾਂ ਵਿਚ ਬਾਬਾ ਗੁਰਜਿੰਦਰ ਸਿੰਘ ਉਰਫ਼ ਬੇਅੰਤ ਬਾਬਾ, ਸਤਨਾਮ ਸਿੰਘ ਉਰਫ਼ ਸੱਤਾ, ਪ੍ਰਦੀਪ ਸਿੰਘ ਖਾਲਸਾ, ਕੁਲਵਿੰਦਰ ਸਿੰਘ ਉਰਫ਼ ਬੱਗਾ ਅਤੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਸ਼ਾਮਲ ਹਨ। ਜਿੱਥੋਂ ਉਨ੍ਹਾਂ ਨੂੰ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁਲਜ਼ਮਾਂ ਦੇ ਵਕੀਲ ਜਗਦੀਪ ਸਿੰਘ ਨੇ ਦੱਸਿਆ ਕਿ ਐਨ.ਆਈ.ਏ. ਵਲੋਂ ਪੰਜਾਂ ਮੁਲਜ਼ਮਾਂ ਨੂੰ ਰਿਮਾਂਡ ਦੌਰਾਨ ਪੁੱਛਗਿੱਛ ਲਈ ਆਪਣੇ ਕਬਜ਼ੇ ਵਿਚ ਰੱਖਿਆ ਗਿਆ ਸੀ। ਰਿਮਾਂਡ ਦੀ ਮਿਆਦ ਸਮਾਪਤ ਹੋਣ ਮਗਰੋਂ ਉਨ੍ਹਾਂ ਨੂੰ ਮੁੜ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਨ੍ਹਾਂ ਨੂੰ ਨਿਆਇਕ ਹਿਰਾਸਤ ਵਿਚ ਭੇਜਣ ਦੇ ਹੁਕਮ ਜਾਰੀ ਕੀਤੇ। ਵਕੀਲ ਜਗਦੀਪ ਸਿੰਘ ਨੇ ਕਿਹਾ ਕਿ ਜਾਂਚ ਏਜੰਸੀ ਵਲੋਂ ਅਦਾਲਤ ਵਿਚ ਹੋਰ ਰਿਮਾਂਡ ਦੀ ਮੰਗ ਨਹੀਂ ਕੀਤੀ ਗਈ।

ਇਸ ਤੋਂ ਬਾਅਦ ਅਦਾਲਤ ਨੇ ਪੰਜਾਂ ਮੁਲਜ਼ਮਾਂ ਨੂੰ ਜੇਲ੍ਹ ਭੇਜਣ ਦੇ ਹੁਕਮ ਦਿੱਤੇ। ਉਨ੍ਹਾਂ ਕਿਹਾ ਕਿ ਮਾਮਲੇ ਦੀ ਅਗਲੀ ਸੁਣਵਾਈ ਦੌਰਾਨ ਬਚਾਅ ਪੱਖ ਵਲੋਂ ਕਾਨੂੰਨੀ ਕਾਰਵਾਈ ਅਨੁਸਾਰ ਆਪਣਾ ਪੱਖ ਪੇਸ਼ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਸ਼ੰਭੂ ਰੇਲਵੇ ਪਟੜੀ ਧਮਾਕਾ ਮਾਮਲਾ ਕਾਫ਼ੀ ਚਰਚਾ ਵਿਚ ਰਿਹਾ ਹੈ ਅਤੇ ਇਸ ਦੀ ਜਾਂਚ ਐਨ.ਆਈ.ਏ. ਵਲੋਂ ਕੀਤੀ ਜਾ ਰਹੀ ਹੈ। ਜਾਂਚ ਏਜੰਸੀ ਵਲੋਂ ਮਾਮਲੇ ਨਾਲ ਜੁੜੇ ਵੱਖ-ਵੱਖ ਪੱਖਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ