JALANDHAR WEATHER

ਮੁੱਖ ਮੰਤਰੀ ਵਲੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ


ਬਠਿੰਡਾ, 24 ਜੂਨ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੀਆਂ ਪੰਚਾਇਤਾਂ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਪਿੰਡਾਂ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਦੇਣ ਲਈ ਵੱਡਾ ਐਲਾਨ ਕਰਦਿਆਂ ਕਿਹਾ ਹੈ ਕਿ 15 ਅਗਸਤ ਤੋਂ ਪੰਜਾਬ ਦੇ ਸਾਰੇ ਸਰਪੰਚਾਂ ਨੂੰ 10,000 ਰੁਪਏ ਪ੍ਰਤੀ ਮਹੀਨਾ ਮਾਣਭੱਤਾ ਦਿੱਤਾ ਜਾਵੇਗਾ। ਮੌਜੂਦਾ ਸਮੇਂ ਮਿਲ ਰਹੇ 2,000 ਰੁਪਏ ਮਾਣਭੱਤੇ ਵਿਚ ਪੰਜ ਗੁਣਾ ਵਾਧਾ ਕਰਦਿਆਂ ਉਨ੍ਹਾਂ ਕਿਹਾ ਕਿ ਸਰਪੰਚ ਪਿੰਡਾਂ ਦੇ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਦਿਨ-ਰਾਤ ਕੰਮ ਕਰਦੇ ਹਨ, ਇਸ ਲਈ ਉਹ ਅਣਮੁੱਲੇ ਮਾਣ-ਸਤਿਕਾਰ ਦੇ ਹੱਕਦਾਰ ਹਨ। ਬਠਿੰਡਾ ਵਿਖੇ ਕਰਵਾਈ ਗਈ ‘ਸਰਪੰਚ ਮਿਲਣੀ’ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸਰਪੰਚਾਂ ਨੂੰ ਅਗਸਤ ਮਹੀਨੇ ਤੋਂ 10,000 ਰੁਪਏ ਪ੍ਰਤੀ ਮਹੀਨਾ ਮਾਣਭੱਤਾ ਮਿਲੇਗਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਰਪੰਚਾਂ ਨੂੰ 1200 ਰੁਪਏ ਮਾਣਭੱਤਾ ਦੇਣ ਦਾ ਵਾਅਦਾ ਕੀਤਾ ਸੀ, ਪਰ ਇਹ ਵਾਅਦਾ ਕਦੇ ਪੂਰਾ ਨਹੀਂ ਹੋਇਆ ਅਤੇ ਉਨ੍ਹਾਂ ਨੂੰ ਇਸ ਲਈ ਦਰ-ਦਰ ਦੀਆਂ ਠੋਕਰਾਂ ਖਾਣੀਆਂ ਪਈਆਂ। ਸਾਡੀ ਸਰਕਾਰ ਨੇ ਸਰਪੰਚਾਂ ਲਈ 2000 ਰੁਪਏ ਦਾ ਮਾਣਭੱਤਾ ਯਕੀਨੀ ਬਣਾਇਆ ਸੀ, ਜਿਸ ਨੂੰ ਹੁਣ ਵਧਾ ਕੇ 10000 ਰੁਪਏ ਪ੍ਰਤੀ ਮਹੀਨਾ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਪੰਚਾਇਤਾਂ ਨੂੰ ਲੋਕਤੰਤਰ ਦੀ ਨੀਂਹ ਵਜੋਂ ਜਾਣਿਆਂ ਜਾਂਦਾ ਹੈ, ਕਿਉਂਕਿ ਉਨ੍ਹਾਂ ਕੋਲ ਅਥਾਹ ਤਾਕਤ ਹੁੰਦੀ ਹੈ, ਉਨ੍ਹਾਂ ਦੇ ਫ਼ੈਸਲਿਆਂ ਦਾ ਪੂਰੇ ਪਿੰਡ ਵਲੋਂ ਪਾਲਣ ਕੀਤਾ ਜਾਂਦਾ ਹੈ। ਇਸ ਕਰਕੇ ਪਿੰਡ ਵਾਸੀਆਂ ਦੇ ਹਿਤਾਂ ਦੀ ਰਾਖੀ ਕਰਨਾ ਅਤੇ ਉਨ੍ਹਾਂ ਦੀਆਂ ਉਮੀਦਾਂ ਨੂੰ ਪੂਰਾ ਕਰਨਾ ਸਰਪੰਚਾਂ ਦਾ ਮੁਢਲਾ ਫ਼ਰਜ਼ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮੈ ਸਾਰੇ ਸਰਪੰਚਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਆਪਣੇ-ਆਪ ਨੂੰ ਵਿਕਾਸ ਕਾਰਜਾਂ ਲਈ ਮੁੜ ਸਮਰਪਿਤ ਕਰਨ ਤਾਂ ਜੋ ਲੋਕਾਂ ਨੂੰ ਇਨ੍ਹਾਂ ਦਾ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਉਨ੍ਹਾਂ ਕਾਰਜਾਂ ਲਈ ਗ੍ਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਫ਼ੰਡਾਂ ਦੀ ਵਰਤੋਂ ਪੂਰੀ ਪਾਰਦਰਸ਼ਤਾ ਨਾਲ ਹੋਣੀ ਚਾਹੀਦੀ ਹੈ। ਟੈਕਸਦਾਤਾਵਾਂ ਦੇ ਇਕ-ਇਕ ਪੈਸੇ ਦੀ ਸਹੀ ਵਰਤੋਂ ਯਕੀਨੀ ਬਣਾਉਣਾ ਹਰ ਸਰਪੰਚ ਦਾ ਨੈਤਿਕ ਫ਼ਰਜ਼ ਹੈ। ਸਰਪੰਚਾਂ ਨੂੰ ਸਪੱਸ਼ਟ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਵਿਕਾਸ ਕਾਰਜਾਂ ਵਿਚ ਕਿਸੇ ਵੀ ਤਰ੍ਹਾਂ ਦੀ ਨਾਜਾਇਜ਼ ਦਖ਼ਲ-ਅੰਦਾਜ਼ੀ ਤੋਂ ਦੂਰ ਰਹਿਣ ਤਾਂ ਜੋ ਪਿੰਡਾਂ ਦਾ ਸਰਬਪੱਖੀ ਵਿਕਾਸ ਸੰਭਵ ਹੋ ਸਕੇ, ਕਿਉਂਕਿ ਲੋਕਤੰਤਰ ਵਿਚ ਬਹੁਮਤ ਨਾਲ ਚੁਣਿਆ ਸਰਪੰਚ ਪੂਰੇ ਪਿੰਡ ਦਾ ਹੁੰਦਾ ਹੈ। ਮੁੱਖ ਮੰਤਰੀ ਮਾਨ ਨੇ ਸਰਪੰਚਾਂ ਨੂੰ ਨਸ਼ਾ ਮੁਕਤੀ ਮੁਹਿੰਮ ਵਿਚ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਮਾਰ ਤੋਂ ਬਚਾਉਣ ਲਈ ਪਿੰਡ ਪੱਧਰ ’ਤੇ ਯਤਨ ਤੇਜ਼ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਨੂੰ ਸਾਫ਼-ਸੁਥਰਾ, ਹਰਾ-ਭਰਾ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਵੀ ਸਰਪੰਚਾਂ ਨੂੰ ਅਗਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਵਿਕਾਸ ਕਾਰਜਾਂ ਲਈ ਪੂਰਾ ਸਹਿਯੋਗ ਦਿੱਤਾ ਜਾਵੇਗਾ ਅਤੇ ਕਿਸੇ ਵੀ ਪ੍ਰੋਜੈਕਟ ਲਈ ਫ਼ੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ