ਸ੍ਰੀ ਮੁਕਤਸਰ ਸਾਹਿਬ ਵਿਖੇ ਸਿੱਖਿਆ ਮੰਤਰੀ ਅਤੇ ਮਨੀਸ਼ ਸਿਸੋਦੀਆ ਵਲੋਂ 1050 ਤੋਂ ਵੱਧ ਹੋਣਹਾਰ ਵਿਦਿਆਰਥੀਆਂ ਦਾ ਕੀਤਾ ਗਿਆ ਸਨਮਾਨ
ਸ੍ਰੀ ਮੁਕਤਸਰ ਸਾਹਿਬ, 23 ਜੂਨ (ਰਣਜੀਤ ਸਿੰਘ ਢਿੱਲੋਂ)- ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਅਕਾਦਮਿਕ ਉੱਤਮਤਾ ਦੇ ਇਤਿਹਾਸਕ ਤੇ ਮਾਣਮੱਤੇ ਜਸ਼ਨ ਵਿਚ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਮ ਆਦਮੀ ਪਾਰਟੀ ਪੰਜਾਬ ਮਾਮਲਿਆਂ ਦੇ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਦੇ ਨਾਲ ਅੱਜ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿੱਚ 85 ਪ੍ਰਤੀਸ਼ਤ ਜਾਂ ਇਸ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ 1050 ਤੋਂ ਵੱਧ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ।
ਇਥੇ ’ਬ੍ਰਾਈਟ ਮਾਈਂਡਜ਼ ਪੰਜਾਬ 2026’ ਪ੍ਰੋਗਰਾਮ ਤਹਿਤ ਕਰਵਾਏ ਗਏ। ਇਸ ਸਮਾਰੋਹ ਦੌਰਾਨ ਬੋਲਦਿਆਂ ਸ. ਬੈਂਸ ਨੇ ਕਿਹਾ ਕਿ ਸਿੱਖਿਆ ਸਾਰੀਆਂ ਸਮਾਜਿਕ ਚੁਣੌਤੀਆਂ ਦਾ ਸਭ ਤੋਂ ਢੁਕਵਾਂ ਇਲਾਜ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੀ ਸਿੱਖਿਆ ਨੂੰ ਤਰਜੀਹ ਦੇਣ ਤਾਂ ਜੋ ਉਹ ਪੇਸ਼ੇਵਰ ਬੁਲੰਦੀਆਂ ਨੂੰ ਛੋਹ ਕੇ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰ ਸਕਣ। ਇਕੱਠ ਨੂੰ ਸੰਬੋਧਨ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਨਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਐਕਟ ਵਿੱਚ ਸੋਧ ਕਰਨ ਲਈ ਇਕ ਆਰਡੀਨੈਂਸ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਤਹਿਤ ਫੀਸਾਂ ਅਤੇ ਫੰਡਾਂ ਵਿਚ ਸਾਲਾਨਾ ਵਾਧਾ ਵੱਧ ਤੋਂ ਵੱਧ 5 ਪ੍ਰਤੀਸ਼ਤ ਤੱਕ ਸੀਮਤ ਕੀਤਾ ਗਿਆ ਹੈ। ਆਰਡੀਨੈਂਸ ਪ੍ਰਵਾਨਗੀ ਲਈ ਪੰਜਾਬ ਦੇ ਰਾਜਪਾਲ ਨੂੰ ਭੇਜਿਆ ਗਿਆ ਹੈ।
ਸਰਕਾਰ ਨੇ ਪਿਛਲੇ ਤਿੰਨ ਸਾਲਾਂ ਦੌਰਾਨ ਫੀਸਾਂ ਵਿੱਚ ‘ਗੈਰ-ਵਾਜਬ’ ਵਾਧਾ ਕਰਨ ਵਾਲੇ ਸਕੂਲਾਂ ਵਿਰੁੱਧ ਕਾਰਵਾਈ ਕਰਨ ਦਾ ਵੀ ਫੈਸਲਾ ਕੀਤਾ ਹੈ। ਇਕੱਠੀ ਕੀਤੀ ਗਈ ਵਾਧੂ ਰਕਮ ਮਾਪਿਆਂ ਨੂੰ ਵਾਪਸ ਕੀਤੀ ਜਾਵੇਗੀ। ਮਿਆਰੀ ਸਿੱਖਿਆ ਪ੍ਰਤੀ ਪੰਜਾਬ ਸਰਕਾਰ ਦੀ ਅਡੋਲ ਵਚਨਬੱਧਤਾ ਦੁਹਰਾਉਂਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਸਕੂਲ ਸਿੱਖਿਆ ਵਿਚ ਕੇਰਲਾ ਨੂੰ ਪਛਾੜ ਕੇ ਪੰਜਾਬ ਹੁਣ ਭਾਰਤ ਦੇ ਸਿੱਖਿਆ ਸੂਚਕਾਂਕ ਵਿੱਚ ਸਿਖਰਲੇ ਸਥਾਨ ’ਤੇ ਪਹੁੰਚ ਗਿਆ ਹੈ। ਨੀਤੀ ਆਯੋਗ ਦੀ 2026 ਦੀ ਰਿਪੋਰਟ ਅਤੇ ਕੇਂਦਰ ਦੀ ਪੀਜੀਆਈ 2.0 ਦਰਜਾਬੰਦੀ ਨਾਲ ਸੂਬੇ ਦੇ ਸਕੂਲਾਂ ਨੂੰ ਦੇਸ਼ ਭਰ ਵਿੱਚ ਪਹਿਲਾ ਸਥਾਨ ਪ੍ਰਾਪਤ ਹੋਇਆ ਹੈ।
ਉਨ੍ਹਾਂ ਅੱਗੇ ਕਿਹਾ ਕਿ ਪਾਰਦਰਸ਼ਤਾ ਵਧਾਉਣ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪ੍ਰੀਖਿਆ ਉੱਤਰ ਪੱਤਰੀਆਂ ਹੁਣ ਆਨਲਾਈਨ ਉਪਲਬਧ ਕਰਵਾਈਆਂ ਜਾਣਗੀਆਂ, ਜਿਸ ਨਾਲ ਪ੍ਰੀਖਿਆ ਪ੍ਰਣਾਲੀ ਵਿੱਚ ਵਿਸ਼ਵਾਸ ਅਤੇ ਨਿਰਪੱਖਤਾ ਨੂੰ ਮਜ਼ਬੂਤੀ ਮਿਲੇਗੀ। ਸ੍ਰੀ ਮਨੀਸ਼ ਸਿਸੋਦੀਆ ਨੇ ਸਮਾਗਮ ਦੌਰਾਨ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਖੁੱਲ੍ਹੀ, ਰਚਨਾਤਮਕ ਗੱਲਬਾਤ ਕੀਤੀ। ਉਨ੍ਹਾਂ ਨੇ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ ਅਤੇ ਜ਼ੋਰ ਦਿੱਤਾ ਕਿ ਮਿਆਰੀ ਤੇ ਅਜੋਕੀ ਸਿੱਖਿਆ ਤੱਕ ਪਹੁੰਚ ਹਰ ਬੱਚੇ ਦਾ ਮੌਲਿਕ ਅਧਿਕਾਰ ਹੈ। ਕਿਸੇ ਦੇਸ਼ ਦੀ ਤਰੱਕੀ ਅੰਦਰੂਨੀ ਤੌਰ ’ਤੇ ਇਸਦੀ ਸਿੱਖਿਆ ਪ੍ਰਣਾਲੀ ਦੀ ਮਜ਼ਬੂਤੀ ਨਾਲ ਜੁੜੀ ਹੁੰਦੀ ਹੈ।ਇਸ ਸਮਾਗਮ ਵਿੱਚ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਤੋਂ ਇਲਾਵਾ ਹੋਰ ਪ੍ਰਸ਼ਾਸਨਿਕ ਅਤੇ ਸਿੱਖਿਆ ਅਧਿਕਾਰੀ ਹਾਜ਼ਰ ਸਨ।
;
;
;
;
;
;
;
;