JALANDHAR WEATHER

ਗੁਰੂਹਰਸਹਾਏ ਨਗਰ ਕੌਂਸਲ ਚੋਣਾਂ: ਦੂਜੇ ਦਿਨ ਵੀ ਨਾਮਜ਼ਦਗੀ ਕੇਂਦਰ ਰਿਹਾ ਸੁੰਨਾ, ਉਮੀਦਵਾਰਾਂ ਦੀ ਉਡੀਕ ਜਾਰੀ

ਗੁਰੂਹਰਸਹਾਏ, 23 ਜੂਨ (ਕਪਿਲ ਕੰਧਾਰੀ)- ਗੁਰੂਹਰਸਹਾਏ ਨਗਰ ਕੌਂਸਲ ਦੀਆਂ 15 ਵਾਰਡਾਂ ਲਈ 5 ਜੁਲਾਈ ਨੂੰ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਜਾਰੀ ਹੈ, ਪਰ ਦੂਜੇ ਦਿਨ ਵੀ ਕਿਸੇ ਵੀ ਰਾਜਨੀਤਿਕ ਪਾਰਟੀ ਜਾਂ ਆਜ਼ਾਦ ਉਮੀਦਵਾਰ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕੀਤਾ ਗਿਆ। ਇਸ ਕਾਰਨ ਨਾਮਜ਼ਦਗੀ ਕੇਂਦਰ 'ਤੇ ਸਾਰਾ ਦਿਨ ਸੁੰਨਸਾਨ ਮਾਹੌਲ ਬਣਿਆ ਰਿਹਾ। ਐਸ.ਡੀ.ਐਮ.-ਕਮ-ਰਿਟਰਨਿੰਗ ਅਫ਼ਸਰ ਹਰਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੋਣ ਕਮਿਸ਼ਨ ਵਲੋਂ ਜਾਰੀ ਕਾਰਜਕ੍ਰਮ ਅਨੁਸਾਰ ਨਾਮਜ਼ਦਗੀ ਪੱਤਰ ਪ੍ਰਾਪਤ ਕਰਨ ਦੀ ਪ੍ਰਕਿਰਿਆ ਨਿਯਮਤ ਤੌਰ 'ਤੇ ਚੱਲ ਰਹੀ ਹੈ।

ਹਾਲਾਂਕਿ ਦੂਜੇ ਦਿਨ ਵੀ ਕੋਈ ਉਮੀਦਵਾਰ ਨਾਮਜ਼ਦਗੀ ਦਾਖ਼ਲ ਕਰਵਾਉਣ ਲਈ ਨਹੀਂ ਪੁੱਜਿਆ। ਉਨ੍ਹਾਂ ਦੱਸਿਆ ਕਿ ਉਮੀਦਵਾਰ 25 ਜੂਨ ਤੱਕ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਆਪਣੇ ਨਾਮਜ਼ਦਗੀ ਪੱਤਰ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਵਿਚ ਜਮ੍ਹਾਂ ਕਰਵਾ ਸਕਦੇ ਹਨ। ਨਾਮਜ਼ਦਗੀ ਦਾਖ਼ਲ ਕਰਨ ਦੀ ਆਖਰੀ ਮਿਤੀ 25 ਜੂਨ ਦੁਪਹਿਰ 3 ਵਜੇ ਨਿਰਧਾਰਿਤ ਕੀਤੀ ਗਈ ਹੈ। ਰਿਟਰਨਿੰਗ ਅਫ਼ਸਰ ਨੇ ਅੱਗੇ ਦੱਸਿਆ ਕਿ 26 ਜੂਨ ਨੂੰ ਦਾਖ਼ਲ ਕੀਤੇ ਗਏ ਨਾਮਜ਼ਦਗੀ ਪੱਤਰਾਂ ਦੀ ਜਾਂਚ (ਸਕਰੂਟਨੀ) ਕੀਤੀ ਜਾਵੇਗੀ, ਜਦਕਿ 27 ਜੂਨ ਤੱਕ ਉਮੀਦਵਾਰ ਆਪਣੇ ਨਾਮ ਵਾਪਸ ਲੈ ਸਕਣਗੇ। ਇਸ ਤੋਂ ਬਾਅਦ ਚੋਣ ਮੈਦਾਨ ਵਿਚ ਰਹਿਣ ਵਾਲੇ ਉਮੀਦਵਾਰਾਂ ਦੀ ਅੰਤਿਮ ਸੂਚੀ ਜਾਰੀ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਸੁਚੱਜੇ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰਸ਼ਾਸਨ ਵਲੋਂ ਸਾਰੇ ਲੋੜੀਂਦੇ ਪ੍ਰਬੰਧ ਕਰ ਲਏ ਗਏ ਹਨ। ਵੋਟਿੰਗ 5 ਜੁਲਾਈ ਨੂੰ ਈ.ਵੀ.ਐਮ. ਮਸ਼ੀਨਾਂ ਰਾਹੀਂ ਕਰਵਾਈ ਜਾਵੇਗੀ ਅਤੇ ਨਤੀਜੇ ਵੀ ਉਸੇ ਦਿਨ ਐਲਾਨੇ ਜਾਣਗੇ। ਗੌਰਤਲਬ ਹੈ ਕਿ ਨਾਮਜ਼ਦਗੀ ਪ੍ਰਕਿਰਿਆ ਦੇ ਦੋ ਦਿਨ ਬੀਤ ਜਾਣ ਦੇ ਬਾਵਜੂਦ ਹਾਲੇ ਤੱਕ ਕਿਸੇ ਵੀ ਪ੍ਰਮੁੱਖ ਰਾਜਨੀਤਿਕ ਪਾਰਟੀ ਵਲੋਂ ਆਪਣੇ ਉਮੀਦਵਾਰਾਂ ਦੀ ਅਧਿਕਾਰਿਕ ਸੂਚੀ ਜਾਰੀ ਨਹੀਂ ਕੀਤੀ ਗਈ। ਸਿਆਸੀ ਹਲਕਿਆਂ ਵਿਚ ਚਰਚਾ ਹੈ ਕਿ ਪਾਰਟੀਆਂ ਆਖਰੀ ਦਿਨਾਂ ਵਿਚ ਆਪਣੇ ਉਮੀਦਵਾਰਾਂ ਦੇ ਨਾਂਅ ਐਲਾਨ ਸਕਦੀਆਂ ਹਨ, ਜਿਸ ਕਾਰਨ ਚੋਣੀ ਸਰਗਰਮੀਆਂ ਵਿਚ ਅਚਾਨਕ ਤੇਜ਼ੀ ਆ ਸਕਦੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ